ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ-
ਮੋਰਿੰਡਾ, 22 ਅਕਤੂਬਰ (ਭਟੋਆ) ਅੱਜ ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਇਲਾਕੇ ਦੇ ਗੁਰਦੁਆਰਿਆਂ ਵਿੱਚ ਬੜੀ ਸ਼ਰਧਾ ਨਾਲ ਮਨਾਇਆ ਗਿਆ। ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਸਵੇਰੇ 10 ਵਜੇ ਤੋਂ ਲੈ ਕੇ 11 ਵਜੇ ਤੱਕ ਹਜੂਰੀ ਰਾਗੀ ਭਾਈ ਕੁਲਵੰਤ ਸਿੰਘ ਦੇ ਜਥੇ ਵਲੋਂ ਸ਼ਬਦ ਕੀਰਤਨ ਕੀਤਾ ਗਿਆ। ਇਸ ਉਪਰੰਤ ਕਥਾ-ਵਾਚਕ ਭਾਈ ਬਲਦੇਵ ਸਿੰਘ ਪਾਉਂਟਾ ਸਾਹਿਬ ਵਾਲਿਆਂ ਵਲੋਂ ਗੁਰੂ ਸਾਹਿਬ ਜੀ ਦੇ ਜੀਵਨ ਸਬੰਧੀ ਸਾਖੀਆਂ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਕੋਤਵਾਲੀ ਸਾਹਿਬ ਦੇ ਸੇਵਾਦਾਰ ਪਰਮਾਤਮਾ ਸਿੰਘ ਨੇ ਦੱਸਿਆ ਕਿ ਭਾਈ ਕੁਲਵੰਤ ਸਿੰਘ ਤੇ ਭਾਈ ਬਲਦੇਵ ਸਿੰਘ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸੇ ਤਰਾਂ ਪਿੰਡ ਦਤਾਰਪੁਰ ਦੇ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਗੁਰੂ ਰਾਮਦਾਸ ਜੀ ਦੇ ਜਨਮ ਦਿਹਾੜੇ ’ਤੇ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ। ਰਾਗੀ ਸੋਹਣ ਸਿੰਘ ਦੇ ਜਥੇ ਵਲੋਂ ਰਸਭਿੰਨਾ ਕੀਰਤਨ ਕਰਕੇ ਸਿੱਖ ਇਤਿਹਾਸ ਬਾਰੇ ਸੰਗਤਾਂ ਨੂੰ ਜਾਣਕਾਰੀ ਦਿੱਤੀ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਗੁਰੂ ਘਰ ਦੀਆਂ ਹਾਜਰੀਆਂ ਲਵਾਈਆਂ।