Gurmit Singh Palahi

ਕਮਰ ਤੋੜੀ ਪੰਜਾਬ ਦੀ ਕੋਝੀਆਂ ਸਿਆਸੀ ਚਾਲਾਂ ਨੇ - ਗੁਰਮੀਤ ਸਿੰਘ ਪਲਾਹੀ

ਆਰ.ਬੀ.ਆਈ. (ਰਿਜ਼ਰਵ ਬੈਂਕ ਆਫ ਇੰਡੀਆ) ਨੇ ਇੱਕ ਰਿਪੋਰਟ ਛਾਇਆ ਕੀਤੀ ਹੈ। ਇਸ ਵਿੱਚ ਦੱਸਿਆ ਗਿਆ ਹੈ ਕਿ ਦੇਸ਼ ਦੇ ਦਸ ਰਾਜਾਂ ਦੀ ਆਰਥਿਕ ਸਥਿਤੀ ਡਾਵਾਂਡੋਲ ਹੈ, ਕਿਉਂਕਿ ਉਹਨਾ ਦਾ ਵਿੱਤੀ ਕਰਜ਼ਾ ਅਤੇ ਰਾਜ ਦੇ ਜੀ.ਡੀ.ਪੀ. ਦਾ ਅਨੁਪਾਤ ਬਹੁਤ ਜ਼ਿਆਦਾ ਵੱਧ ਗਿਆ ਹੈ। ਇਹ ਰਾਜ ਹਨ ਰਾਜਸਥਾਨ, ਬਿਹਾਰ, ਝਾਰਖੰਡ, ਪੱਛਮੀ ਬੰਗਾਲ, ਕੇਰਲ, ਉੱਤਰ ਪ੍ਰਦੇਸ਼, ਹਰਿਆਣਾ, ਮੱਧ ਪ੍ਰਦੇਸ਼, ਆਂਧਰਾ ਪ੍ਰਦੇਸ਼ ਅਤੇ ਪੰਜਾਬ। ਇਸ ਸਰਵੇ ਅਨੁਸਾਰ ਪੰਜਾਬ ਦੀ ਵਿੱਤੀ ਸਥਿਤੀ ਬਹੁਤ ਹੀ ਖਰਾਬ ਹੈ। ਪਹਿਲਾ ਨੰਬਰ ਹੈ ਪੰਜਾਬ ਦਾ ਮਾੜੀ ਆਰਥਿਕ ਸਥਿਤੀ ਦੇ ਮਾਮਲੇ ਤੇ।

ਪੰਜਾਬ ਸਿਰ ਇਸ ਵੇਲੇ ਤਿੰਨ ਲੱਖ ਕਰੋੜ ਤੋਂ ਵੱਧ ਦਾ ਕਰਜ਼ਾ ਹੈ। ਜੋ ਲਗਾਤਾਰ ਵੱਧ ਰਿਹਾ ਹੈ।ਇਸ ਕਰਜ਼ੇ ਦੇ ਵਿਆਜ਼ ਦਾ ਭੁਗਤਾਣ ਪੰਜਾਬ ਨੂੰ ਹਰ ਵਰ੍ਹੇ ਕਰੋੜਾਂ ਰੁਪਏ 'ਚ ਕਰਨਾ ਪੈਂਦਾ ਹੈ ਜੋ ਸੂਬੇ ਪੰਜਾਬ ਦੀ ਕੁਲ ਕਮਾਈ ਵਿਚੋਂ 10 ਫ਼ੀਸਦੀ ਤੋਂ ਵੱਧ ਦਾ ਹੈ । ਪੰਜਾਬ ਦੀ ਇਸ ਭੈੜੀ ਸਥਿਤੀ ਦਾ ਕਾਰਨ ਅੰਕੜਿਆਂ ਅਨੁਸਾਰ ਮੁਫ਼ਤ ਵਿੱਚ ਦਿੱਤੀਆਂ ਜਾਣ ਵਾਲੀਆਂ ਵੱਖੋ-ਵੱਖਰੀਆਂ ਸੁਵਿਧਾਵਾਂ (ਬਿਜਲੀ, ਪਾਣੀ ਆਦਿ) ਜੋ ਰਾਜ ਦੇ ਜੀ.ਡੀ.ਪੀ. ਦਾ 25.6 ਪ੍ਰਤੀਸ਼ਤ ਅਤੇ ਵਿੱਤੀ ਆਮਦਨ ਦਾ 17.8 ਪ੍ਰਤੀਸ਼ਤ ਹੈ, ਨੂੰ ਮੰਨਿਆ ਜਾ ਰਿਹਾ ਹੈ। ਇਹ ਅੰਕੜਾ ਆਰਥਿਕ ਵਿਕਾਸ ਦੇ ਮੋਰਚੇ ਉਤੇ ਚਿੰਤਾ ਅਤੇ ਘਬਰਾਹਟ ਦਾ ਇੱਕ ਸੂਚਕ ਹੈ, ਮੰਨਿਆ ਜਾ ਰਿਹਾ ਹੈ ਕਿ ਪੰਜਾਬ ਇਹਨਾ ਦਿਨਾਂ 'ਚ ਮੁਫ਼ਤ ਵਿੱਚ ਦਿੱਤੀਆਂ ਜਾਣ ਵਾਲੀਆਂ ਸੁਵਿਧਾਵਾਂ(ਬਿਜਲੀ, ਪਾਣੀ ਆਦਿ) ਦੇ ਕਾਰਨ ਬਹੁਤ ਚਰਚਾ ਵਿੱਚ ਹੈ।

ਆਰਥਿਕ ਵਿਕਾਸ ਦੀਆਂ ਨੀਤੀਆਂ ਉਸ ਵੇਲੇ ਆਪਣੇ ਰਸਤੇ ਤੋਂ ਭਟਕ ਜਾਂਦੀਆਂ ਹਨ ਜਦ ਉਹਨਾ ਵਿੱਚ ਸਿਆਸੀ ਸੋਚ ਅਤੇ ਉਸ ਦੇ ਫਾਇਦੇ ਵਾਲੀ ਸਿਆਸਤ ਭਾਰੂ ਹੋ ਜਾਂਦੀ ਹੈ। ਇਸ ਵੇਲੇ ਪੰਜਾਬ ਦੀ ਹਾਕਮ ਧਿਰ ਕਰਜ਼ਾ ਚੁੱਕਕੇ ਜੋ ਰਿਆਇਤਾਂ ਦੀ ਰਾਜਨੀਤੀ ਕਰ ਰਹੀ ਹੈ , ਇਸਦਾ ਫਾਇਦਾ ਦੂਜੇ ਰਾਜ ਵਿੱਚ ਹੋਣ ਵਾਲੀਆਂ ਚੋਣਾਂ (ਖ਼ਾਸ ਕਰਕੇ ਗੁਜਰਾਤ, ਹਿਮਾਚਲ) ਲਈ ਪੰਜਾਬ ਦੇ ਖ਼ਰਚੇ 'ਤੇ ਵੱਡੇ-ਵੱਡੇ ਇਸ਼ਤਿਹਾਰ ਜਾਰੀ ਕਰਕੇ ਲਿਆ ਜਾ ਰਿਹਾ ਹੈ। ਭਾਵੇਂ ਕਿ ਪਹਿਲੇ ਹਾਕਮਾਂ ਨੇ ਵੀ  ਸਰਕਾਰੀ ਖਜ਼ਾਨੇ ਦੀਆਂ ਫੱਕੀਆਂ ਉਡਾਉਣ 'ਚ ਕੋਈ ਕਸਰ ਨਹੀਂ ਸੀ ਛੱਡੀ।

ਜਦੋਂ ਆਰਥਿਕ ਵਿਕਾਸ ਦੀਆਂ ਨੀਤੀਆਂ ਮੁੱਖ ਧਾਰਾ ਤੋਂ ਥਿੜਕ ਜਾਂਦੀਆਂ ਹਨ, ਉਸਦਾ ਅਸਰ ਗਰੀਬ ਵਿਅਕਤੀ ਦੀ ਰੋਟੀ, ਰੋਜ਼ੀ ਉਤੇ ਪੈਂਦਾ ਹੈ। ਰੁਜ਼ਗਾਰ ਖੁਸ ਜਾਂਦਾ ਹੈ, ਰੋਟੀ ਦੇ ਲਾਲੇ ਪੈ ਜਾਂਦੇ ਹਨ। ਇਸ ਨਾਲ ਆਰਥਿਕ ਸਥਿਤੀਆਂ 'ਚ ਉਲਟ ਫੇਰ ਹੋਣ ਲਗਦਾ ਹੈ। ਪਿਛਲੇ ਸਮੇਂ 'ਚ ਸਿਆਸੀ ਮੋਰਚੇ ਉਤੇ ਜੋ ਸਿਆਸੀ ਸੋਚ ਪੈਦਾ ਹੋਈ ਹੈ, ਉਸ ਅਨੁਸਾਰ ਸੱਤਾ ਧਿਰ ਦੇ ਹਾਕਮ ਕਲਿਆਣਕਾਰੀ, ਲੋਕ ਲੁਭਾਊ ਯੋਜਨਾਵਾਂ ਨਾਲ ਆਪਣੀ ਕੁਰਸੀ ਪੱਕੀ ਕਰਨ ਦੇ ਆਹਰ ਵਿੱਚ ਹਨ। ਜਿਸਦਾ ਮੁੱਖ ਅਧਾਰ ਕੁਝ ਚੀਜ਼ਾਂ ਅਤੇ ਸੇਵਾਵਾਂ ਨੂੰ ਮੁਫ਼ਤ ਵਿੱਚ ਗਰੀਬਾਂ ਨੂੰ ਵੰਡਣਾ ਹੈ। ਬਹੁਤੀ ਵੇਰ ਮੁਫ਼ਤ  ਵੰਡਣ ਅਤੇ ਰਿਆਇਤਾਂ ਦੀ ਰਾਜਨੀਤੀ ਆਰਥਿਕ ਬਦਹਾਲੀ ਦਾ ਕਾਰਨ ਵੀ ਬਣਦੀ ਹੈ। ਮਨੁੱਖੀ ਸੋਚ ਨੂੰ ਖੁੰਢਾ ਵੀ ਕਰਦੀ ਹੈ।

ਭਾਵੇਂ ਕਿ ਇਸ ਤੱਥ ਤੋਂ ਮੂੰਹ ਨਹੀਂ ਫੇਰਿਆ ਜਾ ਸਕਦਾ ਕਿ ਸਾਡੇ ਲੋਕਤੰਤਰ ਵਿੱਚ ਜਨ ਕਲਿਆਣ ਪ੍ਰਮੁੱਖ ਹੈ। ਇਸਦਾ ਉਦੇਸ਼ ਸਮਾਜ ਦਾ ਆਰਥਿਕ ਵਿਕਾਸ ਕਰਨਾ ਹੈ, ਪਰ ਉਸਦੇ ਨਾਲ-ਨਾਲ ਇਸਦਾ ਉਦੇਸ਼ ਵੱਧ ਤੋਂ ਵੱਧ ਸਹੂਲਤਾਂ ਗਰੀਬ ਤਬਕੇ ਨੂੰ ਦੇਣਾ ਹੈ। ਇਸ ਲਈ ਮੁਫ਼ਤ ਵੰਡਣ ਦੀ ਸੋਚ ਇਸ ਸੰਦਰਭ ਵਿੱਚ ਜਾਇਜ਼ ਵੀ ਦਿਖਦੀ ਹੈ। ਵਸਤੂਆਂ ਅਤੇ ਸੇਵਾਵਾਂ ਨੂੰ ਸਬਸਿਡੀ ਦੇਣਾ ਜ਼ਰੂਰੀ ਵੀ ਹੈ। ਇਸ ਵਿੱਚ ਖੇਤੀ ਖੇਤਰ ਪ੍ਰਮੁੱਖ ਹੈ। ਇਸੇ ਤਰ੍ਹਾਂ ਦਲਿਤ ਵਰਗ ਦਾ ਵਿਕਾਸ ਵੀ ਪ੍ਰਮੁੱਖ ਹੈ। ਪਰ ਇਸ ਸਭ ਕੁਝ ਉਤੇ ਜਦੋਂ ਸਿਆਸੀ ਸੋਚ ਭਾਰੂ ਹੋ ਜਾਂਦੀ ਹੈ, ਲੋੜੋਂ ਵੱਧ ਰਿਆਇਤਾਂ ਦੇਕੇ, ਕੰਮ ਤੇ ਰੁਜ਼ਗਾਰ ਨਾ ਦੇਕੇ, ਸਿਰਫ਼ ਲੋਕ ਲੁਭਾਉਣੀਆਂ ਰਿਆਇਤਾਂ ਦੇਣ ਦਾ ਕਰਮ ਪ੍ਰਮੁੱਖ ਬਣ ਜਾਂਦਾ ਹੈ, ਉਸ ਵੇਲੇ ਸੂਬਾ, ਦੇਸ਼ ਕਰਜ਼ਾਈ ਹੁੰਦਾ ਹੈ। ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਸਿਹਤ, ਸਿੱਖਿਆ, ਬੁਨਿਆਦੀ ਢਾਂਚੇ ਉਤੇ ਕੀਤੇ ਜਾਣ ਵਾਲੇ ਖ਼ਰਚ 'ਚ ਕਮੀ ਕਰਕੇ ਮੁਫ਼ਤ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਇਸ ਹਾਲਤ ਵਿੱਚ ਨਜਾਇਜ਼ ਰਿਆਇਤਾਂ ਕਿਸੇ ਤਰ੍ਹਾਂ ਵੀ ਵਾਜਿਬ ਨਹੀਂ ਠਹਿਰਾਈਆਂ ਜਾ ਸਕਦੀਆਂ। ਪੰਜਾਬ ਪ੍ਰਮੁੱਖ ਤੌਰ 'ਤੇ ਵੋਟ ਰਾਜਨੀਤੀ ਲਈ ਰਿਆਇਤਾਂ ਦੇਣ 'ਚ ਮੋਹਰੀ ਬਣਿਆ ਦਿਸਦਾ ਹੈ।

ਇੱਕ ਹੋਰ ਪੱਖ ਵੀ ਪੰਜਾਬ ਲਈ ਸੁਖਾਵਾਂ ਨਹੀਂ ਹੈ, ਉਹ ਇਹ  ਕਿ ਰਾਜ ਦਾ ਵਿੱਤੀ ਘਾਟਾ ਲਗਾਤਾਰ ਵੱਧ ਰਿਹਾ ਹੈ, ਹਰ ਨਵਾਂ ਬਜ਼ਟ ਕਰ ਰਹਿਤ ਬਣਾਇਆ ਜਾ ਰਿਹਾ ਹੈ। ਮਤਲਬ ਸਪਸ਼ਟ ਹੈ ਕਿ ਕਮਾਈ ਅਤੇ ਖ਼ਰਚ ਦੇ ਵਿਚਕਾਰ ਫਰਕ ਵੱਡਾ ਹੋ ਰਿਹਾ ਹੈ। ਇਹ ਫ਼ਰਕ ਪੰਜਾਬ ਵਿੱਚ 2020-21 ਦੇ ਪੰਦਰਵੇਂ ਵਿੱਤ ਆਯੋਗ ਵਲੋਂ ਨਿਸ਼ਚਿਤ ਕੀਤੇ ਗਏ ਘਾਟਾ ਸਤਰ ਤੋਂ ਉਪਰ ਹੋ ਗਿਆ। ਦੂਜੇ ਪਾਸੇ ਪੰਜਾਬ 'ਚ ਟੈਕਸਾਂ ਦੀ ਉਗਰਾਹੀ ਸਹੀ ਢੰਗ ਨਾਲ ਨਹੀਂ ਹੋ ਰਹੀ, ਸਗੋਂ ਟੈਕਸ ਇਕੱਠਾ ਕਰਨ 'ਚ ਕਮੀ ਹੋ ਰਹੀ ਹੈ, ਜੋ ਕਿ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ। ਕਿਉਂਕਿ ਪੰਜਾਬ ਦਾ ਖੁਦ ਦਾ ਕਰ ਸੰਗ੍ਰਹਿ ਪਿਛਲੇ ਪੰਜ ਸਾਲਾਂ ਤੋਂ ਕੁਲ ਕਰ ਸੰਗ੍ਰਹਿ ਦਾ ਸਿਰਫ 23.5 ਪ੍ਰਤੀਸ਼ਤ ਹੈ, ਜਦਕਿ ਕੇਂਦਰ ਉਤੇ ਇਸਦੀ ਨਿਰਭਰਤਾ 75 ਫੀਸਦੀ ਹੈ, ਜੋ ਨਿਰੰਤਰ ਵਧਦੀ ਜਾ ਰਹੀ ਹੈ ਤੇ ਕੇਂਦਰ ਪੰਜਾਬ ਉਤੇ ਕਬਜ਼ਾ ਤਾਂ ਕਰਨਾ ਚਾਹੁੰਦਾ ਹੈ ਪਰ ਇਸ ਵੇਲੇ ਇਸਦੇ ਪੱਲੇ ਕੁਝ ਨਹੀਂ ਪਾ ਰਿਹਾ। ਅਤੇ ਨਾ ਹੀ ਡਿਗਦੇ ਢਹਿੰਦੇ ਪੰਜਾਬ ਨੂੰ ਠੁੰਮਣਾ ਦੇ ਰਿਹਾ ਹੈ।

ਪੰਜਾਬ ਵਿੱਚ ਤਨਖਾਹਾਂ, ਪੈਨਸ਼ਨਾਂ ਅਤੇ ਵਿਆਜ਼ ਦਾ ਵੱਡਾ ਬੋਝ ਹੈ ਇਸ ਨਾਲ  ਵਿਕਾਸ ਦੀਆ ਯੋਜਨਾਵਾਂ ਲਈ ਪੈਸਾ  ਬਹੁਤ ਘੱਟ ਰਹਿੰਦਾ ਹੈ। ਕਰੋਨਾ ਦੀ ਮਾਰ ਨਾਲ ਵੀ ਪੰਜਾਬ ਦਾ ਵੱਡਾ ਨੁਕਸਾਨ  ਹੋਇਆ ਹੈ। ਸਿਆਸੀ ਲੋਕ ਆਰਥਿਕ ਸਥਿਤੀ ਸੁਧਾਰਨ ਲਈ ਇਕੋ ਇੱਕ ਤੋੜ ਸ਼ਰਾਬ ਦੀ ਵਿਕਰੀ 'ਚ ਵਾਧੇ ਨਾਲ ਕਮਾਏ ਧਨ ਨੂੰ ਸਮਝਦੇ ਹਨ। ਪੰਜਾਬ 'ਚ ਵੀ ਇਹੋ ਹੋ ਰਿਹਾ ਹੈ। ਪੰਜਾਬ ਉਂਜ ਹੀ ਨਸ਼ਿਆਂ ਦੀ ਮਾਰ ਹੇਠ ਹੈ, ਉਪਰੋਂ ਸਸਤੀ ਮਿਲ ਰਹੀ ਸ਼ਰਾਬ ਇਸਦੇ ਸਮਾਜਿਕ ਪੱਖਾਂ ਉਤੇ ਬਹੁਤ ਮਾਰੂ ਅਸਰ ਪਾ ਰਹੀ ਹੈ।

ਪੰਜਾਬ ਕਦੇ ਹਰਿਆ-ਭਰਿਆ, ਵਿਕਸਤ ਅਤੇ ਦੇਸ਼ ਦਾ ਮੋਹਰੀ ਸੂਬਾ ਗਿਣਿਆ ਜਾਂਦਾ ਸੀ। ਅੱਜ ਆਜ਼ਾਦੀ ਦੇ 75ਵੇਂ ਵਰ੍ਹੇ 'ਚ ਇਸਦੇ ਵਿਕਾਸ ਨੂੰ ਹੀ ਖੋਰਾ ਨਹੀਂ ਲੱਗਾ ਇਸਦਾ ਅਕਸ ਵੀ ਕਈ ਕਾਰਨਾਂ ਕਾਰਨ ਧੁੰਦਲਾ ਹੋਇਆ ਹੈ। ਰਾਜ ਦੀ ਵਿਗੜਦੀ ਆਰਥਿਕ ਸਥਿਤੀ ਦੇ ਮੱਦੇਨਜ਼ਰ ਕੋਈ ਵੀ ਵਿਦੇਸ਼ੀ ਨਿਵੇਸ਼ਕ ਪੰਜਾਬ 'ਚ ਨਿਵੇਸ਼ ਕਰਨ ਲਈ ਤਿਆਰ ਨਹੀਂ । ਕੁਝ ਸਮਾਂ ਪਹਿਲਾਂ ਪੰਜਾਬ 'ਚ ਪ੍ਰਵਾਸੀ ਪੰਜਾਬੀਆਂ ਨੇ ਆਪਣੇ  ਕਾਰੋਬਾਰ ਖੋਲ੍ਹਣ ਲਈ ਪਹਿਲਕਦਮੀ ਕੀਤੀ ਪਰ ਸਿਆਸੀ ਕੰਗਾਲਪੁਣੇ ਅਤੇ ਰਿਸ਼ਵਤਖੋਰੀ ਨੇ ਉਹਨਾ ਦੇ ਪੈਰ ਨਹੀਂ ਲੱਗਣ ਦਿੱਤੇ ਅਤੇ ਉਹ ਆਪਣੇ ਕਾਰੋਬਾਰ ਸਮੇਟਣ ਲਈ ਮਜ਼ਬੂਰ ਹੋ ਗਏ ਜਾਂ ਕਰ ਦਿੱਤੇ ਗਏ। ਪੰਜਾਬ 'ਚ ਬੇਰੁਜ਼ਗਾਰੀ ਵਧਣ ਨਾਲ ਪੰਜਾਬ ਦੀ ਨੌਜਵਾਨੀ ਪ੍ਰਵਾਸ ਦੇ ਰਾਹ ਤੁਰ ਪਈ ਹੈ। ਮਾਫੀਏ ਅਤੇ ਗੈਂਗਸਟਰਾਂ ਦਾ ਡਰ ਲੋਕਾਂ ਨੂੰ ਸਤਾਉਂਦਾ ਹੈ, ਅਮਨ ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜਦੀ ਦਿਸਦੀ ਹੈ, ਰੰਗਲਾ ਪੰਜਾਬ ਗੰਧਲਾ ਪੰਜਾਬ ਬਣਦਾ ਜਾ ਰਿਹਾ ਹੈ। ਸੂਬੇ ਲਈ ਸਿਆਸੀ ਅਸਥਿਰਤਾ ਪੈਦਾ ਕਰਨ ਲਈ "ਵੱਡੇ ਹਾਕਮਾਂ" ਉਤੇ "ਵੱਡੇ ਦੋਸ਼" ਲੱਗ ਰਹੇ ਹਨ, ਪੰਜਾਬ ਆਰਥਿਕ ਪੱਖੋਂ ਵੀ, ਸਮਾਜਿਕ ਪੱਖੋਂ ਵੀ ਅਤੇ ਸਿਆਸੀ ਤੌਰ 'ਤੇ ਵੀ ਨਿਵਾਣਾਂ ਵੱਲ ਜਾ ਰਿਹਾ ਹੈ।

ਪਿਛਲੇ 75 ਵਰ੍ਹਿਆਂ 'ਚ ਪੰਜਾਬ ਦੀ ਕਮਰ ਸਮੇਂ-ਸਮੇਂ 'ਤੇ ਭੰਨਣ ਦਾ ਯਤਨ ਹੋਇਆ, ਇਸਦੀ ਆਰਥਿਕਤਾ ਤਬਾਹ ਕਰਨ ਦਾ ਅਮਲ ਲਗਾਤਾਰ ਜਾਰੀ ਰਿਹਾ। 18 ਜੁਲਾਈ 1947 ਨੂੰ ਪੰਜਾਬ ਦੀ ਵੰਡ ਦੇ ਅੰਗਰੇਜ਼ ਹਾਕਮਾਂ ਹੁਕਮ ਜਾਰੀ ਕੀਤੇ, ਜਿਸਦੇ ਸਿੱਟੇ ਵਜੋਂ ਫਿਰਕੂ ਫਸਾਦ ਹੋਏ, ਪੰਜਾਬੀ ਬੋਲਦੇ ਲੱਖਾਂ ਨਿਮਾਣੇ, ਨਿਤਾਣੇ,ਮਾਸੂਮ 10 ਮਿਲੀਅਨ ਤੋਂ ਵੀ ਵੱਧ ਲੋਕ, ਨਵੀਆਂ ਸਰਹੱਦਾਂ ਬਨਣ ਕਾਰਨ ਉਜਾੜੇ ਦਾ ਸ਼ਿਕਾਰ ਹੋਏ। ਲੱਖਾਂ ਲੋਕ ਕਤਲ ਕਰ ਦਿੱਤੇ ਗਏ।ਕਈ ਬਿਲੀਅਨ ਡਾਲਰਾਂ ਦਾ ਨੁਕਸਾਨ ਇਸ ਪੰਜਾਬ ਦੀ ਧਰਤੀ ਨੂੰ ਆਪਣੇ ਲੋਕਾਂ ਦੀਆਂ ਜਾਇਦਾਦਾਂ ਗੁਆਕੇ ਝੱਲਣਾ ਪਿਆ। ਇਹ ਪੰਜਾਬੀਆਂ ਦੇ ਉਜਾੜੇ ਦਾ, ਅਜ਼ਾਦੀ ਦਾ ਇੱਕ ਤੋਹਫਾ, ਪੰਜਾਬੀਆਂ ਦੇ ਪੱਲੇ ਪਿਆ। ਇਹ ਪੰਜਾਬ ਦੀ ਆਰਥਿਕਤਾ ਉਤੇ ਇਕ ਵੱਡੀ ਸੱਟ ਸੀ।

ਪੰਜਾਬੀ ਸੂਬੇ ਦੀ ਸਥਾਪਨਾ ਨੇ ਪੰਜਾਬ ਟੋਟੇ-ਟੋਟੇ ਕੀਤਾ। ਚੰਡੀਗੜ੍ਹ ਪੰਜਾਬ ਤੋਂ ਖੋਹਿਆ।  ਪੰਜਾਬ ਦੇ ਦਰਿਆਈ ਪਾਣੀਆਂ ਉੱਤੇ ਡਾਕਾ ਮਾਰਿਆ ਗਿਆ।  ਅੰਤਰਰਾਸ਼ਟਰੀ ਰਿਪੇਰੀਅਨ ਕਾਨੂੰਨ ਨੂੰ ਅੱਖੋਂ-ਪਰੋਖੇ ਕਰਕੇ ਦਰਿਆਈ ਪਾਣੀਆਂ ਦੀ ਵੰਡ ਕਰ ਦਿੱਤੀ ਗਈ।  ਪੰਜਾਬ ਦੇ ਇਸ ਕੁਦਰਤੀ ਖਜ਼ਾਨੇ ਦੀ ਲੁੱਟ ਨੇ ਪੰਜਾਬ ਦੇ ਆਰਥਿਕ ਢਾਂਚੇ ਨੂੰ ਤਹਿਸ਼-ਨਹਿਸ਼ ਕੀਤਾ।

ਪੰਜਾਬ ‘ਚ ਗਰਮ-ਠੰਡੀਆਂ ਲਹਿਰਾਂ,ਬੇਰੁਜ਼ਗਾਰੀ ਦੇ ਕਾਰਨ ਮੁਖ ਤੌਰ ‘ਤੇ ਚੱਲੀਆਂ। ਬੇਰੁਜ਼ਗਾਰੀ ਹੀ ਨੌਜਵਾਨਾਂ ਦੇ ਪ੍ਰਵਾਸ ਦਾ ਕਾਰਨ ਬਣੀ। ਨਸ਼ੇ ਨੇ ਸੂਬੇ ‘ਚ ਬਦਹਾਲੀ ਲਿਆਂਦੀ।  ਪੰਜਾਬ ਦੇ ਲੱਖਾਂ ਵਿਦਿਆਰਥੀ ਆਇਲਿਟਸ ਕਰਕੇ ਕੈਨੇਡਾ,ਇੰਗਲੈਡ,ਅਮਰੀਕਾ ਤੇ ਹੋਰ ਮੁਲਕਾਂ ਦੀਆਂ ਯੂਨੀਵਰਸਿਟੀਆਂ ‘ਚ ਦਾਖਲੇ ਲਈ ਅਰਬਾਂ- ਖਰਬਾਂ ਰੁਪਏ ਹਰ ਵਰ੍ਹੇ ਪੰਜਾਬ ਤੋਂ ਬਾਹਰ ਵੱਡੀਆਂ ਫ਼ੀਸਾਂ ਦੇ ਨਾਮ ਉਤੇ ਭੇਜਣ ਲਈ ਮਜਬੂਰ ਕਰ ਦਿੱਤੇ ਗਏ ਹਨ। ਅਤੇ ਇੰਜ ਪੰਜਾਬ ਦੀ ਆਰਥਿਕਤਾ ਨੂੰ ਖੋਰਾ ਲੱਗ ਰਿਹਾ ਹੈ। ਉਹ ਪ੍ਰਵਾਸੀ ਜਿਹੜੇ ਕਦੇ ਡਾਲਰ,ਪੌਂਡ ਪੰਜਾਬ ਭੇਜਕੇ ਇਥੇ ਆਪਣੀ ਜ਼ਮੀਨ- ਜਾਇਦਾਦ ਬਣਾਉਂਦੇ ਸਨ,ਉਹ ਪੰਜਾਬ ਮਾਹੌਲ ਦੇ ਡਰੋਂ ਵੇਚ ਵੱਟ ਕੇ “ਪੰਜਾਬ” ਤੋਂ ਖਹਿੜਾ ਛੁਡਾਉਣ ਦੇ ਰਾਹ ਤੇ ਹਨ,ਉਸੇ ਪੰਜਾਬ ਤੋਂ ਜਿਹੜਾ ਉਹਨਾ ਲਈ ਸਭ ਤੋਂ ਪਿਆਰਾ ਹੈ।  

ਇਸ ਨਾਜ਼ੁਕ ਸਥਿਤੀ ਦੀ ਜ਼ਿੰਮੇਵਾਰੀ ਸਿੱਧੇ ਜਾਂ ਅਸਿੱਧੇ ਤੌਰ ‘ਤੇ ਪੰਜਾਬ ਦੇ ਸਿਆਸਤਦਾਨਾਂ ਦੀ ਕੰਗਾਲ ਸੋਚ ਉਤੇ ਪੈਂਦੀ ਹੈ, ਜਿਹੜੇ ਸਮੇਂ-ਸਮੇਂ ‘ਤੇ ਕੇਂਦਰ ਵਲੋਂ ਪੰਜਾਬ ਵਿਰੋਧੀ ਫ਼ੈਸਲਿਆਂ ਪ੍ਰਤੀ ਸਹਿਮਤੀ ਪ੍ਰਗਟ ਕਰਦਿਆਂ ਚੁੱਪ ਧਾਰਦੇ ਰਹੇ ਅਤੇ ਇਥੋਂ ਦੇ ਲੋਕਾਂ ਦੇ ਰੋਸ,ਰੋਹ ਦੇ ਡਰੋਂ ਲੋਕਾਂ ਨੂੰ ਮੁਫ਼ਤ ਰਾਸ਼ਨ ਦੇਣ,ਬਿਜਲੀ ਮੁਫ਼ਤ ਦੇਣ, ਪਾਣੀ ਮੁਫ਼ਤ ਦੇਣ ਜਾਂ ਹੋਰ ਰਿਆਇਤਾਂ ਦਾ ਗੱਫਾ ਦੇਕੇ,ਉਹਨਾ ਦੇ ਮੂੰਹ ਬੰਦ ਕਰਕੇ ਆਪਣੀਆਂ ਸਿਆਸੀ ਰੋਟੀਆਂ ਸੇਕਦੇ ਰਹੇ।  

ਰਿਆਇਤਾਂ ਦੀ ਰਾਜਨੀਤੀ ਕਰਨ ਦੀ ਨੀਤੀ ਦੀ ਥਾਂ,ਜੇਕਰ ਪੰਜਾਬ ਦੇ ਆਰਥਿਕ ਸੁਧਾਰ ਲਈ ਯਤਨ ਕੀਤੇ ਹੁੰਦੇ, ਬੇਰੁਜ਼ਗਾਰੀ ਨੂੰ ਠੱਲ ਪਾਈ ਹੁੰਦੀ, ਖੇਤੀ ਦੇ ਨਾਲ-ਨਾਲ ਖੇਤੀ ਅਧਾਰਤ ਉੁਦਯੋਗ ਲਗਾਉਣ ਲਈ ਪਹਿਲਕਦਮੀ ਅਤੇ ਯਤਨ ਕੀਤੇ ਹੁੰਦੇ, ਸਿੱਖਿਆ ਸਹੂਲਤਾਂ ਸਭ ਲਈ ਬਰਾਬਰ, ਸਿਹਤ ਸਹੂਲਤਾਂ ਇਕਸਾਰ ਸਭ ਲਈ ਦਿੱਤੀਆਂ ਹੁੰਦੀਆਂ, ਪੰਜਾਬ ਦੇ ਵਿਗੜਦੇ ਵਾਤਾਵਰਨ ਨੂੰ ਬਚਾਇਆ ਹੁੰਦਾ ਤਾਂ ਪੰਜਾਬ ਆਪਣੇ ਮੱਥੇ ਨਾ ਨਸ਼ਿਆਂ ਦਾ ਟਿੱਕਾ ਲਗਵਾਉਂਦਾ, ਨਾ ਆਰਥਿਕ ਤੌਰ 'ਤੇ ਇੰਨਾ ਪਛੜਦਾ ਅਤੇ ਨਾ ਹੀ ਇਥੋਂ ਦੇ ਲੋਕ ਪ੍ਰਵਾਸ ਹੰਢਾਉਣ ਲਈ ਮਜ਼ਬੂਰ ਹੁੰਦੇ।

-ਗੁਰਮੀਤ ਸਿੰਘ ਪਲਾਹੀ

-9815802070

ਪੁਸਤਕ "ਵਿਵੇਕਸ਼ੀਲ ਦ੍ਰਿਸ਼ਟੀ ਦਾ ਹਸਤਾਖ਼ਰ ਡਾ: ਬਰਜਿੰਦਰ ਸਿੰਘ ਹਮਦਰਦ" ਲਿਖਤ ਪ੍ਰੋ:  ਬ੍ਰਹਮਜਗਦੀਸ਼ ਸਿੰਘ ਪੜ੍ਹਦਿਆਂ - ਗੁਰਮੀਤ ਸਿੰਘ ਪਲਾਹੀ

ਚਿੰਤਨ ਦੀ ਦੁਨੀਆਂ ਵਿੱਚ ਨਵੇਂ ਦਿਸਹੱਦੇ ਸਿਰਜਨ ਵਾਲੇ ਲੇਖਕ, ਪੱਤਰਕਾਰ, ਬੁੱਧੀਜੀਵੀ ਡਾ: ਬਰਜਿੰਦਰ ਸਿੰਘ ਦੀ ਪੁਸਤਕ " ਵਿਵੇਕਸ਼ੀਲ ਦ੍ਰਿਸ਼ਟੀ ਦਾ ਹਸਤਾਖ਼ਰ ਡਾ: ਬਰਜਿੰਦਰ ਸਿੰਘ ਹਮਦਰਦ" ਦੀ ਸਮੀਖਿਆ/ਚਰਚਾ ਉਦੋਂ ਤੱਕ ਪੂਰੀ ਨਹੀਂ ਗਿਣੀ ਜਾਏਗੀ, ਜਦੋਂ ਤੱਕ ਸਮਕਾਲੀ ਲੇਖਕਾਂ, ਚਿੰਤਕਾਂ ਦੇ ਡਾ: ਬਰਜਿੰਦਰ ਸਿੰਘ ਦੇ ਬਾਰੇ ਲਿਖੇ ਵਿਚਾਰ ਅਸੀਂ ਨਹੀਂ ਪੜ੍ਹਦੇ।

"ਬਰਜਿੰਦਰ ਸਿੰਘ ਇੱਕ ਐਸਾ ਪੱਤਰਕਾਰ ਹੈ, ਜਿਸਨੇ ਸ਼ੀਸ਼ੇ ਨੂੰ ਦਬਾਅ ਥੱਲੇ  ਜਾਂ ਲਾਲਚ ਵਿੱਚ ਟੇਡਾ ਨਹੀਂ ਹੋਣ ਦਿੱਤਾ" (ਐਸ.ਐਸ.ਜੌਹਲ (ਡਾ.))।

"ਚੁੱਪ, ਸਾਊ ਤੇ ਮਿਹਨਤੀ ਬਰਜਿੰਦਰ ਸਿੰਘ ਨੇ ਆਪਣੀ ਚਾਲ ਨਹੀਂ ਬਦਲੀ ਤੇ ਨਾ ਹੀ ਸਖ਼ਸ਼ੀਅਤ" (ਮਰਹੂਮ ਵਿਸ਼ਵਾਨਾਥ ਤਿਵਾੜੀ)।

"ਸੁਹਿਰਦ ਪੱਤਰਕਾਰ ਹੋਣ ਦੇ ਨਾਲ-ਨਾਲ ਬਰਜਿੰਦਰ ਸਿੰਘ ਨਾਵਲਕਾਰ ਵੀ ਹੈ ਅਤੇ ਨਿਬੰਧਕਾਰ ਵੀ। ਸਮਝੌਤਾ ਨਹੀਂ ਕਿਤੇ ਵੀ- ਨਾ ਆਪਣੇ -ਆਪ ਨਾਲ, ਨਾ ਹਾਲਾਤ ਨਾਲ"(ਮਰਹੂਮ ਨਰਿੰਜਨ ਤਸਨੀਮ (ਪ੍ਰੋ.) ਨਾਵਲਕਾਰ)।

 "ਬਰਜਿੰਦਰ ਸਿੰਘ ਉਮਰ ਵਿੱਚ ਮੇਰੇ ਨਾਲੋਂ ਛੋਟਾ ਹੈ ਅਤੇ ਅਕਲ ਵਿੱਚ ਵੱਡਾ। ਪ੍ਰਾਪਤੀਆਂ ਵਿੱਚ ਉਸ ਤੋਂ ਵੀ ਵੱਡਾ" (ਗੁਲਜਾਰ ਸਿੰਘ ਸੰਧੂ)।

"ਉਨ੍ਹਾਂ ਦੀਆਂ ਲਿਖਤਾਂ ਅਤੇ ਦ੍ਰਿੜਤਾ ਨਾਲ ਸਥਾਪਤੀ ਦੀ ਨੀਂਦ ਹਰਾਮ ਹੋ ਜਾਂਦੀ ਹੈ। 'ਅਜੀਤ' ਨੇ ਪੰਜਾਬ ਦੇ ਸੰਕਟ ਵੇਲੇ ਸਭ ਤੋਂ ਵੱਡੀ ਸਥਾਪਤੀ, ਸਰਕਾਰ ਦੀਆਂ ਅੱਖਾਂ ਵਿੱਚ ਰੜਕ ਪੈਦਾ ਕਰ ਦਿੱਤੀ। ਇਸ ਲਈ 'ਅਜੀਤ' 'ਤੇ ਸ. ਬਰਜਿੰਦਰ ਸਿੰਘ ਹਮਦਰਦ ਨੂੰ ਵਧਾਈ ਦੇਣੀ ਚਾਹੀਦੀ ਹੈ"(ਮਹੀਪ ਸਿੰਘ(ਡਾ.) (ਸਵਰਗਵਾਸੀ)।

".... ਲਿਖਤਾਂ ਤੋਂ ਸਪਸ਼ਟ ਹੈ ਕਿ ਬਰਜਿੰਦਰ ਸਿੰਘ ਦੇ ਮੱਥੇ 'ਤੇ ਕੋਈ ਵੱਟ ਨਹੀਂ ਹੈ, ਸੀਨਾ ਸਾਫ਼ ਹੈ" (ਗੁਰਪੁਰਵਾਸੀ ਗਿਆਨੀ ਲਾਲ ਸਿੰਘ)।

"ਬਰਜਿੰਦਰ ਸਿੰਘ ਦਾ ਅਧਿਐਨ ਖੇਤਰ ਬੜਾ ਸੰਤੁਲਿਤ ਹੈ" (ਡਾ: ਅਤਰ ਸਿੰਘ ਸਵਰਗਵਾਸੀ)।

"ਮੈਨੂੰ ਕੋਈ ਅਜਿਹੀ ਘਟਨਾ ਯਾਦ ਨਹੀਂ, ਜਦੋਂ ਉਹਨੇ ਆਪਣੇ ਕਿਸੇ ਸਕੇ (ਸਿਆਸਤਦਾਨ) ਦੀ ਵੀ ਗਲਤ ਗੱਲ ਨੂੰ ਪ੍ਰਵਾਨ ਕੀਤਾ ਹੋਵੇ" (ਗੁਰਦਿਆਲ ਸਿੰਘ ਨਾਵਲਕਾਰ(ਸਵਰਗਵਾਸੀ)।

"ਸਮਾਜਿਕ ਰਿਸ਼ਤਿਆਂ ਦੀ ਅਹਿਮੀਅਤ ਨੂੰ ਪਹਿਚਾਣਦਾ ਹੋਇਆ ਬਰਜਿੰਦਰ ਸਿੰਘ ਹਲੀਮੀ ਦਾ ਧਾਰਨੀ ਹੈ ਪਰ ਪੱਤਰਕਾਰੀ ਅਤੇ ਰਾਜਨੀਤੀ ਦੇ ਖੇਤਰ ਵਿੱਚ ਕਠੋਰ ਜੀਵਨ ਦਾ ਮਾਲਕ ਹੈ"(ਸ.ਪ. ਸਿੰਘ (ਡਾ.)।

"ਉਸਦੀ ਚੁੱਪ ਵੀ ਬੋਲਦੀ ਹੈ ਅਤੇ ਹਾਸਾ ਵੀ ਦੂਜੇ ਨੂੰ ਡੂੰਘੀ ਰਮਜ਼ ਸਮਝਾ ਦਿੰਦਾ ਹੈ। (ਅਮਰਜੀਤ ਸਿੰਘ ਕਾਂਗ(ਡਾ.) (ਸਵਰਗਵਾਸੀ)।

  ਡੂੰਘੀਆਂ ਰਮਜ਼ਾਂ ਦੇ ਮਾਲਕ, "ਡਾ. ਬਰਜਿੰਦਰ ਸਿੰਘ" ਦੀਆਂ ਲਿਖਤਾਂ ਨੂੰ ਪਾਠਕਾਂ ਸਾਹਮਣੇ ਲਿਆਉਂਦਿਆਂ ਡਾ. ਬਰਜਿੰਦਰ ਸਿੰਘ ਬਾਰੇ ਲਿਖੀ ਪੁਸਤਕ 'ਚ ਉਸ ਵਲੋਂ ਲਿਖੇ ਨਾਵਲ "ਕੁਝ ਪੱਤਰੇ" ਦੀ ਲੇਖਕ ਸਭ ਤੋਂ ਪਹਿਲਾ ਚਰਚਾ ਕਰਦਾ ਹੈ," ਕਦੇ ਕੋਈ ਪੁਰਾਣਾ ਜ਼ਿਕਰ ਛਿੜ ਜਾਣ 'ਤੇ ਉਹ ਆਪਣੀ ਚੀਸ ਭੁਲਾਉਣ ਲਈ ਉੱਚੀ-ਉੱਚੀ ਠਹਾਕੇ ਵੀ ਲਾਉਂਦਾ ਰਹਿੰਦਾ ਹੈ ਕਿ ਇਸ ਤਰ੍ਹਾਂ ਕਰਨ ਨਾਲ ਸ਼ਾਇਦ ਜਿਉਣ ਵਾਸਤੇ ਵਧੇਰੇ ਆਕਸੀਜਨ ਮਿਲ ਜਾਵੇਗੀ ਜਾਂ ਕੁਝ ਹੋਰ"।ਉਪਰੰਤ ਆਪਣੇ ਲੇਖਾਂ ਵਿੱਚ ਡਾ. ਬਰਜਿੰਦਰ ਸਿੰਘ ਦੇ ਜੀਵਨ ਫਲਸਫੇ ਦੇ ਦਰਸ਼ਨ ਕਰਾਉਂਦਾ ਹੈ।

ਡਾ: ਬ੍ਰਹਮਜਗਦੀਸ਼ ਸਿੰਘ, ਡਾ: ਬਰਜਿੰਦਰ ਸਿੰਘ ਦੀ ਲੇਖਣੀ ਸਬੰਧੀ ਲਿਖੀ ਇਸ ਪੁਸਤਕ ਨੂੰ 14 ਭਾਗਾਂ ਵਿੱਚ ਵੰਡਦਾ ਹੈ। ਜਿਸ ਵਿੱਚ ਛੋਟੇ-ਛੋਟੇ ਦਾਇਰੇ: ਸਭਿਆਚਾਰਕ-ਇਤਿਹਾਸਕ ਦਸਤਾਵੇਜ਼, ਧਰਤੀਆਂ ਦੇ ਗੀਤ: ਸਫ਼ਰਨਾਮੇ, ਜੋਤ ਜਗਦੀ ਰਹੇਗੀ: ਵਚਨਬੱਧਤਾ ਦਾ ਸੰਕਲਪ, ਵਿਰਸੇ ਦਾ ਗੌਰਵ: ਸਭਿਆਚਾਰਕ ਪਰਿਪੇਖ, ਪੈਂਡਾ ਬਾਕੀ ਹੈ: ਮੰਜ਼ਿਲ ਵੱਲ ਵਧਦੇ ਕਦਮ, ਮੌਮਬੱਤੀਆਂ ਦੀ ਲੋਅ: ਅਮਨ ਅਤੇ ਸਦਭਾਵਨਾ ਦੇ ਸੁਨੇਹੇ, ਦੋਸਤੀ ਦਾ ਗੀਤ : ਵਿਸ਼ਵ ਮੈਤਰੀ ਦੀ ਕਾਮਨਾ, ਮਿੱਟੀ ਦਾ ਮੋਹ: ਵਤਨਪ੍ਰਸਤੀ ਦਾ ਅਹਿਦ, ਤਰਕਸ਼ੀਲਤਾ ਦਾ ਚਾਨਣ:ਵਿਗਿਆਨਕ ਸੈਕੂਲਰ ਸੋਚ, ਪਲੀਤ ਹੋਇਆ ਗੰਦਲਾ ਚੌਗਿਰਦਾ: ਵਾਤਾਵਰਣਿਕ ਚੇਤਨਾ, ਪੰਜਾਬ ਅਤੇ ਪੰਜਾਬੀਅਤ: ਪੰਜਾਬੀਆਂ ਦਾ ਗੌਰਵ, ਸਭਿਆਚਾਰਕ ਰੂਪਾਂਤਰਣ ਵਿੱਚ ਸਮੁੱਚਾ ਯੋਗਦਾਨ, ਸ਼ਾਮਲ ਕੀਤੇ ਗਏ ਹਨ। ਇਹਨਾ ਸਮੁੱਚੇ ਵਿਸ਼ਿਆਂ ਸਬੰਧੀ ਲਿਖਤਾਂ 'ਚ ਬਰਜਿੰਦਰ ਸਿੰਘ ਵਲੋਂ ਪ੍ਰਗਟ ਕੀਤੇ ਵਿਚਾਰਾਂ ਨੂੰ ਡਾ: ਬ੍ਰਹਮਜਗਦੀਸ਼ ਸਿੰਘ ਬਾਖ਼ੂਬੀ ਪ੍ਰਗਟ ਕਰਦਾ ਹੈ। ਆਪਣੇ ਵਲੋਂ ਲਿਖੀ ਪੁਸਤਕ ਦੀ ਭੂਮਿਕਾ 'ਚ ਉਹ ਲਿਖਦਾ ਹੈ, "ਸ. ਬਰਜਿੰਦਰ ਸਿੰਘ ਹਮਦਰਦ ਪੰਜਾਬੀ ਪੱਤਰਕਾਰੀ ਦੇ ਇਤਿਹਾਸ ਵਿੱਚ ਇੱਕ ਨਵੇਂ ਯੁੱਗ ਦੀ ਦਸਤਕ ਅਤੇ ਪਰਿਵਰਤਨ ਦਾ ਸੰਦੇਸ਼ ਲੈ ਕੇ ਉਪਸਥਿਤ ਹੋਇਆ ਹੈ। ਇਸ ਪੁਸਤਕ ਵਿੱਚ ਡਾ: ਬਰਜਿੰਦਰ ਸਿੰਘ ਹਮਦਰਦ ਦੀਆਂ ਸਮੁੱਚੀਆਂ ਲਿਖਤਾਂ (ਸੰਪਾਦਕੀਆਂ, ਲੇਖਾਂ, ਸਫ਼ਰਨਾਮਿਆਂ ਅਤੇ ਨਾਵਲ )ਦਾ ਵਿਸ਼ਲੇਸ਼ਣਾਤਮਕ ਅਧਿਐਨ ਕੀਤਾ ਗਿਆ ਹੈ।

ਪੁਸਤਕ ਵਿੱਚ ਜਿਥੇ ਡਾ: ਬਰਜਿੰਦਰ ਸਿੰਘ ਦੇ ਜੀਵਨ ਵੇਰਵੇ ਦਰਜ਼ ਕੀਤੇ ਗਏ, ਉਥੇ ਉਹਨਾ ਵਲੋਂ ਛਾਪੀਆਂ 14 ਪੁਸਤਕਾਂ ,18 ਸੰਗੀਤ ਐਲਬਮਾਂ, ਪ੍ਰਾਪਤ ਸਨਮਾਨਾਂ ਦਾ ਜ਼ਿਕਰ ਕੀਤਾ ਗਿਆ ਹੈ ਅਤੇ ਹੋਰ ਪ੍ਰਾਪਤੀਆਂ ਦਾ ਵੀ।

ਸਾਹਿਤ ਅਤੇ ਸਹਿਤਕਾਰ ਦਾ ਧਰਮ ਸਮਾਜਿਕ, ਆਰਥਿਕ ਬੇਇਨਸਾਫੀ ਵਾਸਤੇ ਆਵਾਜ਼ ਬੁਲੰਦ ਕਰਨਾ ਹੈ। ਡਾ: ਬਰਜਿੰਦਰ ਸਿੰਘ ਦੀਆਂ ਲਿਖਤਾਂ ਦੀ ਮਾਨਵੀ ਪਹੁੰਚ, ਮੌਜੂਦਾ ਦੌਰ 'ਚ ਲਹੂ-ਲੁਹਾਣ ਹੋਈ ਮਾਨਵਤਾ ਦੇ ਜ਼ਖਮਾਂ ਉਤੇ ਮਲ੍ਹਮ ਲਾਉਣ ਜਿਹੀ ਹੈ। ਉਹ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦਾ ਸੁਹਿਰਦ ਪਹਿਰੇਦਾਰ ਹੈ। ਉਹ ਰਸੂਲ ਹਮਜ਼ਾਤੋਵ ਦੇ ਕਥਨ ਨੂੰ ਆਪਣੀਆਂ ਲਿਖਤਾਂ ਵਿੱਚ ਸੱਚ ਕਰ ਵਿਖਾਉਂਦਾ ਦਿਸਦਾ ਹੈ, "ਜੋ ਕੁਝ ਲੇਖਕ ਨੇ ਦੇਖਿਆ, ਸੁਣਿਆ ਜਾਂ ਪੜ੍ਹਿਆ ਉਸ ਵਿੱਚ ਸੱਚ-ਝੂਠ, ਸੋਨਾ-ਤਾਂਬਾ, ਕਣਕ-ਤੂੜੀ ਨੂੰ ਵੱਖ-ਵੱਖ ਕਰਨ ਦੇ ਯੋਗ ਹੋਣ ਲਈ ਬੁੱਧੀ ਅਤੇ ਗਿਆਨ ਦੀ ਲੋੜ ਹੁੰਦੀ ਹੈ"। ਡਾ: ਬਰਜਿੰਦਰ ਸਿੰਘ ਕੋਲ ਬੁੱਧੀ ਹੈ, ਗਿਆਨ ਹੈ, ਸ਼ਬਦਾਂ ਰਾਹੀਂ ਵਿਚਾਰਾਂ ਨੂੰ ਪ੍ਰਗਟ ਕਰਨ ਦੀ ਸਮਰੱਥਾ ਹੈ।

ਮਹਾਤਮਾ ਬੁੱਧ, ਗੁਰੂ ਗੋਬਿੰਦ ਸਿੰਘ ਜੀ, ਮਹਾਰਾਜਾ ਰਣਜੀਤ ਸਿੰਘ ਤੇ ਲਿਊ ਟਾਲਸਟਾਏ ਦੇ ਵਿਚਾਰਾਂ ਤੋਂ ਪ੍ਰਭਾਵਤ ਡਾ: ਬਰਜਿੰਦਰ ਸਿੰਘ ਬਾਰੇ ਪੁਸਤਕ ਲੇਖਕ ਪ੍ਰੋ. ਬ੍ਰਹਮਜਗਦੀਸ਼ ਸਿੰਘ ਦੇ ਸ਼ਬਦਾਂ ਮਹੱਤਵਪੂਰਨ ਹਨ, "ਬਰਜਿੰਦਰ ਸਿੰਘ ਪੰਜਾਬੀ ਪੱਤਰਕਾਰੀ ਦਾ ਇੱਕ ਨਿਰਵਿਵਾਦ ਹਸਤਾਖ਼ਰ ਦਾ ਰੁਤਬਾ ਪ੍ਰਾਪਤ ਕਰ ਚੁੱਕਾ ਹੈ। ਉਸਨੇ ਆਪਣੀ ਪੱਤਰਕਾਰੀ ਨੂੰ ਹੀ ਸਾਹਿਤਿਕ ਗੁਣਾਂ-ਲੱਛਣਾਂ ਨਾਲ ਭਰਪੂਰ ਕਰੀ ਰੱਖਿਆ ਹੈ। ਪੰਜਾਬੀ ਪੱਤਰਕਾਰੀ ਦੇ ਇਤਿਹਾਸ ਵਿੱਚ ਡਾ: ਬਰਜਿੰਦਰ ਸਿੰਘ ਦੀ  ਇਸ ਦੇਣ  ਨੂੰ ਸਦਾ ਯਾਦ ਰੱਖਿਆ ਜਾਵੇਗਾ"।

ਡਾ: ਬਰਜਿੰਦਰ ਸਿੰਘ ਦੀਆਂ ਲਿਖਤਾਂ ਤੇ ਪ੍ਰਾਪਤੀਆਂ 'ਜੈਕਬ ਕਲਾਟਜ਼ਕਿਨ' ਦੇ ਹੇਠ ਲਿਖੇ ਵਿਚਾਰਾਂ ਦੀ ਤਰਜ਼ਮਾਨੀ ਕਰਦੀਆਂ ਹਨ:-

ਹੇ ਮਨੁੱਖ, ਜ਼ਿੰਦਗੀ ਨਾਲ ਖੇਡ, ਖ਼ਤਰੇ ਲੱਭ,

 ਤੇ ਜੇ ਉਹ ਨਾ ਲੱਭਣ, ਤਾਂ ਆਪ ਖ਼ਤਰੇ ਪੈਦਾ ਕਰ।

ਡੂੰਘਾਣਾਂ ਵਿੱਚ ਝਾਕ-ਤੇ ਡਰ। ਜੋ ਮਹਾਨ ਭੈ ਤੋਂ ਡਰਿਆ ਨਹੀਂ,

ਉਹ ਮਹਾਨ ਜ਼ਿੰਦਗੀ ਨਹੀਂ ਜੀਵਿਆ। ਡਰ ਤੇ ਹੱਸ"।

ਪ੍ਰੋ: ਬ੍ਰਹਮਜਗਦੀਸ਼ ਸਿੰਘ ਵਲੋਂ ਲਿਖੀ ਸਾਂਭਣ ਅਤੇ ਪੜ੍ਹਣਯੋਗ ਪੁਸਤਕ "ਵਿਵੇਕਸ਼ੀਲ ਦ੍ਰਿਸ਼ਟੀ ਦਾ ਹਸਤਾਖ਼ਰ ਡਾ: ਬਰਜਿੰਦਰ ਸਿੰਘ ਹਮਦਰਦ" ਦੇ ਕੁਲ ਮਿਲਾਕੇ 176 ਸਫ਼ੇ ਹਨ। ਇਹ ਪੁਸਤਕ ਨਾਨਕ ਸਿੰਘ ਪੁਸਤਕ ਮਾਲਾ, ਅੰਮ੍ਰਿਤਸਰ ਵਲੋਂ ਛਾਪੀ ਗਈ ਹੈ। ਪੁਸਤਕ ਦੀ ਕੀਮਤ 350 ਰੁਪਏ ਹੈ।

-ਗੁਰਮੀਤ ਸਿੰਘ ਪਲਾਹੀ
-9815802070
-gurmitpalahi@yahoo.com

ਵਿਸ਼ਵ ਗੁਰੂ - ਅੱਗਾ ਦੌੜ, ਪਿੱਛਾ ਚੌੜ - ਗੁਰਮੀਤ ਸਿੰਘ ਪਲਾਹੀ

ਇਸ ਵਿੱਚ ਦੋ ਰਾਵਾਂ ਨਹੀਂ ਹਨ ਕਿ ਵਿਸ਼ਵ ਅਰਥ ਵਿਵਸਥਾ ਥੱਲੇ ਡਿੱਗ ਰਹੀ ਹੈ। ਮੰਦੀ ਵਧ ਰਹੀ ਹੈ। ਮੰਦੀ ਦਾ ਭਾਵ ਹੁੰਦਾ ਹੈ ਕਿ ਹਰ ਤਿਮਾਹੀ ਵਿੱਚ ਗਿਰਾਵਟ ਦਰਜ਼ ਹੋਵੇ, ਜੋ ਕਿ ਹੋ ਰਹੀ ਹੈ। ਇਹ ਕਹਿਣਾ ਤਾਂ ਹਾਲੇ ਮੁਸ਼ਕਿਲ ਹੈ ਕਿ ਇਹ ਸਭ ਕਿਥੋਂ ਤੱਕ ਜਾਏਗਾ? ਲੇਕਿਨ ਇੱਕ ਫ਼ਰਕ ਹੈ ਉਹ ਇਹ ਕਿ 1930 ਵਿੱਚ ਸਾਨੂੰ ਪਤਾ ਨਹੀਂ ਸੀ ਕਿ ਅਸੀਂ ਮੰਦੀ ਵਿੱਚੋਂ ਕਿਵੇਂ ਨਿਕਲਾਂਗੇ, ਪਰ ਅੱਜ ਪਤਾ ਹੈ ਕਿ ਇਸ 'ਚੋ ਕਿਵੇਂ ਨਿਕਲਿਆ ਜਾ ਸਕਦਾ ਹੈ? ਜੇਕਰ ਅਸੀਂ ਚਾਹੀਏ ਤਾਂ ਅਸੀਂ ਇਸਨੂੰ ਰੋਕ ਸਕਦੇ ਹਾਂ।

          ਰੂਸ-ਯੂਕਰੇਨ ਜੰਗ ਦਾ ਅਸਰ ਸਾਡੇ ਦੇਸ਼ ਉਤੇ ਵੀ ਹੋਇਆ ਹੈ। ਸਾਡੀ ਅਰਥ ਵਿਵਸਥਾ ਡਾਵਾਂਡੋਲ ਹੋ ਗਈ ਹੈ। 2019 ਵਿੱਚ ਹੀ ਸਾਡਾ ਜੀ.ਡੀ.ਪੀ. ਦਾ ਜੋ ਟੀਚਾ ਸੀ, ਉਹ ਪੂਰਾ ਨਹੀਂ ਹੋਇਆ। ਸਾਡਾ ਅਸੰਗਠਿਤ ਖੇਤਰ ਮਹਾਂਮਾਰੀ ਸਮੇਂ ਬੁਰੀ ਤਰ੍ਹਾਂ ਪ੍ਰਭਾਵਤ ਹੋ ਗਿਆ ਸੀ। ਜੀ.ਡੀ.ਪੀ. ਪ੍ਰਭਾਵਤ ਹੋਈ। ਜੀ.ਡੀ.ਪੀ. ਦੇ ਸਰਕਾਰੀ ਅੰਕੜਿਆਂ 'ਚ ਅਸੀਂ ਅਸੰਗਠਿਤ ਖੇਤਰ ਦੇ ਅੰਕੜੇ ਜੋੜਦੇ ਹੀ ਨਹੀਂ। ਇਹ ਤੱਥ ਵੀ ਸਪਸ਼ਟ ਹੈ ਕਿ ਮਹਿੰਗਾਈ ਨਾਲ ਵਧੀ ਹੋਈ ਬੇਰੁਜ਼ਗਾਰੀ ਸਾਡੀ ਅਰਥ ਵਿਵਸਥਾ 'ਚ ਹੋਰ ਅਸਰ ਪਾ ਸਕਦੀ ਹੈ।

          ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ 2024-25 ਤੱਕ 5 ਟ੍ਰਿਲੀਅਨ ਡਾਲਰ ਇਕੌਨਮੀ ਦਾ ਟੀਚਾ ਰੱਖਿਆ ਹੈ। ਵਾਧੇ ਦੀ ਦਰ ਅੱਛੀ ਹੋਏਗੀ ਤਾਂ ਇਹ ਟੀਚਾ ਪੂਰਾ ਹੋ ਸਕਦਾ ਸੀ, ਲੇਕਿਨ ਇਹ ਹੁਣ ਇਹੋ ਜਿਹਾ ਨਹੀਂ ਹੋ ਰਿਹਾ। ਡਾਲਰ ਦੇ ਮੁਕਾਬਲੇ ਰੁਪਿਆ ਕਮਜ਼ੋਰ ਹੋ ਰਿਹਾ ਹੈ । ਡਾਲਰ ਦੇ ਮੁਕਾਬਲੇ ਰੁਪਿਆ ਕਮਜ਼ੋਰ ਹੋਣ ਦਾ ਕਾਰਨ ਹੈ ਕਿ ਡਾਲਰ ਇੱਕ ਤਰ੍ਹਾਂ ਨਾਲ ਦੁਨੀਆ ਦੀ ਰਿਜ਼ਰਵ ਕਰੰਸੀ ਹੈ। ਜਦੋਂ ਵੀ ਪ੍ਰੇਸ਼ਾਨੀ ਆਉਂਦੀ ਹੈ ਤਾਂ ਲੋਕ ਡਾਲਰ "ਹੋਲਡ" ਕਰਦੇ ਹਨ, ਜਿਸ ਨਾਲ ਉਹ ਆਪਣੇ ਆਪ ਨੂੰ ਬਚਾ ਸਕਣ। ਦੂਸਰੇ ਪਾਸੇ ਸਾਡਾ ਉਤਪਾਦਨ ਘਾਟਾ ਵੀ ਤੇਜ਼ੀ ਨਾਲ ਵੱਧ ਰਿਹਾ ਹੈ। 5 ਬਿਲੀਅਨ ਡਾਲਰ ਪੂੰਜੀ ਹਰ ਮਹੀਨੇ ਵਾਪਸ ਵਿਦੇਸ਼ ਜਾ ਰਹੀ ਹੈ, ਵਿਦੇਸ਼ੀ ਨਿਵੇਸ਼ ਘੱਟ ਰਿਹਾ ਹੈ। ਐਨ.ਆਰ.ਆਈ. ਵੀ ਪੈਸਾ ਨਹੀਂ ਲਾ ਰਹੇ। ਇਸ ਨਾਲ ਰੁਪਿਆ ਕਮਜ਼ੋਰ ਹੋ ਗਿਆ ਹੈ। ਇੱਕ ਡਾਲਰ ਦੇ ਮੁਕਾਬਲੇ ਰੁਪਏ ਦੀ ਕੀਮਤ 79.45 ਰੁਪਏ ਰਹਿ ਗਈ ਹੈ। ਮਹਾਂਮਾਰੀ ਦੇ ਪਹਿਲਾਂ ਵੀ ਵਾਧਾ ਰੇਟ 8 ਫ਼ੀਸਦੀ ਤੋਂ ਘਟਾਕੇ 3.1 ਫ਼ੀਸਦੀ ਰਹਿ ਗਿਆ ਸੀ। ਉਸਦੇ ਬਾਅਦ ਤਾਂ ਇਹ ਹੇਠਾਂ ਹੀ ਡਿਗਦਾ ਰਿਹਾ। ਖ਼ਾਸ ਕਰ ਸਾਡਾ ਅਸੰਗਠਿਤ ਖੇਤਰ ਜਿਥੇ 94 ਫ਼ੀਸਦੀ ਲੋਕ ਕੰਮ ਕਰਦੇ ਹਨ ਬਿਲਕੁਲ ਪੱਛੜ ਗਿਆ। ਸਰਵਿਸ ਸੈਕਟਰ ਬੰਦ ਹੋ ਗਏ। ਪ੍ਰੇਸ਼ਾਨ ਲੋਕ ਪਿੰਡਾਂ 'ਚ ਜਾਕੇ ਮਨਰੇਗਾ ਦੇ ਕੰਮ ਲੱਭਣ ਲੱਗੇ। ਮਨਰੇਗਾ 'ਚ ਪੈਸੇ ਦੀ ਕਮੀ ਦੇਖਣ ਨੂੰ ਮਿਲੀ। ਉਂਜ ਵੀ ਮਨਰੇਗਾ 'ਚ 100 ਦਿਨ ਦਾ ਰੁਜ਼ਗਾਰ ਨਿਸ਼ਚਤ ਹੈ। ਸਰਕਾਰ ਵਲੋਂ ਕਰਜ਼ਾ ਦੇਣ ਨਾਲ ਸਥਿਤੀ ਸੁਧਰਨ ਵਾਲੀ ਨਹੀਂ ਹੈ, ਕਿਉਂਕਿ ਮੰਗ ਵਿੱਚ ਵੀ ਕਮੀ ਆ ਚੁੱਕੀ ਹੈ। ਆਤਮ ਨਿਰਭਰਤਾ ਦੇ ਲਈ ਸਾਨੂੰ ਆਪਣੀ ਤਕਨੀਕ ਦਾ ਵਿਕਾਸ ਕਰਨਾ ਚਾਹੀਦਾ ਸੀ, ਜਿਸਦੀ ਕਮੀ ਹੈ। ਪਿਛਲੇ 10 ਸਾਲ ਤੋਂ ਗਣੇਸ਼ ਦੀ ਮੂਰਤੀ, ਪਤੰਗ-ਮਾਝਾ ਸਭ ਚੀਨ ਤੋਂ ਆ ਰਿਹਾ ਹੈ। ਉਹਨਾ ਦੇ ਸਸਤੇ ਮਾਲ ਨਾਲ ਸਾਡਾ ਅਸੰਗਠਿਤ ਖੇਤਰ ਚੌਪਟ ਹੋ ਗਿਆ। ਚੀਨ ਨੂੰ ਦੁਸ਼ਮਣ ਵੀ ਅਸੀਂ ਸਮਝਦੇ ਹਾਂ, ਪਰ ਉਸ ਤੋਂ ਚੀਜ਼ਾਂ ਆਉਣੀਆਂ ਵੱਧ ਰਹੀਆਂ ਹਨ ਭਾਵ ਆਯਾਤ ਵੱਧਦਾ ਜਾ ਰਿਹਾ ਹੈ। ਇਸ ਨਾਲ ਸਾਡੇ ਉਦਯੋਗ ਉਤੇ ਅਸਰ ਹੋਇਆ ਹੈ। 2003 ਤੱਕ ਜੋ ਦਵਾਈਆਂ ਬਣਾਉਣ ਲਈ ਈ.ਪੀ.ਆਈ. ਅਸੀਂ ਖੁਦ ਬਨਾਉਂਦੇ ਸੀ, ਉਸਦੇ ਬਾਅਦ ਅਸੀਂ ਦੂਸਰੇ ਦੇਸ਼ਾਂ 'ਤੇ ਨਿਰਭਰ ਹੋ ਗਏ। ਤਾਂ ਫਿਰ ਸਾਡੀ ਆਤਮ ਨਿਰਭਰਤਾ ਹੈ ਕਿਥੇ?

          ਸਾਡੀ ਅਰਥ ਵਿਵਸਥਾ 15-20 ਪ੍ਰਤੀਸ਼ਤ ਡਿੱਗ ਗਈ ਹੈ ਜਦ ਕਿ ਉਸਨੂੰ ਘੱਟ ਤੋਂ ਘੱਟ 4 ਪ੍ਰਤੀਸ਼ਤ  ਵਧਣਾ ਚਾਹੀਦਾ ਸੀ। ਜੇਕਰ ਸਾਡੀ ਵਾਧਾ ਦਰ ਅੱਛੀ ਹੋਏਗੀ ਤਾਂ ਸਾਡੀ ਹਾਲਤ ਸੁਧਰਨ ਲੱਗੇਗੀ। ਹੁਣ ਕਿਉਂਕਿ ਅਸੰਗਠਿਤ ਖੇਤਰ ਵਿੱਚ ਗਿਰਾਵਟ ਲਗਾਤਾਰ ਜਾਰੀ ਹੈ, ਇਸ ਲਈ ਸੁਧਾਰ ਵਿੱਚ 15 ਸਾਲ ਵੀ ਲੱਗ ਸਕਦੇ ਹਨ।

          ਮਹਾਂਮਾਰੀ ਤੋਂ ਬਾਅਦ ਦੇਸ਼ ਵਿੱਚ ਬੇਰੁਜ਼ਗਾਰੀ ਘੱਟ ਨਹੀਂ ਹੋ ਰਹੀ । ਆਰ.ਬੀ.ਆਈ. ਦੀ ਕਰੰਸੀ ਅਤੇ ਫਾਇਨੈਂਸ 'ਤੇ ਜਾਰੀ ਤਾਜਾ ਰਿਪੋਰਟ ਦਸਦੀ ਹੈ ਕਿ ਭਾਰਤ ਦੇ ਉਤਪਾਦਨ ਵਿੱਚ 50 ਲੱਖ ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਹੋਇਆ ਹੈ। ਆਰ.ਬੀ.ਆਈ. ਦੇ ਅਨੁਸਾਰ 2022 ਵਿੱਚ ਘਾਟਾ 17.1 ਲੱਖ ਕਰੋੜ ਦਾ ਰਹਿ ਸਕਦਾ ਹੈ। ਇਹੋ ਜਿਹੇ ਹਾਲਾਤਾਂ ਵਿੱਚ ਅਸੀਂ ਵਿਸ਼ਵ ਗੁਰੂ ਕਿਵੇਂ ਦੇ ਹੋਏ?

ਇਹ ਅਸਲੀਅਤ ਹੈ ਕਿ ਅਸੀਂ ਇੱਕ ਗਰੀਬ ਦੇਸ਼ ਹਾਂ। ਤਕਨੀਕ 'ਚ ਵੀ ਪੱਛੜੇ ਹੋਏ ਹਾਂ। ਜਦੋਂ ਵਿਸ਼ਵ ਗੁਰੂ ਦੇ ਤਮਗੇ ਦੀ ਬੁੱਕਲ ਮਾਰ ਲੈਂਦੇ ਹਾਂ ਉਦੋਂ ਬਹੁਤ ਹੀ ਹਮਲਾਵਰ ਹੋ ਜਾਂਦੇ ਹਾਂ। ਸਾਡੇ ਪ੍ਰਧਾਨ ਮੰਤਰੀ ਦੇ ਮੂੰਹੋਂ ਨਿਕਲੇ ਇਹ ਸ਼ਬਦ ਤਾਂ ਨਿਰਾ ਝੂਠ ਜਾਪਦੇ ਹਨ, ਜਦੋਂ ਪ੍ਰਧਾਨ ਮੰਤਰੀ ਕਹਿੰਦੇ ਹਨ ਕਿ ਅਸੀਂ ਸਾਰੀ ਦੁਨੀਆ ਨੂੰ ਅਨਾਜ਼ ਦੇਵਾਂਗੇ, ਪਰ ਚਾਰ ਮੁਲਕਾਂ ਨੂੰ ਅਨਾਜ਼ ਦੇਕੇ ਸਾਡੀ ਬੱਸ ਹੋ ਗਈ। ਅਨਾਜ਼ ਦੀ ਖੇਪ ਬੰਦ ਕਰਨੀ ਪਈ। ਜਨਵਰੀ 2021 ਵਿੱਚ ਵਰਲਡ ਇਕਨੌਮਿਕਸ ਫੋਰਮ ਵਿੱਚ ਭਾਰਤ ਨੇ ਕਿਹਾ ਕਿ ਉਸਨੇ ਮਹਾਂਮਾਰੀ ਨੂੰ ਬਹੁਤ ਅੱਛੀ ਤਰ੍ਹਾਂ ਕਾਬੂ ਕੀਤਾ। ਲੇਕਿਨ ਦੂਜੀ ਲਹਿਰ ਵਿੱਚ ਸਾਡੇ ਹੱਥ ਪੈਰ ਫੁੱਲ ਗਏ। ਫਿਰ ਵੀ ਅਸੀਂ ਕਲੇਮ ਕਰੀ ਜਾ ਰਹੇ ਹਾਂ ਕਿ ਅਸੀਂ ਜਗਤ ਗੁਰੂ ਹਾਂ। ਸਭ ਕਾ ਵਿਕਾਸ, ਸਭ ਕਾ ਸਾਥ ਦਾ ਨਾਹਰਾ ਬੁਰੀ ਤਰ੍ਹਾਂ ਫੇਲ੍ਹ ਹੋਇਆ। ਨਵੀਆਂ ਸ਼ੁਰੂ ਸਕੀਮਾਂ ਫਲਾਪ ਹੋ ਗਈਆਂ।

          ਸਟੈਂਡ ਅੱਪ ਇੰਡੀਆ ਸਕੀਮ ਕਿਥੇ ਗੁੰਮ ਗਈ? ਗਰੀਬਾਂ ਲਈ ਬਣਾਈ ਜਨ-ਧਨ ਯੋਜਨਾ ਦਾ ਕੀ ਬਣਿਆ? ਫਰਵਰੀ 2021 ਵਿੱਚ ਭਾਰਤ ਸਰਕਾਰ ਵਲੋਂ 131 ਸਕੀਮਾਂ ਚੱਲ ਰਹੀਆਂ ਸਨ। ਸਾਲ 2022 'ਚ ਇਨ੍ਹਾਂ ਵਿੱਚ 65 ਉਤੇ 442781 ਕਰੋੜ ਰੱਖੇ ਗਏ। ਇਹਨਾ ਸਕੀਮਾਂ ਬਾਰੇ ਭਾਰਤ ਦੀ ਸੁਪਰੀਮ ਕੋਰਟ ਨੇ ਕਿਹਾ ਕਿ ਕੋਈ ਵੀ ਨਵੀਂ ਸਕੀਮ ਚਾਲੂ ਕਰਨ ਤੋਂ ਪਹਿਲਾਂ ਫੰਡਾਂ ਦਾ ਪ੍ਰਬੰਧ ਜ਼ਰੂਰੀ ਹੈ ਅਤੇ ਉਸ ਉਤੇ ਵੀ ਉਤਨਾ ਜ਼ਿਆਦਾ ਜ਼ਰੂਰੀ ਹੈ  ਖ਼ਰਚਾ ਕਰਨਾ। ਮੋਦੀ ਸਰਕਾਰ ਨੇ "ਗੰਗਾ ਸਫ਼ਾਈ ਮੁਹਿੰਮ" ਚਾਲੂ ਕੀਤੀ, ਆਯੂਸ਼ਮਾਨ ਭਾਰਤ ਚਾਲੂ ਕੀਤੀ, ਇਹਨਾ ਸਕੀਮਾਂ ਉਤੇ ਵੱਡੀਆਂ ਰਕਮਾਂ ਮਨਜ਼ੂਰ ਕੀਤੀਆਂ, ਪਰ ਜ਼ਮੀਨੀ ਪੱਧਰ 'ਤੇ ਲਾਗੂ ਨਹੀਂ ਹੋ ਸਕੀਆਂ, ਸਕੀਮਾਂ ਤੇ ਲੋਂੜੀਦਾ ਖ਼ਰਚਾ ਹੋ ਨਹੀਂ ਸਕਿਆ। ਬੇਟੀ ਬਚਾਓ, ਬੇਟੀ ਪੜਾਓ ਯੋਜਨਾ ਸੀ ਏ ਜੀ ਇੰਡੀਆ (ਕੰਪਟਰੋਲਰ ਐਂਡ ਆਡਿਟ ਜਨਰਲ ਆਫ ਇੰਡੀਆ) ਵਲੋਂ ਬੁਰੀ ਤਰ੍ਹਾਂ ਫੇਲ੍ਹ ਹੋਈ ਦਰਸਾਈ ਗਈ। ਰਿਪੋਰਟ ਅਨੁਸਾਰ ਇਸ ਸਕੀਮ ਉਤੇ 80 ਫ਼ੀਸਦੀ ਖ਼ਰਚ ਇਸ਼ਤਿਹਾਰ ਬਾਜੀ 'ਤੇ ਕੀਤਾ ਗਿਆ। ਗਰੀਬਾਂ ਲਈ ਸ਼ੁਰੂ ਕੀਤੀਆਂ ਸਕੀਮਾਂ ਦਾ ਹਾਲ ਵੇਖੋ ਕਿ 1950 ਤੋਂ ਮਿੱਟੀ ਦੇ ਤੇਲ ਉਤੇ ਸਬਸਿਡੀ ਸੀ, ਉਹ 2009 ਤੱਕ ਘਟਾਈ ਗਈ ਅਤੇ 2022 'ਚ ਪੂਰੀ ਤਰ੍ਹਾਂ ਖ਼ਤਮ ਕਰ ਦਿੱਤੀ ਗਈ । ਗਰੀਬ ਦੀ ਰਸੋਈ ਹੈਸ ਉਤੇ ਸਬਸਿਡੀ ਲਗਭਗ ਖ਼ਤਮ ਹੈ ਅਤੇ  ਰਸੋਈ ਗੈਸ ਦੇ ਭਾਅ ਅਸਮਾਨੀ ਚੜ੍ਹੇ ਹੋਏ ਹਨ। ਰੋਟੀ ਤਾਂ ਗਰੀਬ ਦੇ ਚੁੱਲ੍ਹੇ ਪਹਿਲਾਂ ਹੀ ਬਹੁਤ ਮੁਸ਼ਕਲ ਨਾਲ ਪੱਕਦੀ ਸੀ, ਹੁਣ ਮੁੜ ਝਾਕ ਲੱਕੜਾਂ ਦੇ ਬਾਲਣ ਅਤੇ ਗੋਹੇ ਦੀਆਂ ਪਾਥੀਆਂ ਬਾਲਕੇ ਚੁਲ੍ਹਾ ਭਖਾਉਣ ਦੀ ਹੋ ਗਈ ਹੈ। ਕੀ ਇਹੋ ਹੈ ਜਗਤ ਗੁਰੂ ਭਾਰਤ ਦਾ ਨਜ਼ਾਰਾ!

ਕਹਿਣ ਨੂੰ ਤਾਂ ਅਸੀਂ ਅਸਮਾਨੀ ਉਡਨਾ ਚਾਹੁੰਦੇ ਹਾਂ, ਗਰੀਬ ਚੱਪਲ ਪਹਿਨਕੇ ਹਵਾਈ ਜ਼ਹਾਜ 'ਤੇ ਚੜ੍ਹੇਗਾ, ਮੈਟਰੋ 'ਤੇ ਸਫ਼ਰ ਅਸਾਨੀ ਨਾਲ ਕਰੇਗਾ, ਦੇਸ਼ ਦੇ ਪ੍ਰਧਾਨ ਮੰਤਰੀ ਕਹਿੰਦੇ ਹਨ, ਪਰ ਅਸਲੀਅਤ ਕੁਝ ਵੱਖਰੀ ਹੈ। ਧੰਨ-ਕੁਬੇਰ ਅਤੇ ਉੱਚ ਮੱਧ ਵਰਗੀ ਪਰਿਵਾਰਾਂ ਲਈ ਸਿੱਖਿਆ, ਸਿਹਤ ਸਹੂਲਤਾਂ ਹਨ ਅਤੇ ਆਮ ਵਰਗ ਇਹਨਾ ਤੋਂ ਪੂਰੀ ਤਰ੍ਹਾਂ ਸੱਖਣਾ ਹੈ।

          ਵੇਖਿਆ ਜਾਵੇ ਤਾਂ ਵਿਕਾਸ ਇੱਕ ਪ੍ਰਕਾਰ ਦੀ ਤਬਦੀਲੀ ਹੈ। ਵਿਕਾਸ ਅਤੇ ਸੁਸ਼ਾਸ਼ਨ ਇੱਕ-ਦੂਜੇ ਦੇ ਪੂਰਕ ਹਨ। ਜੇਕਰ ਗਰੀਬੀ, ਬੀਮਾਰੀ, ਬੇਰੁਜ਼ਗਾਰੀ ਵਧੇਗੀ ਤਾਂ ਵਿਕਾਸ ਕੇਹਾ? ਜੇਕਰ ਕਿਸਾਨ ਕਲਿਆਣ ਨਹੀਂ ਹੋਏਗਾ, ਕਾਨੂੰਨੀ ਵਿਵਸਥਾ ਤਹਿਸ਼-ਨਹਿਸ਼ ਹੋਏਗੀ ਤਾਂ ਵਿਕਾਸ ਕੇਹਾ? ਜੇਕਰ ਲੋਕਾਂ ਨੂੰ ਸਿਹਤ, ਸਿੱਖਿਆ ਸਹੂਲਤਾਂ ਨਹੀਂ ਮਿਲਣਗੀਆਂ ਤਾਂ ਵਿਕਾਸ ਕੇਹਾ? ਜੇਕਰ ਸ਼ਹਿਰ ਦੇ ਨਾਲ-ਨਾਲ ਪਿੰਡ ਤਰੱਕੀ ਨਹੀਂ ਕਰੇਗਾ ਤਾਂ ਵਿਕਾਸ ਕੇਹਾ?

