ਪੰਜਾਬ ਸਰਕਾਰ ਵੱਲੋਂ ਆਉਂਦੇ ਝੋਨੇ ਦੀ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇਗੀ-ਵਿਧਾਇਕ ਰਾਏ
*ਵਿਧਾਇਕ ਲਖਬੀਰ ਸਿੰਘ ਰਾਏ ਵੱਲੋਂ ਕਿਸਾਨਾਂ ਨੂੰ ਜੈਵਿਕ ਖੇਤੀ ਅਪਣਾਉਣ ਦਾ ਸੱਦਾ
*ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਨੇ ਪਿੰਡ ਚਨਾਰਥਲ ਕਲਾਂ ਵਿਖੇ ਲਗਾਏ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਵਿੱਚ ਕੀਤੀ ਸ਼ਿਰਕਤ
ਫ਼ਤਹਿਗੜ੍ਹ ਸਾਹਿਬ, 9 ਅਪ੍ਰੈਲ: (ਹਰਪ੍ਰੀਤ ਕੌਰ ਟਿਵਾਣਾ) ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਚਨਾਰਥਲ ਕਲਾਂ ਵਿਖੇ ਸਾਉਣੀ ਦੀਆਂ ਫਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਤੇ ਪ੍ਰਦਰਸ਼ਨੀਆਂ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਜਦੋਂ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਸੰਯੁਕਤ ਡਾਇਰੈਕਟਰ (ਹ:ਜ:) ਡਾ: ਅਰੁਣ ਕੁਮਾਰ ਵੀ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਖੇਤੀ ਲਈ ਨਹਿਰੀ ਪਾਣੀ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ ਜੋ ਕਿ ਸੂਬੇ ਦੇ ਕਈ ਪਿੰਡਾਂ ਵਿੱਚ ਸਫਲਤਾ ਪੂਰਵਕ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣਾ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ ਕਿਉਂਕਿ ਜੇਕਰ ਧਰਤੀ ਹੇਠਲੇ ਪਾਣੀ ਦੀ ਸੰਜਮ ਨਾਲ ਵਰਤੋਂ ਲਈ ਅਸੀਂ ਹੁਣ ਵੀ ਸੁਚੇਤ ਨਾ ਹੋਏ ਤਾਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਧਰਤੀ ਹੇਠਲੇ ਪਾਣੀ ਨੂੰ ਬਚਾ ਕੇ ਨਹੀਂ ਰੱਖਿਆ ਜਾ ਸਕੇਗਾ। ਉਨ੍ਹਾਂ ਕਿਸਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਖੇਤੀ ਮਾਹਰਾਂ ਦੀ ਰਾਏ ਅਨੁਸਾਰ ਹੀ ਖਾਦਾਂ ਤੇ ਕੀਟ ਨਾਸ਼ਕ ਦਵਾਈਆਂ ਦੀ ਵਰਤੋਂ ਕੀਤੀ ਜਾਵੇ ਕਿਉਂਕਿ ਇਨ੍ਹਾਂ ਦੀ ਲੋੜ ਨਾਲੋਂ ਵੱਧ ਵਰਤੋਂ ਕਰਨ ਨਾਲ ਜਿਥੇ ਜ਼ਮੀਨ ਤੇ ਮਾੜਾ ਪ੍ਰਭਾਵ ਪੈਂਦਾ ਹੈ ਉਥੇ ਹੀ ਕਈ ਤਰ੍ਹਾਂ ਦੀਆਂ ਬਿਮਾਰੀਆਂ ਲੱਗਣ ਦਾ ਖ਼ਤਰਾ ਵੀ ਬਣਿਆਂ ਰਹਿੰਦਾ ਹੈ। ਉਨ੍ਹਾਂ ਕਿਸਾਨਾਂ ਨੂੰ ਜੈਵਿਕ ਖੇਤੀ ਅਪਣਾਉਣ ਦਾ ਸੱਦਾ ਵੀ ਦਿੱਤਾ। ਵਿਧਾਇਕ ਰਾਏ ਨੇ ਕਿਹਾ ਕਿ ਅਜਿਹੇ ਕਿਸਾਨ ਸਿਖਲਾਈ ਕੈਂਪ ਅਜੌਕੇ ਸਮੇਂ ਵਿੱਚ ਕਿਸਾਨਾ ਲਈ ਬਹੁਤ ਸਹਾਈ ਹੋ ਸਕਦੇ ਹਨ ਅਤੇ ਇਨ੍ਹਾਂ ਕਿਸਾਨ ਸਿਖਲਾਈ ਕੈਂਪਾਂ ਵਿੱਚ ਜਿਥੇ ਖੇਤੀ ਮਾਹਰਾਂ ਵੱਲੋਂ ਨਵੀਂਆਂ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ ਉਥੇ ਹੀ ਘੱਟ ਪਾਣੀ ਵਾਲੀਆਂ ਫਸਲਾਂ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਵੀ ਕਿਸਾਨਾਂ ਨੂੰ ਮੁਹੱਈਆ ਕਰਵਾਈ ਜਾਂਦੀ ਹੈ। ਉਨ੍ਹਾਂ ਇਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਲਗਾਈਆਂ ਪ੍ਰਦਰਸ਼ਨੀਆਂ ਦਾ ਜਾਇਜ਼ਾ ਵੀ ਲਿਆ। ਇਸ ਮੌਕੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਸੰਯੁਕਤ ਡਾਇਰੈਕਟਰ (ਹ.ਜ.) ਡਾ: ਅਰੁਣ ਕੁਮਾਰ ਨੇ ਵਿਭਾਗੀ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਸ਼੍ਰੀ ਗੁਰਨਾਮ ਸਿੰਘ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਜਿਲ੍ਹੇ ਦੇ ਕਿਸਾਨਾਂ ਲਈ ਵਿਭਾਗ ਵੱਲੋਂ ਸਬਸਿਡੀ ਤੇ ਖੇਤੀ ਮਸ਼ੀਨਰੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਮੂੰਗੀ ਦਾ ਬੀਜ ਅਤੇ ਜਿਪਸਮ ਸਬਸਿਡੀ ਤੇ ਦਿੱਤਾ ਗਿਆ ਹੈ। ਫਸਲੀ ਵਿਭਿੰਨਤਾ ਸਕੀਮ ਅਧੀਨ ਕਿਸਾਨਾਂ ਨੂੰ ਮੱਕੀ ਦੀ ਫਸਲ ਤੇ ਸਰਕਾਰ ਵੱਲੋਂ ਸਹਾਇਤਾ ਦਿੱਤੀ ਜਾਵੇਗੀ। ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਾਇਕ ਪ੍ਰੋਫੈਸਰ ਡਾ ਅਮਨਪ੍ਰੀਤ ਸਿੰਘ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਵਰਗੀਆਂ ਤਕਨੀਕਾਂ ਜ਼ੋ ਕਿ 20% ਤੱਕ ਪਾਣੀ ਬਚਾਉਣ, ਮਜਦੂਰੀ ਦੀ ਬੱਚਤ, ਘੱਟ ਬਿਮਾਰੀਆਂ ਅਤੇ ਅਗਲੀ ਫਸਲ ਦੇ ਜਿਆਦਾ ਝਾੜ ਦੇਣ ਵਿੱਚ ਕਾਰਗਾਰ ਹੋਣਗੀਆਂ। ਸਹਾਇਕ ਪ੍ਰੋਫੈਸਰ ਡਾ: ਅਰਵਿੰਦਪ੍ਰੀਤ ਕੌਰ, ਮੱਛੀ ਪਾਲਣ ਅਫਸਰ ਬਲਜੋਤ ਕੌਰ ਨੇ ਵੀ ਕਿਸਾਨਾਂ ਨੂੰ ਵੱਖ-ਵੱਖ ਵਿਸ਼ਿਆਂ ਤੇ ਜਾਣਕਾਰੀ ਦਿੱਤੀ। ਇਸ ਮੌਕੇ ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਸ. ਗੁਰਵਿੰਦਰ ਸਿੰਘ ਢਿੱਲੋਂ, ਪਿੰਡ ਦੇ ਸਰਪੰਚ ਰਾਜਦੀਪ ਸਿੰਘ ਢਿੱਲੋਂ, ਸ਼੍ਰੀ ਜਸਵਿੰਦਰ ਸਿੰਘ, ਖੇਤੀਬਾੜੀ ਅਫਸਰ (ਸਮ), ਸ੍ਰੀ ਬੂਟਾ ਸਿੰਘ, ਖੇਤੀਬਾੜੀ ਅਫਸਰ, ਡਾ. ਇਕਬਾਲਜੀਤ ਸਿੰਘ ਬੈਨੀਪਾਲ, ਖੇਤੀਬਾੜੀ ਅਫਸਰ, ਸ਼੍ਰੀ ਗੁਰਪਾਲ ਸਿੰਘ, ਖੇਤੀਬਾੜੀ ਅਫਸਰ, ਖੇਤੀਬਾੜੀ ਵਿਕਾਸ ਅਫਸਰ ਡਾ ਮੀਨਾ ਰਾਣੀ, ਸ਼੍ਰੀ ਦਮਨ ਝਾਂਜੀ, ਸ਼੍ਰੀ ਇਕਬਾਲਪ੍ਰੀਤ ਸਿੰਘ, ਡੀ.ਪੀ.ਡੀ ਸ੍ਰੀ ਹਰਮਨਜੀਤ ਸਿੰਘ ਅਤੇ ਡੀ.ਪੀ.ਡੀ ਸ੍ਰੀ ਜਤਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਹਾਜਰ ਸਨ।