ਸਰਕਾਰਾਂ, ਕਾਰਪੋਰੇਟ ਅਤੇ ਮਜ਼ਦੂਰ ਵਰਗ - ਡਾ. ਕੇਸਰ ਸਿੰਘ ਭੰਗੂ

ਦੁਨੀਆਂ ਭਰ ਵਿੱਚ ਕਾਰਪੋਰੇਟ ਘਰਾਣਿਆਂ/ ਪੂੰਜੀਪਤੀਆਂ ਅਤੇ ਸਰਕਾਰਾਂ ਦੀ ਮਿਲੀਭੁਗਤ ਕਾਰਨ ਸਦੀਆਂ ਤੋਂ ਮਜ਼ਦੂਰਾਂ ਅਤੇ ਕਰਮਚਾਰੀਆਂ ਦਾ ਵੱਡੇ ਪੱਧਰ ਤੇ ਸ਼ੋਸ਼ਣ ਹੁੰਦਾ ਆਇਆ ਹੈ। ਇਸ ਸ਼ੋਸ਼ਣ ਤੋਂ ਨਿਜਾਤ ਪਾਉਣ ਲਈ ਦੁਨੀਆਂ ਭਰ ਦੇ ਕਿਰਤੀਆਂ ਅਤੇ ਮਿਹਨਤਕਸ਼ ਲੋਕਾਂ ਨੇ ਪਿਛਲੀ ਸਦੀ ਦੇ ਸ਼ੁਰੂ ਦੇ ਸਾਲਾਂ ਵਿਚ ਸੰਗਠਤ ਹੋ ਕੇ ਤਿੱਖੇ ਅਤੇ ਵੱਡੇ ਸੰਘਰਸ਼ ਕਰਕੇ ਆਪਣੀ ਸਮਾਜਿਕ ਅਤੇ ਆਰਥਿਕ ਸੁਰੱਖਿਆ ਲਈ ਬਹੁਤ ਸਾਰੇ ਕਾਨੂੰਨ ਅਤੇ ਕਿਰਤ ਕਾਨੂੰਨ ਬਣਾਉਣ ਤੇ ਲਾਗੂ ਕਰਵਾਉਣ ਵਿਚ ਸਫਲਤਾ ਹਾਸਲ ਕੀਤੀ ਸੀ। ਇਸ ਨਾਲ ਦੁਨੀਆਂ ਭਰ ਵਿਚ ਕਿਰਤ ਮਿਆਰਾਂ ਵਿਚ ਇਕਸਾਰਤਾ ਲਿਆਉਣ ਲਈ ਅਤੇ ਕਾਮਿਆਂ ਦੀ ਲੁੱਟ-ਖਸੁੱਟ ਅਤੇ ਸ਼ੋਸ਼ਣ ਬੰਦ ਕਰਵਾਉਣ ਦੇ ਮਕਸਦ ਨਾਲ 1919 ਵਿਚ ਅੰਤਰ-ਰਾਸ਼ਟਰੀ ਮਜ਼ਦੂਰ ਸੰਗਠਨ ਦੀ ਹੋਂਦ ਸਭ ਤੋਂ ਵਧ ਜ਼ਿਕਰਯੋਗ ਘਟਨਾ ਹੈ ਅਤੇ ਇਹ ਮਜ਼ਦੂਰਾਂ ਸਬੰਧੀ ਕਾਨੂੰਨਾਂ ਅਤੇ ਮਸਲਿਆਂ ਦੇ ਨਬੇੜੇ ਲਈ ਮੀਲ ਪੱਧਰ ਸਾਬਤ ਹੋਈ ਹੈ। ਇਸੇ ਹੀ ਮਕਸਦ ਨਾਲ ਭਾਰਤ ਵਿਚ ਵੀ ਮਜ਼ਦੂਰੀ ਦੀਆਂ ਦਰਾਂ ਲਈ, ਮਜ਼ਦੂਰਾਂ ਦੀ ਸਿਹਤ ਤੇ ਸੁਰੱਖਿਆ ਲਈ, ਮਜ਼ਦੂਰਾਂ ਦੇ ਕਲਿਆਣ ਲਈ, ਮਜ਼ਦੂਰ ਯੂਨੀਅਨਾਂ ਲਈ, ਸਨਅਤੀ ਝਗੜੇ ਸੁਲਝਾਉਣ, ਰੁਜ਼ਗਾਰ ਦੀ ਸੁਰੱਖਿਆ ਅਤੇ ਮਜ਼ਦੂਰਾਂ ਅਤੇ ਕਰਮਚਾਰੀਆਂ ਦੇ ਹੋਰ ਮਸਲਿਆ ਸਬੰਧੀ ਅਨੇਕਾ ਕਾਨੂੰਨ ਬਣੇ ਅਤੇ ਲਾਗੂ ਕੀਤੇ ਗਏ। ਇਥੇ ਇਹ ਵਰਨਣ ਕਰਨਾ ਉਚਿਤ ਹੋਵੇਗਾ ਕਿ ਮਜ਼ਦੂਰਾਂ ਸਬੰਧੀ ਲਾਗੂ ਕੀਤੇ ਗਏ ਕਾਨੂੰਨਾਂ ਨੇ ਬਿਨਾਂ ਸ਼ੱਕ ਮਜ਼ਦੂਰ ਜਮਾਤ ਨੂੰ ਲੋੜੀਂਦੀ ਰਾਹਤ ਅਤੇ ਸੁਰੱਖਿਆ ਮੁਹੱਈਆ ਕਰਵਾਈ ਹੈ। ਇਨ੍ਹਾਂ ਕਾਨੂੰਨਾਂ ਵਿਚ ਲੋੜ ਅਨੁਸਾਰ ਸਮੇਂ-ਸਮੇਂ ’ਤੇ ਤਬਦੀਲੀਆਂ ਵੀ ਕੀਤੀਆਂ ਜਾਂਦੀਆਂ ਰਹੀਆਂ ਹਨ।
ਸੰਸਾਰ ਪੱਧਰ ’ਤੇ ਉਦਾਰਵਾਦੀ ਨੀਤੀਆਂ ਲਾਗੂ ਹੋਣ ਤੋਂ ਬਾਅਦ ਅੰਤਰ-ਰਾਸ਼ਟਰੀ ਸੰਸਥਾਵਾ ਜਿਵੇਂ ਵਿਸ਼ਵ ਬੈਂਕ, ਅੰਤਰਰਾਸ਼ਟਰੀ ਮੁਦਰਾ ਕੋਸ਼ ਅਤੇ ਸਾਮਰਾਜੀ ਤੇ ਪੂੰਜੀਪਤੀ ਸ਼ਕਤੀਆਂ ਨੇ ਸਮੇਂ ਸਮੇਂ ਦੀਆਂ ਸਰਕਾਰਾਂ ’ਤੇ ਨਿਵੇਸ਼ ਵਧਾਉਣ ਅਤੇ ਆਰਥਿਕ ਤਰੱਕੀ ਦੀ ਦਰ ਉੱਚੀ ਕਰਨ ਦੇ ਬਹਾਨੇ ਇਹ ਦਬਾਅ ਬਣਾਇਆ ਕਿ ਮੌਜੂਦਾ ਮਜ਼ਦੂਰਾਂ ਸਬੰਧੀ ਕਾਨੂੰਨਾਂ ਵਿਚ ਕਾਰਪੋਰੇਟ ਘਰਾਣਿਆਂ ਸਰਮਾਏਦਾਰਾਂ ਅਤੇ ਪੂੰਜੀਪਤੀਆਂ ਦੇ ਪੱਖ ਵਿਚ ਤਬਦੀਲੀਆਂ ਕੀਤੀਆਂ ਜਾਣ। ਦੁਨੀਆਂ ਭਰ ਵਿੱਚ ਸਰਕਾਰਾਂ ਨੇ ਕਾਰਪੋਰੇਟ ਘਰਾਣਿਆਂ ਅਤੇ ਪੂੰਜੀਪਤੀਆਂ ਨਾਲ ਗੰਢਤੁੱਪ ਕਰਕੇ ਯੋਜਨਾਬੱਧ ਤਰੀਕੇ ਨਾਲ ਕਿਰਤ ਕਾਨੂੰਨਾਂ ਨੂੰ ਮਜ਼ਦੂਰਾਂ ਦੇ ਵਿਰੁੱਧ ਨਰਮ ਕੀਤਾ ਜਾਂ ਖਤਮ ਕੀਤਾ ਹੈ। ਭਾਰਤ ਵਿੱਚ ਵੀ 1980ਵਿਆਂ ਤੋਂ ਬਾਅਦ ਕਾਰਪੋਰੇਟ ਸਨਅਤਕਾਰਾਂ ਅਤੇ ਸਰਮਾਏਦਾਰਾਂ ਅਤੇ ਵੱਖ-ਵੱਖ ਕੇਂਦਰ ਸਰਕਾਰਾਂ ਦੀ ਯੋਜਨਾਬੱਧ ਮਿਲੀਭੁਗਤ ਨਾਲ ਮਜ਼ਦੂਰਾਂ ਦੇ ਹੱਕਾਂ ਅਤੇ ਅਧਿਕਾਰਾਂ ਦੇ ਖਿਲਾਫ ਮਜ਼ਦੂਰਾਂ ਸਬੰਧੀ ਕਾਨੂੰਨਾਂ ਵਿਚ ਸੋਧਾਂ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਸਨ ਅਤੇ ਅੱਜ ਉਹ ਆਪਣੇ ਇਸ ਮਕਸਦ ਵਿਚ ਸਫਲ ਹੋਏ ਹਨ। ਇਸੇ ਸੰਦਰਭ ਵਿਚ ਅਟਲ ਬਿਹਾਰੀ ਬਾਜਪਾਈ ਦੀ ਸਰਕਾਰ ਨੇ ਦੂਜੇ ਕਿਰਤ ਕਮਿਸ਼ਨ ਦਾ 1999 ਵਿਚ ਗਠਨ ਕੀਤਾ ਸੀ। ਇਸ ਕਮਿਸ਼ਨ ਨੇ 2002 ਵਿਚ 40 ਤੋਂ ਵੱਧ ਕੇਂਦਰੀ ਅਤੇ 100 ਦੇ ਨੇੜੇ ਸੂਬਿਆਂ ਦੇ ਮਜ਼ਦੂਰਾਂ ਸਬੰਧੀ ਕਾਨੂੰਨਾਂ ਨੂੰ ਚਾਰ ਕਿਰਤ ਕੋਡਜ਼ ਵਿਚ ਇਕੱਠਾ ਕਰਨ ਦੀਆਂ ਸਿਫਾਰਸ਼ਾਂ ਕੀਤੀਆਂ ਸਨ। ਮੌਜੂਦਾ ਸਰਕਾਰ ਨੇ ਮਜ਼ਦੂਰਾਂ ਸਬੰਧੀ ਸਾਰੇ ਕਾਨੂੰਨਾਂ ਨੂੰ ਚਾਰ ਕਿਰਤ ਕੋਡਜ਼, ਜਿਹੜੇ ਕਿ ਮੋਟੇ ਰੂਪ ਵਿੱਚ ਮਜ਼ਦੂਰ ਅਤੇ ਕਰਮਚਾਰੀ ਵਿਰੋਧੀ ਹਨ, ਵਿਚ ਇਕੱਠਾ ਕਰ ਦਿੱਤਾ ਹੈ। ਇਸੇ ਤਰ੍ਹਾਂ ਸਰਕਾਰਾਂ ਨੇ ਆਪਣੇ ਦਫਤਰਾਂ ਅਤੇ ਅਦਾਰਿਆਂ ਵਿੱਚ ਕਰਮਚਾਰੀਆਂ ਸਬੰਧੀ ਕਾਨੂੰਨਾਂ ਅਤੇ ਨਿਯਮਾਂ ਵਿੱਚ ਸੋਧਾਂ ਕਰਕੇ ਪਾਰਟ ਟਾਇਮ/ਕੱਚੀਆਂ ਨੌਕਰੀਆਂ ਨੂੰ ਨਵੀਆਂ ਵਿਧੀਆਂ ਰਾਹੀਂ ਬਹੁਤ ਹੀ ਘੱਟ ਤਨਖਾਹਾਂ ਦੇਣ ਨੂੰ ਤਰਜੀਹ ਦਿੱਤੀ ਹੈ। ਅੱਜ ਕੱਲ੍ਹ ਸਰਕਾਰਾਂ ਅਤੇ ਕਾਰਪੋਰੇਟ ਘਰਾਣਿਆਂ/ਪੂੰਜੀਪਤੀਆਂ ਵੱਲੋਂ ਇਹ ਪ੍ਰਚਾਰਿਆ ਜਾ ਰਿਹਾ ਹੈ ਕਿ ਰੁਜ਼ਗਾਰ ਦੇ ਮੌਕੇ ਘਟ ਗਏ ਹਨ, ਪਰ ਇਹ ਬਿਲਕੁਲ ਗ਼ਲਤ ਹੈ ਕਿਉਂਕਿ ਜੇ ਪਹਿਲਾਂ ਨਾਲੋਂ ਆਬਾਦੀ ਵਧੀ ਹੈ ਅਤੇ ਮੰਗ ਵੀ ਵਧੀ ਹੈ ਤਾਂ ਰੁਜ਼ਗਾਰ ਦੇ ਮੌਕੇ ਕਿਵੇਂ ਘਟ ਸਕਦੇ ਹਨ। ਅਜਿਹਾ ਪ੍ਰਚਾਰ ਸਰਕਾਰਾਂ ਅਤੇ ਕਾਰਪੋਰੇਟ ਘਰਾਣਿਆਂ ਵਲੋਂ ਜਾਣਬੁੱਝ ਕੇ ਕੀਤਾ ਜਾ ਰਿਹਾ ਤਾਂ ਕਿ ਉਹ ਆਪਣੇ ਮੁਨਾਫੇ ਵਧਾਉਣ ਲਈ ਮਜ਼ਦੂਰਾਂ ਅਤੇ ਕਰਮਚਾਰੀਆਂ ਦੀਆਂ ਨੌਕਰੀਆਂ ਨੂੰ ਆਰਜ਼ੀ/ਕੱਚੀਆਂ, ਬਹੁਤ ਹੀ ਘੱਟ ਤਨਖਾਹਾਂ ’ਤੇ ਭਰ ਸਕਣ ਅਤੇ ਕਰਮਚਾਰੀਆਂ ਅਤੇ ਮਜ਼ਦੂਰਾਂ ਦੀ ਨੰਗੀ ਚਿੱਟੀ ਲੁੱਟ ਕਰ ਸਕਣ।
        ਕਿਰਤ ਕਾਨੂੰਨਾਂ ਵਿੱਚ ਸੋਧਾਂ ਕਰਨ ਦਾ ਮੁੱਖ ਮੰਤਵ ਮਜ਼ਦੂਰਾਂ ਅਤੇ ਕਰਮਚਾਰੀਆਂ ਦਾ ਵੱਧ ਤੋਂ ਵੱਧ ਸ਼ੋਸ਼ਣ ਕਰਨਾ ਸੀ ਅਤੇ ਹੈ। ਇਨ੍ਹਾਂ ਤਰਮੀਮਾਂ ਨੇ ਪੱਕੀਆਂ ਨੌਕਰੀਆਂ ਨੂੰ ਖਤਮ ਕੀਤਾ, ਰੁਜ਼ਗਾਰ ਦੀ ਕੁਆਲਿਟੀ/ਗੁਣਵੱਤਾ ਨੂੰ ਮਾੜਾ ਕੀਤਾ, ਨੌਕਰੀਆਂ ਦੀ ਸੁਰੱਖਿਆ ਨੂੰ ਖਤਮ ਕੀਤਾ, ਕੱਚੀਆਂ/ਪਾਰਟ ਟਾਇਮ ਨੌਕਰੀਆਂ ਨੂੰ ਤਰਜੀਹ ਦਿੱਤੀ ਅਤੇ ਸਾਰੇ ਦਾ ਸਾਰਾ ਰੁਜ਼ਗਾਰ ਠੇਕੇਦਾਰੀ ਸਿਸਟਮ ਅਤੇ ਆਊਟਸੋਰਸਿੰਗ ਵਿਧੀਆਂ ਰਾਹੀਂ ਬਹੁਤ ਹੀ ਘੱਟ ਤਨਖਾਹਾਂ ਉਤੇ ਦੇਣ ਦੀ ਪਿਰਤ ਪਾਈ ਹੈ। ਇਸ ਨਾਲ ਕਾਰਪੋਰੇਟ ਘਰਾਣਿਆਂ ਅਤੇ ਪੂੰਜੀਪਤੀਆਂ ਦੇ ਮੁਨਾਫੇ ਵਿੱਚ ਚੋਖਾ ਵਾਧਾ ਹੋਇਆ ਪਰ ਮਜ਼ਦੂਰਾਂ ਅਤੇ ਕਰਮਚਾਰੀਆਂ ਨੂੰ ਆਰਥਿਕ ਸ਼ੋਸ਼ਣ ਹੋਣ ਕਰਕੇ ਤੰਗੀਆਂ ਤੁਰਸ਼ੀਆਂ ਨਾਲ ਦੋ ਚਾਰ ਹੋਣਾ ਪੈ ਰਿਹਾ ਹੈ ਅਤੇ ਉਨ੍ਹਾਂ ਦਾ ਭਵਿੱਖ ਬਰਬਾਦ ਕਰ ਦਿੱਤਾ ਗਿਆ ਹੈ। ਪਿਛਲੇ ਸਮੇਂ ਵਿੱਚ ਭਾਰਤ ਸਮੇਤ ਦੁਨੀਆਂ ਦੇ ਕਾਰਪੋਰੇਟ ਘਰਾਣਿਆਂ ਨੇ ਮਜ਼ਦੂਰਾਂ ਅਤੇ ਕਰਮਚਾਰੀਆਂ ਦੀ ਵੱਡੇ ਪੱਧਰ ’ਤੇ ਛਾਂਟੀ ਕੀਤੀ ਹੈ ਕਿਉਂਕਿ ਹੁਣ ਇਨ੍ਹਾਂ ਮਜ਼ਦੂਰਾਂ ਅਤੇ ਕਰਮਚਾਰੀਆਂ ਨੂੰ ਰੁਜ਼ਗਾਰ ਦੀ ਸੁਰੱਖਿਆ ਅਤੇ ਗਰੰਟੀ ਨਹੀਂ ਹੈ। ਛਾਂਟੀ ਕੀਤੇ ਗਏ ਮਜ਼ਦੂਰਾਂ ਅਤੇ ਕਰਮਚਾਰੀਆਂ ਦੀ ਥਾਂ ਹੁਣ ਰੁਜ਼ਗਾਰ ਠੇਕੇਦਾਰੀ ਸਿਸਟਮ ਅਤੇ ਆਊਟਸੋਰਸਿੰਗ ਵਿਧੀਆਂ ਰਾਹੀਂ ਦਿੱਤਾ ਜਾ ਰਿਹਾ ਹੈ।
        ਹੁਣ ਮਜ਼ਦੂਰਾਂ ਅਤੇ ਕਰਮਚਾਰੀਆਂ ਦਾ ਕਾਰਖਾਨਿਆਂ ਦੇ ਮਾਲਕਾਂ ਅਤੇ ਦਫਤਰਾਂ ਦੇ ਮਾਲਕਾਂ ਨਾਲ ਸਿੱਧਾ ਕੋਈ ਸਬੰਧ ਨਹੀਂ ਕਿਉਂਕਿ ਉਹ ਹੁਣ ਠੇਕੇਦਾਰ ਜਾਂ ਆਊਟਸੋਰਸਿੰਗ ਕੰਪਨੀ ਦੇ ਨੌਕਰ ਹਨ। ਇਸ ਲਈ ਉਹ ਹੁਣ ਕਾਰਖਾਨਿਆਂ ਦੇ ਮਾਲਕਾਂ, ਕਾਰਪੋਰੇਟ ਘਰਾਣਿਆਂ ਅਤੇ ਦਫਤਰਾਂ ਦੇ ਮਾਲਕਾਂ ਤੋਂ ਆਪਣੇ ਲਈ ਸਹੂਲਤਾਂ ਅਤੇ ਤਨਖਾਹਾਂ ਵਧਾਉਣ ਦੀ ਮੰਗ ਵੀ ਨਹੀਂ ਕਰ ਸਕਦੇ, ਨਾ ਹੀ ਉਹ ਯੂਨੀਅਨਾਂ ਨਹੀਂ ਬਣਾ ਸਕਦੇ ਹਨ ਅਤੇ ਨਾ ਹੀ ਸੰਗਠਤ ਹੋ ਸਕਦੇ ਹਨ। ਇਨ੍ਹਾਂ ਵਿਧੀਆਂ ਰਾਹੀਂ ਭਰਤੀ ਕੀਤੇ ਗਏ ਮਜ਼ਦੂਰਾਂ ਅਤੇ ਕਰਮਚਾਰੀਆਂ ਨੂੰ ਇੱਕੋ ਹੀ ਅਦਾਰੇ ਵਿੱਚ ਰੁਜ਼ਗਾਰ ਲਈ ਲੰਮੇ ਸਮੇਂ ਤੱਕ ਨਹੀਂ ਭੇਜਿਆ ਜਾਂਦਾ ਹੈ ਕਿਉਂਕਿ ਠੇਕੇਦਾਰ ਅਤੇ ਆਊਟਸੋਰਸਿੰਗ ਕੰਪਨੀ ਇਨ੍ਹਾਂ ਮਜ਼ਦੂਰਾਂ ਅਤੇ ਕਰਮਚਾਰੀਆਂ ਦੇ ਕਾਰਖਾਨਿਆਂ ਅਤੇ ਦਫਤਰਾਂ ਨੂੰ ਲਗਾਤਾਰ ਬਦਲਦੇ ਰਹਿੰਦੇ ਹਨ।