          ਬਿਨ੍ਹਾਂ ਸ਼ੱਕ ਸਾਡੇ ਗੁਆਂਢੀ ਦੇਸ਼ਾਂ ਦਾ ਬੁਰਾ ਹਾਲ ਹੈ। ਪਾਕਿਸਤਾਨ 'ਚ ਅਸਥਿਰਤਾ ਹੈ। ਉਥੇ ਸਰਕਾਰਾਂ ਨਿੱਤ ਬਦਲਦੀਆਂ ਹਨ। ਉਸ ਨਾਲ ਨਿਵੇਸ਼ ਨਹੀਂ ਵਧਦਾ। ਵਾਧਾ ਦਰ ਅਤੇ ਭੁਗਤਾਣ ਦਾ ਸੰਤੁਲਿਨ ਖ਼ਰਾਬ ਹੋ ਗਿਆ ਹੈ। ਉਥੇ ਆਮ ਜਨ ਜੀਵਨ ਦੇ ਮੁਕਾਬਲੇ ਸੈਨਾ ਉਤੇ ਖ਼ਰਚਾ ਵੱਧ ਰਿਹਾ ਹੈ। ਇਸ ਲਈ ਉਥੇ ਗਰੀਬੀ ਬਣੀ ਰਹਿੰਦੀ ਹੈ। ਅੱਜ ਪਾਕਿਸਤਾਨ ਆਈ.ਐਮ. ਐਫ. ਅਤੇ ਸਾਊਦੀ ਅਰਬ ਤੋਂ ਮਦਦ ਮੰਗ ਰਿਹਾ ਹੈ।

          ਮਹਾਂਮਾਰੀ ਕਾਰਨ ਸ਼੍ਰੀ ਲੰਕਾ 'ਚ ਟੂਰਿਜ਼ਮ ਠੱਪ ਹੋ ਗਿਆ। ਵਿਦੇਸ਼ੀ ਮੁਦਰਾ ਆਉਣੀ ਬੰਦ ਹੋ ਗਈ। ਲੰਕਾ ਦਾ ਰੁਪਿਆ ਕੰਮਜ਼ੋਰ ਹੋਣ ਲੱਗਾ। ਅਚਾਨਕ ਆਰਗੈਨਿਕ ਖੇਤੀ ਵੱਲ ਉਹਨਾ ਦਾ ਤੁਰਨਾ ਚੰਗਾ ਫ਼ੈਸਲਾ ਸਾਬਤ ਨਾ ਹੋਇਆ। ਉਥੇ ਭੁੱਖਮਰੀ ਦੀ ਨੌਬਤ ਆ ਗਈ। ਇਸੇ ਤਰ੍ਹਾਂ ਸ਼੍ਰੀ ਲੰਕਾ 'ਚ ਇਸਾਈ, ਮੁਸਲਿਮ, ਤਾਮਿਲ ਆਦਿ ਦਾ ਧਰੁਵੀਕਰਨ ਹੋਇਆ। ਚੋਣਾਂ 'ਚ ਭ੍ਰਿਸ਼ਟਾਚਾਰ ਵੀ ਹੋਇਆ। ਭਾਰਤ ਵੀ ਉਤੇ ਰਸਤੇ 'ਤੇ ਹੈ। ਭਾਰਤ ਸੈਕੂਲਰ ਦੇਸ਼ ਹੋਣ ਦੇ ਬਾਵਜੂਦ ਮੌਜੂਦਾ ਹਕੂਮਤ ਦੀ ਬਦੌਲਤ ਧਰਮਾਂ ਦੇ ਧਰੁਵੀਕਰਨ ਵੱਲ ਵੱਧ ਰਿਹਾ ਹੈ। ਕੀ ਇਹ ਵਿਸ਼ਵ ਗੁਰੂ ਲਈ ਚੰਗਾ ਸੰਕੇਤ ਹੈ?

          ਪਿਛਲੇ ਸਾਲ ਭਾਰਤੀ ਸੰਸਦ ਵਿੱਚ ਮੈਂਬਰਾਂ ਨੂੰ ਇਹ ਦੱਸਿਆ ਗਿਆ ਸੀ ਕਿ ਕੇਂਦਰ ਸਰਕਾਰ ਦੇ ਸਾਰੇ ਵਿਭਾਗਾਂ ਵਿੱਚ 8,72,000 ਅਸਾਮੀਆਂ ਸਰਕਾਰੀ ਖੇਤਰ ਵਿੱਚ ਖਾਲੀ ਪਈਆਂ ਹਨ। ਰਾਸ਼ਟਰੀ ਨਮੂਨਾ ਸਰਵੇਖਣ ਦਫ਼ਤਰ ਦੀ ਰਿਪੋਰਟ ਅਨੁਸਾਰ 2017-18 ਵਿੱਚ ਬੇਰੁਜ਼ਗਾਰੀ ਦਰ ਚਾਰ ਦਹਾਕਿਆਂ ਦੇ ਉੱਚੇ ਪੱਧਰ 'ਤੇ ਰਹੀ। ਕਰੋਨਾ ਕਾਲ ਵਿੱਚ ਉਦਯੋਗ ਜਗਤ 'ਚ ਰੁਜ਼ਗਾਰ ਘਟਿਆ। ਭਾਵੇਂ 2020 'ਚ ਆਤਮ ਨਿਰਭਰ ਭਾਰਤ ਅਤੇ ਮੇਕ ਇਨ ਇੰਡੀਆ ਮੁਹਿੰਮ ਨਾਲ ਅਰਥ ਵਿਵਸਥਾ ਨੂੰ ਪੱਟੜੀ ਉਤੇ ਲਿਆਉਣ ਦੇ ਨਾਲ-ਨਾਲ ਆਮਦਨੀ, ਮੰਗ, ਉਤਪਾਦਨ ਅਤੇ ਉਪਭੋਗ ਵਿੱਚ ਵਾਧੇ ਨਾਲ ਰੋਜ਼ਗਾਰ ਦੀ ਚਣੌਤੀ ਘੱਟ ਕਰਨ ਦੀ ਕੋਸ਼ਿਸ਼ ਹੋਈ ਪਰ ਪੂਰਨਬੰਦੀ ਅਤੇ ਹੋਰ ਪਾਬੰਦੀਆਂ ਕਾਰਨ ਉਪਜੀ ਬੇਰੁਜ਼ਗਾਰੀ ਦਾ ਅਸਰ ਹੁਣ ਵੀ ਕਾਇਮ ਹੈ ਅਤੇ ਇਹ ਉਦਯੋਗ ਵਪਾਰ 'ਚ ਮੰਦੀ ਨਾਲ ਵਧਦਾ ਜਾ ਰਿਹਾ ਹੈ। ਦੁਨੀਆ ਦੇ "ਥਾਣੇਦਾਰ ਦੇਸ਼" ਅਮਰੀਕਾ ਦਾ ਵੀ ਹਾਲ ਇਹੋ ਹੈ, ਉਥੇ ਮੰਦੀ ਹੈ, ਬੇਰੁਜ਼ਗਾਰੀ ਹੈ, ਪਰ ਉਹ ਇੱਕ ਅਮੀਰ ਦੇਸ਼ ਹੈ। ਉਹ ਕਦੇ ਵੀ "ਵਿਸ਼ਵ ਗੁਰੂ" ਬਨਣ ਦੀ ਦਾਵੇਦਾਰੀ ਨਹੀਂ ਕਰਦਾ, ਪਰ ਸਾਡੇ ਦੇਸ਼  ਦੇ ਸਾਸ਼ਕ ਪਤਾ ਨਹੀਂ ਕਿਸ ਬਲਬੂਤੇ 'ਤੇ ਆਪਣੇ ਦੇਸ਼ ਨੂੰ ਵਿਸ਼ਵ ਗੁਰੂ ਦਾ ਖਿਤਾਬ ਦੇਣ 'ਚ ਮਾਣ ਮਹਿਸੂਸ ਕਰਦੇ ਹਨ?

-ਗੁਰਮੀਤ ਸਿੰਘ ਪਲਾਹੀ

-9815802070

ਕਿੰਨਾ ਔਖਾ ਹੁੰਦਾ ਜਾ ਰਿਹੈ ਗਰੀਬਾਂ ਦਾ ਦੇਵਤਿਆਂ ਦੀ ਧਰਤੀ 'ਤੇ ਵਸਣਾ - ਗੁਰਮੀਤ ਸਿੰਘ ਪਲਾਹੀ

ਕੁਦਰਤੀ ਸੋਮਿਆਂ ਨਾਲ ਭਰਪੂਰ, ਹਰੀ-ਹਰਿਆਲੀ, ਦੇਵਤਿਆਂ ਦੀ ਧਰਤੀ  'ਭਾਰਤ' ਕਿਹੜੇ ਵਹਿਣ 'ਚ ਵਹਿ ਤੁਰੀ ਹੈ। ਦਰਿਆ ਗੰਦੇ, ਝੀਲਾਂ ਸੁਕੀਆਂ, ਦਰੱਖ਼ਤ ਰੁੰਡ-ਮਰੁੰਡ ਅਤੇ ਇੱਕੋ ਸ਼ਹਿਰ ਦੇ ਵਸ਼ੰਦੇ ਇੱਕ ਉੱਚੇ ਮਹਿਲਾਂ ਵਾਲੇ, ਦੂਜੇ ਝੌਪੜੀਆਂ 'ਚ ਵਸਣ ਵਾਲੇ। ਤੇਤੀ ਕਰੋੜ ਦੇਵਤਿਆਂ ਦੀ ਧਰਤੀ, ਜਿਸ ਦੀ ਧਰਤੀ ਅੰਨ ਉਗਾਉਂਦੀ, ਸਭਨਾਂ ਦਾ ਪੇਟ ਪਾਲਦੀ ਸੀ, ਉਸਨੂੰ  ਅਜਿਹਾ ਜ਼ਹਿਰ ਦਾ ਟੀਕਾ ਲਗਾ ਦਿੱਤਾ ਗਿਆ ਕਿ ਸਰੀਰ ਬਿਮਾਰੀ ਖਾਧੇ ਹੋ ਗਏ,ਕਮਾਈ ਦੇ ਸਾਧਨ ਧੰਨ ਕੁਬੇਰਾਂ ਹਥਿਆ ਲਏ। ਸਿਆਸਤਦਾਨਾਂ, ਰੁਜ਼ਗਾਰ ਦੀ ਥਾਂ, ਦੋ ਡੰਗ ਦੀ ਰੋਟੀ ਲਈ ਵੋਟਾਂ ਦੀ ਖ਼ਾਤਰ ਗਰੀਬ-ਗੁਰਬਿਆਂ ਨੂੰ ਮੁਫ਼ਤ ਅੰਨ-ਪਾਣੀ 'ਤੇ ਲੈ ਆਂਦਾ।

ਕਿਵੇਂ ਹੋਵੇ ਗੁਜ਼ਾਰਾ ਉਹਨਾ ਭੱਦਰ ਪੁਰਸ਼ਾਂ ਦਾ ਜਿਹਨਾ ਦੇ ਸਿਰ ਛੱਤ ਨਹੀਂ, ਹੱਥ ਰੁਜ਼ਗਾਰ ਨਹੀਂ, ਤਨ ਤੇ ਕੱਪੜੇ ਨਹੀਂ, ਢਿੱਡ ਭੁੱਖੇ ਹਨ। ਉਹਨਾ ਦੀ ਗਿਣਤੀ ਕਰੀਏ ਤਾਂ ਭਾਰਤ ਦੀ ਕੁੱਲ ਅੰਦਾਜ਼ਨ ਇੱਕ ਅਰਬ 40 ਕਰੋੜ ਆਬਾਦੀ ਵਿਚੋਂ ਇੱਕ ਡੰਗ ਦੀ ਰੋਟੀ ਜਿਹਨਾ ਨੂੰ ਮਸਾਂ ਨਸੀਬ ਹੁੰਦੀ ਹੈ, ਉਹਨਾ ਦੀ ਗਿਣਤੀ 20 ਕਰੋੜ ਤੋਂ ਵੱਧ ਹੈ।

ਦੇਸ਼ ਦੀਆਂ ਮੌਜੂਦਾ ਆਰਥਿਕ ਨੀਤੀਆਂ, ਜੋ ਅਮੀਰ ਪੱਖੀ ਹਨ,ਉਸ ਨਾਲ ਅਰਬਪਤੀਆਂ ਦੀ ਸੰਖਿਆ ਵਧ ਰਹੀ ਹੈ, ਮੱਧ ਵਰਗ ਦਾ ਆਕਾਰ ਘੱਟ ਰਿਹਾ ਹੈ ਅਤੇ ਗਰੀਬੀ ਦਾ ਦਾਇਰਾ ਵੱਧਦਾ ਜਾ ਰਿਹਾ ਹੈ। ਅਰਥ ਸ਼ਾਸ਼ਤਰ ਦੀ ਭਾਸ਼ਾ ‘ਚ ਇਸਨੂੰ ਅੰਗਰੇਜੀ ਦੇ ਸ਼ਬਦ ‘ਕੇ’ ਆਕਾਰ ਵਾਲਾ ਵਾਧਾ ਕਿਹਾ ਜਾਂਦਾ ਹੈ।

ਦੇਸ਼ ‘ਚ ਮਹਾਂਮਾਰੀ ਦੇ ਦੌਰਾਨ ਇੱਕ ਸਾਲ ਦੇ ਸਮੇਂ ‘ਚ  ਦੇਸ਼ ਵਿਚ ਹੋਰ ਤੇਈ ਕਰੋੜ ਲੋਕ ਗਰੀਬੀ ‘ਚ ਚਲੇ ਗਏ। ਇਹਨਾ ਵਿਚੋਂ ਹੁਣ ਕਿੰਨੇ ਗਰੀਬੀ ‘ਚੋ ਬਾਹਰ ਨਿਕਲੇ ਹਨ,ਇਸਦਾ ਕੋਈ ਅੰਕੜਾ ਨਹੀਂ ਮਿਲਦਾ ਲੇਕਿਨ ਅੱਸੀ ਕਰੋੜ ਲੋਕਾਂ ਨੂੰ ਹਾਲੇ ਵੀ ਮੁਫ਼ਤ ਰਾਸ਼ਨ ਗਰੀਬੀ ਦੇ ਅੰਕੜੇ ਦਾ ਅੰਦਾਜ਼ਾ ਦਿੰਦਾ ਹੈ।ਦੇਸ਼ ਦੀ ਇੰਨੀ ਵੱਡੀ ਆਬਾਦੀ ਮੁਫ਼ਤ ਰਾਸ਼ਨ ਉਤੇ ਨਿਰਭਰ ਹੋਵੇ ਤਾਂ ਇਸਨੂੰ ਤਰੱਕੀ ਦਾ ਕਿਹੜਾ ਤਮਗਾ ਕਹਾਂਗੇ,ਜਿਸ ਦੀਆਂ ਟਾਹਰਾਂ ਦੇਸ਼ ਦੀ ਹਕੂਮਤ ਗੱਜ-ਵੱਜ ਮਾਰ ਰਹੀ ਹੈ ।

ਲੋਕ ਮਾਰੂ ਨੀਤੀਆਂ ਕਾਰਨ ਬਾਜ਼ਾਰ ਵਿੱਚ ਮੰਗ ਨਾ ਹੋਣ ਦੇ ਬਾਵਜੂਦ ਵੀ ਮਹਿੰਗਾਈ ਸਤਵੇਂ ਅਸਮਾਨੀਂ ਚੜ੍ਹੀ ਹੋਈ ਹੈ ਅਤੇ ਬੇਰੁਜ਼ਗਾਰੀ ਸਿਖਰਾਂ ਛੋਹ ਰਹੀ ਹੈ। ਗਲਤ ਨੀਤੀਆਂ ਦਾ ਖਮਿਆਜ਼ਾ ਤਾਂ ਆਮ ਜਨਤਾ ਨੂੰ ਹੀ ਭੁਗਤਣਾ ਪੈਂਦਾ ਹੈ, ਲੇਕਿਨ ਬਾਅਦ ਵਿੱਚ ਅਰਥ ਵਿਵਸਥਾ ਵੀ ਲਪੇਟੇ ਵਿੱਚ ਆਉਣੀ ਹੈ। ਅੱਜ ਕੱਲ ਸਰਕਾਰ ਦੀ ਕਮਾਈ ਵੀ ਘੱਟ ਰਹੀ ਹੈ। ਵਿੱਤੀ ਘਾਟਾ ਪੈ ਰਿਹਾ ਹੈ ਅਤੇ ਇਹ ਲਗਾਤਾਰ ਵੱਧ ਰਿਹਾ ਹੈ। ਵਿੱਤੀ ਸਾਲ 2022-23 ਦੇ ਲਈ ਵਿੱਤੀ ਟੀਚਾ ਜੀ ਡੀ ਪੀ ਦਾ 6.4 ਫੀਸਦੀ ਨਿਰਧਾਰਤ ਸੀ, ਨੀਤੀ ਘਾੜੇ  ਇਸਨੂੰ ਪਿਛਲੇ ਸਾਲ ਦੇ ਸਤਰ ਜਾਣੀ 6.7 ਫੀਸਦੀ ਰਹਿਣ ਦੀ ਗੱਲ ਕਰਦੇ ਹਨ। ਵਿਸ਼ਵ ਪੱਧਰ ਤੇ ਕੱਚੇ ਤੇਲ ਦੀਆਂ ਕੀਮਤਾਂ ‘ਚ ਵਾਧਾ ਅਤੇ ਬਜਾਰ ‘ਚ ਘੱਟ ਰਹੀ ਮੰਗ ਕਾਰਨ ਅਤੇ ਰੁਪਏ ਦੀ ਕੀਮਤ ਲਗਾਤਾਰ ਡਾਲਰ, ਪਾਊਂਡ ਆਦਿ ਕਰੰਸੀਆਂ ਦੇ ਮੁਕਾਬਲੇ ‘ਚ ਘਟਣ ਕਾਰਨ ਦੇਸ਼ ਦਾ ਵਿਦੇਸ਼ੀ ਮੁਦਰਾ ਦਾ ਭੰਡਾਰ 600 ਅਰਬ ਡਾਲਰ ਤੋ ਥੱਲੇ ਆ ਗਿਆ ਹੈ। ਵਿਦੇਸ਼ੀ ਕਰਜ਼ਾ ਪਿਛਲੇ ਸਾਲ ਦੇ ਮੁਕਾਬਲੇ 31 ਮਾਰਚ 2022 ਤੱਕ 8.2 ਫੀਸਦੀ ਵਧਕੇ 620.7 ਅਰਬ ਡਾਲਰ ਹੋ ਗਿਆ ਹੈ।ਮਹਿੰਗਾਈ ਦਾ ਦਬਾਅ ਲਗਾਤਾਰ ਬਣਿਆ ਹੋਇਆ ਹੈ।ਇਸ ਨਾਲ ਨਿਪਟਣ ਲਈ ਅਤੇ ਵਿੱਤੀ ਘਾਟੇ ਦੀ ਸਿਹਤ ਸੁਧਾਰਨ ਲਈ ਸਰਕਾਰ ਕਿਹੜੇ ਉਪਰਾਲੇ ਕਰੇਗੀ? ਇਹਨਾ ਉਪਰਾਲਿਆਂ ਨਾਲ ਖਜ਼ਾਨੇ ਦੀ ਹਾਲਤ ਖਰਾਬ ਹੋਏਗੀ ਹੀ ਹੋਏਗੀ ਅਤੇ ਵਿੱਤੀ ਘਾਟਾ ਵੀ ਵਧੇਗਾ।

                ਮਈ 2022 ‘ਚ ਪੈਟਰੋਲ ਡੀਜ਼ਲ ਦੇ ਉਤਪਾਦਨ ਮੁੱਲ ‘ਚ 8 ਰੁਪਏ ਅਤੇ 6 ਰੁਪਏ ਦੀ ਕਮੀ ਸਰਕਾਰ ਵਲੋਂ ਕੀਤੀ ਗਈ। ਇਸ ਨਾਲ ਇੱਕ ਲੱਖ ਕਰੋੜ ਰੁਪਏ ਦਾ ਵਿੱਤੀ ਘਾਟਾ ਸਰਕਾਰ ਨੂੰ ਸਹਿਣ ਕਰਨਾ ਪਿਆ। ਉਜਵਲ ਯੋਜਨਾ ਦੀ ਤਹਿਤ ਦੋ ਸੌ ਰੁਪਏ ਦਾ ਪ੍ਰਤੀ ਸਿਲੰਡਰ ਦੇਣ ਨਾਲ 6100 ਕਰੋੜ ਰੁਪਏ ਦਾ ਖਜ਼ਾਨੇ ਉੱਤੇ ਬੋਝ ਪਿਆ । ਲੋਹਾ, ਇਸਪਾਤ ਅਤੇ ਪਲਾਸਟਿਕ ਉੱਤੇ ਰਿਆਇਤਾਂ ਦੇਣ ਨਾਲ ਵਿੱਤੀ ਘਾਟਾ ਦਸ ਤੋ ਪੰਦਰਾਂ ਕਰੋੜ ਰੁਪਏ ਦਾ ਵਧੇਗਾ। ਸਬਸਿਡੀਆਂ ਵਿੱਚ ਵਾਧੇ ਨਾਲ ਇਸ ਵਰ੍ਹੇ ਸਰਕਾਰੀ ਖਜ਼ਾਨੇ ਨੂੰ ਹੋਰ 60,939 ਕਰੋੜ ਰੁਪਏ ਦਾ ਭਾਰ ਚੁੱਕਣਾ ਪਿਆ। ਇੱਥੇ ਆਰਥਿਕ ਤੰਗੀ ਨੂੰ ਵੇਖਦਿਆਂ ਭਾਰਤ ਦੇ ਵਿੱਤ ਵਿਭਾਗ ਨੇ ਪ੍ਰਧਾਨ ਮੰਤਰੀ ਗਰੀਬ ਕਲਿਆਣ ਅਤੇ ਹੋਰ ਯੋਜਨਾਵਾਂ ਸਤੰਬਰ 2022 ਤੋਂ ਬਾਅਦ ਬੰਦ ਕਰਨ ਦੀ ਸ਼ਿਫਾਰਸ਼ ਕੀਤੀ ਹੈ। ਇਸ ਨਾਲ ਤਾਂ ਗਰੀਬਾਂ ਦੀ ਹਾਲਾਤ ਹੋਰ ਵੀ ਮੰਦੀ ਹੋ ਜਾਵੇਗੀ।

ਦੇਸ਼ ਵਿੱਚ ਸਾਲ 2021-2022 ਦੇ ਦੌਰਾਨ ਪ੍ਰਤੀ ਵਿਅਕਤੀ ਸਲਾਨਾ ਆਮਦਨ 91,481 ਰੁਪਏ ਸੀ,ਜੋ ਮਹਾਂਮਾਰੀ ਤੋਂ ਪਹਿਲਾ 2019-20 ਵਿੱਚ 94,220 ਰੁਪਏ ਅਤੇ 2018-19 ਵਿੱਚ 92,241 ਰੁਪਏ ਸੀ। ਸੋ ਪ੍ਰਤੀ ਵਿਅਕਤੀ ਆਮਦਨ ‘ਚ ਵੱਡਾ ਘਾਟਾ ਦੇਖਣ ਨੂੰ ਮਿਲਿਆ ਹੈ। ਸਾਲ 2020-21 ਮਹਾਂਮਾਰੀ ਦੌਰਾਨ ਤਾਂ ਇਹ ਆਮਦਨ ਘਟਕੇ 85,110 ਰੁਪਏ ਰਹਿ ਗਈ ਸੀ। ਇਸ ਤੋਂ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਪਿਛਲੇ ਪੰਜ ਵਰ੍ਹਿਆਂ ਦੌਰਾਨ ਆਮ ਆਦਮੀ ਦੀ ਔਸਤ ਆਮਦਨ ਵਧਣ ਦੀ ਵਿਜਾਏ ਘਟੀ ਹੈ ਜਦਕਿ ਇਸੇ ਸਮੇਂ ਦੌਰਾਨ ਮਹਿੰਗਾਈ ਵਧਕੇ ਦੋ ਗੁਣੀ ਹੋ ਗਈ ਹੈ।

ਦੇਸ਼ ‘ਚ ਸਾਲ 2018-19 ‘ਚ ਉਪਭੋਗਤਾ ਮੁੱਲ ਸੁਚਾਂਕ ਅਧਾਰਿਤ ਪ੍ਰਚੂਨ ਮਹਿੰਗਾਈ ਦਰ 3.4 ਫੀਸਦੀ ਸੀ। ਮੌਜੂਦਾ ਸਮੇਂ 2022-23 ਲਈ ਇਹ ਮਹਿੰਗਾਈ ਦਰ ਵੱਧਕੇ 6.7 ਫੀਸਦੀ ਹੋਣ ਦਾ ਅਨੁਮਾਨ ਹੈ। ਮਈ 2022 ‘ਚ ਪ੍ਰਚੂਨ ਮਹਿੰਗਾਈ ਦਰ 7.04 ਦਰਜ ਕੀਤੀ ਗਈ। ਥੋਕ ਮਹਿੰਗਾਈ ਦਰ ਦੀ ਰਫ਼ਤਾਰ ਹੋਰ ਤੇਜ਼ ਹੈ। ਮਈ 2018 ‘ਚ ਥੋਕ ਮੁੱਲ ਸੁਚਾਂਕ 'ਤੇ ਅਧਾਰਿਤ ਮਹਿੰਗਾਈ ਦਰ 4.43 ਫੀਸਦੀ ਰਹੀ ਜੋ 2022 ਵਿੱਚ 15.88 ਫੀਸਦੀ ਪੁੱਜ ਗਈ। ਇਹ ਪਿਛਲੇ 30 ਸਾਲਾਂ ਦੇ ਸਮੇਂ ‘ਚ ਸਭ ਤੋਂ ਵੱਡਾ ਵਾਧਾ ਹੈ।

ਗੱਲ ਇਥੇ ਹੀ ਨਹੀਂ ਮੁੱਕਦੀ, ਔਕਸਫੇਮ ਇੰਡੀਆ ਦੀ ਰਿਪੋਰਟ ਪੜ੍ਹਨ ਵਾਲੀ ਹੈ, ਜਿਹੜੀ ਕਹਿੰਦੀ ਹੈ ਕਿ ਭਾਰਤ ਦੇ 84 ਫ਼ੀਸਦੀ ਲੋਕਾਂ ਦੀ ਆਮਦਨ ਮਹਾਂਮਾਰੀ ਦੌਰਾਨ ਘੱਟ ਗਈ ਜਦਕਿ ਇਸੇ ਸਮੇਂ ਦੌਰਾਨ ਧੰਨ ਕੁਬੇਰਾਂ, ਅਰਬਪਤੀਆਂ ਦੀ ਆਮਦਨ 23.1 ਲੱਖ ਕਰੋੜ ਰੁਪਏ ਤੋਂ ਵਧਕੇ 53.2 ਲੱਖ ਕਰੋੜ ਰੁਪਏ ਹੋ ਗਈ ਜੋ ਦੁਗਣੇ ਤੋਂ ਵੀ ਜ਼ਿਆਦਾ ਹੈ। ਅਰਬਪਤੀਆਂ ਦੀ ਗਿਣਤੀ 102 ਤੋਂ ਵੱਧਕੇ 142 ਹੋ ਗਈ। ਸਭ ਤੋਂ ਧਨੀ 10 ਫੀਸਦੀ ਲੋਕਾਂ ਦਾ ਦੇਸ਼ ਦੀ ਅਰਥ ਵਿਵਸਥਾ ਉਤੇ 77 ਫ਼ੀਸਦੀ ਕਬਜ਼ਾ ਹੋ  ਗਿਆ ਅਤੇ ਦੇਸ਼ ਦੇ 98 ਅਰਬਪਤੀਆਂ ਦੀ ਕੁਲ ਜਾਇਦਾਦ 55.5 ਲੱਖ ਕਰੋੜ ਆਮ ਆਦਮੀ ਦੀ ਕੁਲ ਜਾਇਦਾਦ ਦੇ ਬਰਾਬਰ ਹੋ ਗਈ। ਇਸ ਤੋਂ ਵੱਡਾ ਸਿਤਮ ਭਲਾ ਦੁਨੀਆ ਦੇ ਹੋਰ ਕਿਸੇ ਦੇਸ਼ 'ਚ ਵੀ ਵੇਖਣ ਨੂੰ ਮਿਲਿਆ? ਹਾਕਮ ਧਿਰ ਜਿਹੜੀ ਦੇਸ਼ 'ਚ ਹਿੰਦੀ, ਹਿੰਦੂ, ਹਿੰਦੋਸਤਾਨ ਦਾ ਅਜੰਡਾ ਲਾਗੂ ਕਰ ਰਹੀ ਹੈ ਫਿਰਕਾਪ੍ਰਸਤਾਂ ਦੀ ਪੁਸ਼ਤਪਨਾਹੀ ਕਰਦੀ ਹੈ ਅਤੇ ਜਿਹੜੀ ਆਖਦੀ ਸੀ ਕਿ ਚੰਗੇ ਦਿਨ ਆਉਣ ਵਾਲੇ ਹਨ, ਭਲਾ ਇਹ ਦਸ ਸਕਣਗੇ ਕਿ ਕੀ ਇਹਨਾ ਚੰਗੇ-ਭਲੇ ਦਿਨਾਂ ਦੀ ਆਮ ਆਦਮੀ ਨੇ ਤਵੱਜੋ ਕੀਤੀ ਸੀ?