ਭਾਰਤ ਵਿੱਚ ਕੇਂਦਰ ਸਰਕਾਰ ਅਤੇ ਸੂਬਿਆਂ ਦੀਆਂ ਸਰਕਾਰਾਂ ਨੇ ਵੀ ਆਪਣੇ ਦਫਤਰਾਂ ਅਤੇ ਅਦਾਰਿਆਂ ਵਿੱਚ ਪਿਛਲੇ ਲੰਮੇ ਸਮੇਂ ਤੋਂ ਖਾਲੀ ਹੋ ਰਹੀਆਂ ਪੱਕੀਆਂ ਨੌਕਰੀਆਂ/ਅਸਾਮੀਆਂ ਨੂੰ ਮੁੜ ਭਰਨਾ ਬੰਦ ਕੀਤਾ ਹੋਇਆ ਹੈ। ਇਨ੍ਹਾਂ ਨੌਕਰੀਆਂ ਅਤੇ ਅਸਾਮੀਆਂ ਨੂੰ ਪੱਕੇ ਤੌਰ ’ਤੇ ਖ਼ਤਮ ਕੀਤਾ ਜਾ ਰਿਹਾ ਹੈ। ਇਨ੍ਹਾਂ ਦੀ ਥਾਂ ਨੌਕਰੀਆਂ ਅਤੇ ਅਸਾਮੀਆਂ ਨੂੰ ਆਰਜ਼ੀ ਤੌਰ ’ਤੇ ਬਹੁਤ ਹੀ ਘੱਟ ਤਨਖਾਹਾਂ ਉਤੇ ਠੇਕੇਦਾਰੀ ਸਿਸਟਮ ਅਤੇ ਆਊਟਸੋਰਸਿੰਗ ਰਾਹੀਂ ਭਰਿਆਂ ਜਾ ਰਿਹਾ ਹੈ। ਉਂਝ ਇਸ ਤਹਿਤ ਅਜਿਹੇ ਮਜ਼ਦੂਰਾਂ ਅਤੇ ਕਰਮਚਾਰੀਆਂ ਨੂੰ ਬਹੁਤ ਵਧੀਆ ਅਤੇ ਪ੍ਰਭਾਵਸ਼ਾਲੀ ਨਾਮ ਦਿੱਤੇ ਗਏ ਹਨ ਜਿਵੇਂ ਕਿ ਯੋਜਨਾ ਕਰਮੀ, ਆਸ਼ਾ ਵਰਕਰਾਂ, ਮਿੱਡ ਡੇ ਮੀਲ ਕਰਮੀ, ਅਗਨੀਵੀਰ, ਸਿੱਖਿਆ ਕਰਮੀ ਆਦਿ। ਇਸੇ ਤਰ੍ਹਾਂ, ਤਕਨੀਕੀ ਪੜ੍ਹਾਈ ਦੇ ਅਦਾਰਿਆਂ ਦੇ ਵਿਦਿਆਰਥੀਆਂ ਨੂੰ ਵੀ ਸਿਖਾਂਦਰੂ ਐਕਟ, ਟਰੇਨਿੰਗ ਐਕਟ ਆਦਿ ਵਿੱਚ ਸੋਧਾਂ ਕਰਕੇ ਕਾਰਪੋਰੇਟ ਘਰਾਣਿਆਂ ਅਤੇ ਪੂੰਜੀਪਤੀਆਂ ਵੱਲੋਂ ਤਕਨੀਕੀ ਪਾੜ੍ਹਿਆਂ ਦੇ ਸ਼ੋਸ਼ਣ ਦਾ ਰਾਹ ਪੱਧਰਾ ਕੀਤਾ ਹੈ।
       ਸਰਕਾਰਾਂ ਅਤੇ ਇਨ੍ਹਾਂ ਸੋਧਾਂ ਦੀ ਹਮਾਇਤ ਕਰਨ ਵਾਲੇ ਲੋਕ, ਰਾਜਨੀਤਕ ਪਾਰਟੀਆਂ ਅਤੇ ਹੋਰ ਮਜ਼ਦੂਰਾਂ ਅਤੇ ਕਰਮਚਾਰੀਆਂ ਸਬੰਧੀ ਕਾਨੂੰਨਾਂ ਵਿਚ ਸੋਧਾਂ ਨੂੰ ਮਜ਼ਦੂਰ ਅਤੇ ਕਰਮਚਾਰੀ ਪੱਖੀ, ਉਨ੍ਹਾਂ ਦੀ ਭਲਾਈ ਵਾਲੇ ਅਤੇ ਹਰ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਵਾਲੇ ਗਰਦਾਨ ਰਹੇ ਹਨ। ਇਹ ਸੋਧਾਂ ਕਰਨ ਵੇਲੇ ਹਾਕਮ ਜਮਾਤ ਨੇ ਕਾਰਪੋਰੇਟ ਘਰਾਣਿਆਂ ਅਤੇ ਪੂੰਜੀਪਤੀਆਂ ਨਾਲ ਮਿਲ ਕੇ ਬੜੀ ਚਲਾਕੀ ਨਾਲ ਇਨ੍ਹਾਂ ਸੋਧਾਂ ਵਿਚ ਮਜ਼ਦੂਰਾਂ ਨੂੰ ਭਰਮਾਉਣ ਵਾਲੀ ਸ਼ਬਦਾਬਲੀ ਦੀ ਵਰਤੋਂ ਕੀਤੀ ਗਈ ਹੈ। ਪਰ ਜੇ ਗਹੁ ਨਾਲ ਇਨ੍ਹਾਂ ਦਾ ਨਿਰੀਖਣ ਕੀਤਾ ਜਾਵੇ ਤਾਂ ਪਤਾ ਲਗਦਾ ਹੈ ਕਿ ਇਹ ਸਾਰੀਆਂ ਸੋਧਾਂ ਮਜ਼ਦੂਰਾਂ/ਕਰਮਚਾਰੀਆਂ ਦੇ ਖਿਲਾਫ ਅਤੇ ਪੂੰਜੀਪਤੀਆਂ/ਕਾਰਪੋਰੇਟਾ ਦੇ ਹਿੱਤਾਂ ਵਿਚ ਕੀਤੀਆਂ ਗਈਆਂ ਹਨ। ਉਦਾਹਰਣ ਦੇ ਤੌਰ ’ਤੇ ਟਰੇਡ ਯੂਨੀਅਨ ਐਕਟ, 1926 ਤਹਿਤ ਮਜ਼ਦੂਰਾਂ ਨੂੰ ਮਜ਼ਦੂਰ ਸੰਗਠਨ ਬਣਾ ਕੇ ਆਪਣੀਆਂ ਵਿੱਤੀ ਅਤੇ ਹੋਰ ਮੰਗਾਂ ਲਈ ਸੰਘਰਸ਼ ਕਰਨ ਦੀ ਖੁਲ੍ਹ ਸੀ ਅਤੇ ਮਜ਼ਦੂਰਾਂ ਦੇ ਸੰਗਠਤ ਹੋਣ ਨਾਲ ਉਨ੍ਹਾਂ ਦੀ (Bargaining power) ਸੌਦੇਬਾਜ਼ੀ ਦੀ ਤਾਕਤ ਵਧਣ ਕਾਰਨ ਮਜ਼ਦੂਰਾਂ ਨੂੰ ਆਪਣੀਆਂ ਮੰਗਾਂ ਦੀ ਪੂਰਤੀ ਵਿਚ ਕਾਫੀ ਸਹਾਇਤਾ ਮਿਲਦੀ ਰਹੀ ਹੈ। ਟਰੇਡ ਯੂਨੀਅਨ ਲੀਡਰਾਂ ਨੂੰ ਹੜਤਾਲਾਂ ਅਤੇ ਸੰਘਰਸ਼ ਕਰਨ ਦੇ ਦੌਰਾਨ ਕਈ ਕਿਸਮ ਦੇ ਸਿਵਲ ਅਤੇ ਫੌਜਦਾਰੀ ਕਾਨੂੰਨਾਂ ਤੋਂ ਛੋਟ ਮਿਲੀ ਹੋਈ ਸੀ। ਐਕਟ ਅਧੀਨ ਕਾਰਖਾਨੇ/ਫੈਕਟਰੀ ਦੇ ਕੋਈ ਵੀ 7 ਜਾਂ 7 ਤੋਂ ਵੱਧ ਮਜ਼ਦੂਰ ਆਪਣੇ ਨਾਮ ਅਤੇ ਪਤਾ ਦੱਸ ਕੇ ਸਬੰਧਤ ਰਜਿਸਟਰਾਰ ਕੋਲ ਆਪਣੀ ਯੂਨੀਅਨ ਰਜਿਸਟਰਡ ਕਰਵਾ ਸਕਦੇ ਸਨ। ਕਾਰਪੋਰੇਟ ਘਰਾਣਿਆਂ ਅਤੇ ਪੂੰਜੀਪਤੀ ਸਨਅਤਕਾਰ ਐਕਟ ਦੀ ਇਸ ਧਾਰਾ ਨੂੰ ਹਮੇਸ਼ਾ ਅੜਿੱਕਾ ਸਮਝਦੇ ਰਹੇ ਹਨ ਅਤੇ ਮੰਗ ਕਰਦੇ ਰਹੇ ਹਨ ਕਿ ਯੂਨੀਅਨ ਰਜਿਸਟਰਡ ਕਰਵਾਉਣ ਲਈ ਮਜ਼ਦੂਰਾਂ ਦੀ ਗਿਣਤੀ ਵਿਚ ਵੱਡਾ ਵਾਧਾ ਕੀਤਾ ਜਾਵੇ। ਇਨ੍ਹਾਂ ਸੋਧਾਂ ਨੇ ਮਜ਼ਦੂਰਾਂ ਦੇ ਸੰਗਠਤ ਹੋਣ ਦੇ ਹੱਕ ਨੂੰ ਵੀ ਢਾਹ ਲਗਾਈ ਗਈ ਹੈ ਕਿਉਂਕਿ ਹੁਣ ਮਜ਼ਦੂਰ ਯੂਨੀਅਨ ਰਜਿਸਟਰਡ ਕਰਵਾਉਣ ਲਈ ਕਾਰਖਾਨੇ/ਫੈਕਟਰੀ ਵਿਚ ਕੰਮ ਕਰਦੇ 10 ਪ੍ਰਤੀਸ਼ਤ ਜਾਂ ਵੱਧ ਮਜ਼ਦੂਰਾਂ ਦੀ ਸਹਿਮਤੀ ਹੋਣੀ ਲਾਜ਼ਮੀ ਕਰ ਦਿੱਤੀ ਗਈ ਹੈ। ਇਸ ਦੀ ਮੰਗ ਕਾਰਖਾਨੇ/ਫੈਕਟਰੀਆਂ ਦੇ ਮਾਲਕ ਲੰਮੇ ਸਮੇਂ ਤੋਂ ਕਰ ਰਹੇ ਸੀ ਪਰ ਮਜ਼ਦੂਰ ਯੂਨੀਅਨਾਂ ਇਸ ਦਾ ਵਿਰੋਧ ਕਰਦੀਆਂ ਰਹੀਆਂ ਹਨ।
     ਇਹ ਵਿਸ਼ਲੇਸ਼ਣ ਸਪੱਸ਼ਟ ਕਰਦਾ ਹੈ ਕਿ ਸਰਕਾਰਾਂ ਅਤੇ ਕਾਰਪੋਰੇਟ ਘਰਾਣਿਆਂ ਦੀ ਮਿਲੀਭੁਗਤ ਨੇ ਮਜ਼ਦੂਰਾਂ ਅਤੇ ਕਰਮਚਾਰੀਆਂ ਦੇ ਹੱਕਾਂ ਨੂੰ ਅਣਗੌਲਿਆ ਹੀ ਨਹੀਂ ਕੀਤਾ ਸਗੋਂ ਸਰਕਾਰਾਂ ਉਨ੍ਹਾਂ ਨੂੰ ਖੋਰਾ ਲਾਉਣ ਦੇ ਨਾਲ-ਨਾਲ ਪੂੰਜੀਪਤੀਆਂ, ਸਰਮਾਏਦਾਰਾਂ ਅਤੇ ਕਾਰਪੋਰੇਟਾਂ ਦੇ ਹਿੱਤਾਂ ਦੀ ਰਾਖੀ ਕਰਕੇ ਉਨ੍ਹਾਂ ਦੇ ਹੱਕ ਵਿਚ ਭੁਗਤੀਆਂ ਹਨ। ਮੌਜੂਦਾ ਸਮੇਂ ਵਿੱਚ ਇਸ ਵਰਤਾਰੇ ਦਾ ਇੱਕੋ ਇੱਕ ਹੱਲ ਹੈ ਕਿ ਮਜ਼ਦੂਰ ਜਮਾਤ ਆਪਣੇ ਸਮਾਜਿਕ ਅਤੇ ਆਰਥਿਕ ਸ਼ੋਸ਼ਣ ਤੋਂ ਨਿਜਾਤ ਪਾਉਣ ਲਈ ਇਕ ਵਾਰ ਮੁੜ ਵੱਡੇ ਪੱਧਰ ’ਤੇ ਲਾਮਬੰਦ ਹੋ ਕੇ ਤਿੱਖੇ ਅਤੇ ਵੱਡੇ ਸੰਘਰਸ਼ ਵਿੱਢੇ ਤਾਂ ਕਿ ਉਹ ਆਪਣੇ ਮਨੁੱਖੀ ਅਤੇ ਜਮਹੂਰੀ ਹੱਕਾਂ ਦੀ ਬਹਾਲੀ ਕਰਵਾ ਸਕੇ।
* ਸਾਬਕਾ ਡੀਨ ਅਤੇ ਪ੍ਰੋਫੈਸਰ ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੰਪਰਕ : 98154-27127