ਪੀਪਲਜ਼ ਰਿਸਰਚ ਆਨ ਇੰਡੀਅਨ ਕੰਜਿਊਮਰ ਇਕਾਨਮੀ ਦਾ ਸਰਵੇ ਹੋਰ ਵੀ ਸਪਸ਼ਟ ਕਰਦਾ ਹੈ ਜੋ ਕਹਿੰਦਾ ਹੈ ਕਿ ਦੇਸ਼ ਦੇ ਵੀਹ ਫੀਸਦੀ ਸਭ ਤੋਂ ਗਰੀਬ ਪਰਿਵਾਰਾਂ ਦੀ ਆਮਦਨ 2015-16 ਦੇ ਮੁਕਾਬਲੇ 2020-21 ਦੇ ਦੌਰਾਨ 53 ਫੀਸਦੀ ਘਟੀ ਹੈ। ਭਾਵ ਉਹ  ਮਰਨ ਕਿਨਾਰੇ ਹੋਏ ਬੈਠੇ ਹਨ। ਦੇਸ਼ ਦੇ ਮੱਧ ਵਰਗ ਪਰਿਵਾਰਾਂ ਦੀ ਆਮਦਨ 9 ਫੀਸਦੀ ਘਟੀ ਜਦਕਿ ਉੱਚ ਮੱਧ ਵਰਗੀ ਪਰਿਵਾਰਾਂ ਦੀ ਆਮਦਨ 'ਚ 7 ਫੀਸਦੀ ਦਾ ਵਾਧਾ ਹੋਇਆ ਅਤੇ ਵੀਹ ਫੀਸਦੀ ਸਭ ਤੋਂ ਅਮੀਰ ਪਰਿਵਾਰਾਂ ਦੀ ਆਮਦਨੀ ਵਿੱਚ 39 ਫੀਸਦੀ ਦਾ ਵਾਧਾ ਹੋਣਾ ਪਾਇਆ ਗਿਆ।

ਸਰਕਾਰ ਕੋਲ ਵਿੱਤੀ ਘਾਟੇ ਨੂੰ ਪੂਰਾ ਕਰਨ ਲਈ ਦੋ ਰਸਤੇ ਹੁੰਦੇ ਹਨ। ਸਿੱਧੇ ਟੈਕਸ ਅਤੇ ਅਸਿੱਧੇ ਟੈਕਸ। ਸਿੱਧੇ ਟੈਕਸ ਆਮਦਨ ਉਤੇ ਅਤੇ ਕਾਰਪੋਰੇਟ ਵੀ ਇਸ 'ਚ ਸਿੱਧੇ ਟੈਕਸਾਂ 'ਚ ਸ਼ਾਮਲ ਹੁੰਦਾ ਹੈ। ਅਸਿੱਧੇ ਟੈਕਸਾਂ 'ਚ ਜੀ.ਐਸ.ਟੀ., ਸੀਮਾ ਟੈਕਸ ਅਤੇ ਟੀ.ਡੀ.ਐਸ ਹਨ। ਗੈਰ ਕਰ ਸਰੋਤਾਂ ਵਿੱਚ ਸਰਵਜਨਕ ਕੰਪਨੀਆਂ ਦੀ ਕਮਾਈ ਆਉਂਦੀ ਹੈ। ਸਰਕਾਰ ਕਿਉਂਕਿ ਦੇਸ਼ ਵਿੱਚ ਨਿੱਜੀਕਰਨ ਦੇ ਰਸਤੇ ਤੁਰੀ ਹੋਈ ਹੈ, ਇਸ ਲਈ ਇਸ ਸਰਵਜਨਕ ਕਮਾਈ ਨੂੰ ਵੀ ਸੱਟ ਵੱਜ ਰਹੀ ਹੈ। ਦੇਸ਼ 'ਚ ਕਿਉਂਕਿ ਅਸਥਿਰ ਆਰਥਿਕ ਵਾਤਾਵਰਨ ਹੈ, ਇਸ ਲਈ ਵਿਨਿਵੇਸ਼ ਦੀ ਸਥਿਤੀ ਵੀ ਡਾਵਾਂਡੋਲ ਹੈ। ਸਾਲ 2021-22 'ਚ ਟੀਚਾ ਸੀ ਕਿ 1.75 ਲੱਖ ਰੁਪਏ ਦਾ ਵਿਨਿਵੇਸ਼ ਪ੍ਰਾਪਤ ਕੀਤਾ ਜਾਏਗਾ ਪਰ ਇਹ 13,561 ਕਰੋੜ ਰੁਪਏ ਤੱਕ ਸਿਮਟਕੇ ਰਹਿ ਗਿਆ। ਮੌਜੂਦਾ ਵਰ੍ਹੇ ਦਾ ਵਿਨਿਵੇਸ਼ ਨਿਸ਼ਾਨਾ 65000 ਕਰੋੜ ਹੈ, ਲੇਕਿਨ ਭਾਰਤੀ ਜੀਵਨ ਬੀਮਾ ਨਿਗਮ ਦੇ ਆਈ ਪੀ ਓ  ਦੇ ਫੇਲ੍ਹ ਹੋਣ ਕਾਰਨ ਇਹ ਪ੍ਰਾਪਤ ਕਰਨਾ ਦੂਰ ਦੀ ਗੱਲ ਹੋ ਗਈ ਹੈ। ਇਸੇ ਲਈ ਸਰਕਾਰ ਦਾ ਪੂਰਾ ਨਿਸ਼ਾਨਾ ਜੀ.ਐਸ.ਟੀ., ਸੀਮਾ ਕਰ ਪ੍ਰਾਪਤ ਕਰਨ ਤੱਕ ਸਿਮਟ ਗਿਆ ਹੈ।

2021-22 'ਚ ਜੀ.ਐਸ.ਟੀ. ਤੋਂ ਸਰਕਾਰ ਨੂੰ 6.19 ਲੱਖ ਕਰੋੜ ਪ੍ਰਾਪਤ ਹੋਏ। ਬਜ਼ਾਰ ਵਿੱਚ ਮੰਗ ਹੋਣ ਦੇ ਬਾਵਜੂਦ ਵੀ ਜੀ.ਐਸ.ਟੀ. ਜ਼ਿਆਦਾ ਹੋਣ ਪਿੱਛੇ ਵੱਧ ਰਹੀ ਮਹਿੰਗਾਈ ਹੈ।  ਸਰਕਾਰ ਲਗਾਤਾਰ ਜੀ.ਐਸ.ਟੀ. ਵਧਾ ਰਹੀ ਹੈ। ਕਈ ਚੀਜ਼ਾਂ ਜੀ.ਐਸ.ਟੀ. ਦੇ ਦਾਇਰੇ 'ਚ ਲਿਆਂਦੀ ਗਈਆਂ ਹਨ। ਕਈ ਚੀਜ਼ਾਂ ਦੀਆਂ ਜੀ.ਐਸ.ਟੀ. ਦਰਾਂ ਵਧਾ ਦਿੱਤੀਆਂ ਹਨ। ਇਹ ਦਰਾਂ 18 ਜੁਲਾਈ ਤੋਂ ਲਾਗੂ ਹੋਣਗੀਆਂ। ਇਸ ਨਾਲ ਮਹਿੰਗਾਈ ਹੋਰ ਵੀ ਵਧੇਗੀ।

ਦੇਸ਼ ਦੇ ਹਾਕਮਾਂ ਦੀ ਨੀਤ ਤੇ ਨੀਤੀ ਵੇਖੋ ਕਿ ਟੈਕਸ ਦਾ ਇਹ ਭਾਰ ਉਸ ਵਰਗ ਉਤੇ ਪਾਇਆ ਜਾ ਰਿਹਾ ਹੇ ਜਿਸਦੇ ਹੱਥ ਵਿੱਚ ਕਰਨ ਲਈ ਕੋਈ ਕੰਮ ਹੀ ਨਹੀਂ ਹੈ। ਉਸ ਵਰਗ ਨੂੰ ਟੈਕਸ ਛੋਟ ਦਿੱਤੀ ਜਾ ਰਹੀ ਹੈ, ਜਿਸਦੀਆਂ ਤਜੌਰੀਆਂ ਪਹਿਲਾਂ ਹੀ ਭਰੀਆਂ ਪਈਆਂ ਹਨ। ਇਹ ਲੋਕ ਜੋ ਕਮਾਈ ਕਰਦੇ ਹਨ, ਉਸਦਾ ਵੱਡਾ ਹਿੱਸਾ ਦੂਜੇ ਦੇਸ਼ਾਂ 'ਚ ਟਿਕਾਣੇ ਲਗਾ ਰਹੇ ਹਨ। ਕੀ ਇਹ ਕੁਨੀਤੀ ਨਹੀਂ? ਕੀ ਇਹ ਦੇਸ਼ ਧ੍ਰੋਹ ਨਹੀਂ?

ਮਿਸਾਲ ਲਵੋ 2020 'ਚ ਕਾਰਪੋਰੇਟਾਂ ਲਈ ਟੈਕਸ 30 ਫੀਸਦੀ ਤੋਂ ਘਟਾਕੇ 22 ਫੀਸਦੀ ਕਰ ਦਿੱਤਾ ਜਿਸ ਨਾਲ 1.45 ਲੱਖ  ਕਰੋੜ ਰੁਪਏ ਸਲਾਨਾ ਦਾ ਸਰਕਾਰੀ ਖਜ਼ਾਨੇ ਨੂੰ ਚੂਨਾ ਲੱਗਿਆ। ਫਿਰ ਵੀ ਸਰਕਾਰ ਦੀ ਬਦਨੀਤੀ ਦੇਖੋ ਜੋ ਦਲੀਲ ਦਿੰਦੀ ਹੈ ਕਿ ਕਟੌਤੀ ਤੋਂ ਬਾਅਦ ਵੀ ਕਾਰਪੋਰੇਟਾਂ ਵਲੋਂ ਜਮ੍ਹਾਂ ਟੈਕਸ ਰਕਮ ਵੱਧ ਰਹੀ ਹੈ। ਸਾਫ਼ ਦਿਸਦਾ ਹੈ ਕਿ ਅਮੀਰਾਂ ਦੀ ਆਮਦਨ ਵਧੇਗੀ, ਅਰਬਪਤੀਆਂ ਦੀ ਗਿਣਤੀ ਵਧੇਗੀ, ਉਹਨਾ ਦੀ ਜਾਇਦਾਦ ਵਧੇਗੀ। ਲੇਕਿਨ ਇਹ ਕਾਰਪੋਰੇਟ ਅਮੀਰਾਂ ਦਾ ਟੈਕਸ ਦਾ ਭਾਰ ਵੀ ਤਾਂ ਆਮ ਜਨਤਾ ਉਠਾ ਰਹੀ ਹੈ।

ਆਖ਼ਰ ਸਵਾਲ ਇਹ ਪੈਦਾ ਹੁੰਦਾ ਹੈ ਕਿ ਆਮ ਆਦਮੀ ਕਦੋਂ ਤੱਕ ਆਮਦਨ ਦਾ ਸ੍ਰੋਤ ਬਣਿਆ ਰਹੇਗਾ? ਕਦ ਤੱਕ ਇਹ ਹਾਕਮਾਂ ਦੀ ਭੁੱਖ ਮਿਟਾਉਂਦਾ ਰਹੇਗਾ, ਕਦ ਤੱਕ ਇਹ ਧੰਨ ਕੁਬੇਰਾਂ ਦੀ ਖੁਰਾਕ -ਖਾਜਾ ਬਣਿਆ ਰਹੇਗਾ? ਇਹ ਤਦੋਂ ਤੱਕ ਆਮਦਨ ਸ੍ਰੋਤ ਬਣਿਆ ਰਹੇਗਾ, ਜਦੋਂ ਤੱਕ ਇਹ ਇਸ ਲਾਇਕ ਹੈ, ਜਦੋਂ ਉਹਦੇ ਪੱਲੇ ਹੀ ਕੁਝ ਨਾ ਰਿਹਾ, ਤਾਂ ਹਾਕਮ ਉਸਨੂੰ ਕਿਵੇਂ ਨਿਚੋੜਨਗੇ, ਕਿਵੇਂ ਚੜੂੰਡਣਗੇ?

ਕੀ ਲੋਕ ਕਲਿਆਣਕਾਰੀ ਰਾਜ ਵਿੱਚ ਗਰੀਬ ਆਮ ਆਦਮੀ ਤੋਂ ਵੱਧ ਤੋਂ ਵੱਧ ਟੈਕਸ ਵਸੂਲੀ ਅੱਛਾ ਸ਼ਗਨ  ਹੈ? ਤੇ ਸਵਾਲ ਇਹ ਵੀ ਉੱਠ ਰਿਹਾ ਹੈ ਕਿ ਦੇਵਤਿਆਂ ਦੀ ਧਰਤੀ 'ਤੇ ਗਰੀਬ ਲੋਕਾਂ ਦਾ ਖ਼ੂਨ ਜਰਵਾਣੇ ਕਦੋਂ ਤੱਕ ਪੀਂਦੇ ਰਹਿਣਗੇ? ਇਹੋ ਜਿਹੀ ਹਾਲਾਤ ਵਿੱਚ ਉਹ ਕਿਵੇਂ ਆਪਣੀ ਇਸ ਧਰਤੀ ਤੇ ਰਹਿ ਸਕਣਗੇ?

            ਕਮਾਈ ਵਗੈਰ ਅਰਥ ਵਿਵਸਥਾ ਅਤੇ ਪਾਣੀ ਵਗੈਰ ਨਦੀ ਦੀ ਕੀ ਕਲਪਨਾ ਕੀਤੀ ਜਾ ਸਕਦੀ ਹੈ? ਜੇਕਰ ਸਰੋਤ ਸੁੱਕ ਗਏ ਤਾਂ ਸਮਝੋ ਦੋਨਾਂ ਦੀ ਹੋਂਦ ਖਤਰੇ ਵਿੱਚ ਹੈ। ਭਾਰਤ ਦੀ ਅਰਥ ਵਿਵਸਥਾ ਕੁੱਝ ਇਹੋ ਜਿਹੀ ਦਸ਼ਾ ਵੱਲ ਵੱਧ ਰਹੀ ਹੈ। ਸ਼੍ਰੀ ਲੰਕਾ ਦੀ ਅਰਥ ਵਿਵਸਥਾ ਦਾ ਜੋ ਹਾਲ ਹੋਇਆ ਹੈ ਇਹੋ ਜਿਹੀ ਹਾਲਤਾਂ ‘ਚ ਕੀ ਭਾਰਤ ਦਾ ਵੀ ਇਹੋ ਜਿਹਾ ਹਾਲ ਤਾਂ ਨਹੀ ਹੋਏਗਾ ਤਾਂ ਫਿਰ ਗਰੀਬਾਂ ਦਾ ਕੀ ਬਣੇਗਾ?                              

-ਗੁਰਮੀਤ ਸਿੰਘ  ਪਲਾਹੀ
-9815802070

ਕੀ ਕਹਿੰਦਾ ਹੈ ਬਜ਼ਟ "ਆਪ" ਦਾ - ਗੁਰਮੀਤ ਸਿੰਘ ਪਲਾਹੀ

ਪੰਜਾਬ ਹਿਤੈਸ਼ੀ ਕਹਿੰਦੇ ਹਨ ਕਿ ਪੰਜਾਬ ਨੂੰ ਰਿਆਇਤਾਂ ਸਬਸਿਡੀਆਂ ਦੀ ਲੋੜ ਨਾਲੋਂ ਚੰਗੀ ਸਿੱਖਿਆ, ਸਿਹਤ ਸਹੂਲਤਾਂ  ਅਤੇ ਪੰਜਾਬ 'ਚ ਚੰਗੇ ਵਾਤਾਵਰਨ ਦੀ ਲੋੜ ਹੈ। ਇਹ ਗੱਲ ਸੱਚ ਹੈ।

ਪੰਜਾਬ ਨੂੰ ਪਾਣੀਆਂ ਦੀ ਲੋੜ ਹੈ। ਪੰਜਾਬ ਨੂੰ ਰੁਜ਼ਗਾਰ ਦੀ ਲੋੜ ਹੈ। ਪੰਜਾਬ ਨੂੰ ਨਸ਼ਾ ਮੁਕਤ ਹੋਣ ਦੀ ਲੋੜ ਹੈ। ਪਿੰਡਾਂ, ਸ਼ਹਿਰਾਂ ਦੀਆਂ ਨੁੱਕਰਾਂ 'ਚ ਲੋਕਾਂ ਨੂੰ ਪੜ੍ਹਾਈ ਦੀ ਚੇਟਕ ਲਾਉਣ, ਗਿਆਨ ਵਧਾਉਣ ਲਈ ਰੀਡਿੰਗ ਰੂਮ ਅਤੇ ਲਾਇਬ੍ਰੇਰੀਆਂ ਦੀ ਲੋੜ ਹੈ, ਜਿਸ ਨਾਲ ਪੰਜਾਬੀਆਂ 'ਚ ਚੇਤਨਾ ਪੈਦਾ ਹੋਵੇ। ਉਹ ਆਪਣੇ ਪੁਰਾਤਨ ਵਿਰਸੇ ਨਾਲ ਜੁੜ ਸਕਣ। ਉਹ "ਕੁੜੀਮਾਰ ਕਲਚਰ" ਅਤੇ ਨਸ਼ਿਆਂ ਤੋਂ ਉਤਪੋਤ ਹੋਣ ਤੋਂ ਬਚ ਸਕਣ। ਇੱਕ ਖ਼ਬਰ ਅਨੁਸਾਰ ਪੰਜਾਬ ਹਰ ਰੋਜ਼ 8 ਕਰੋੜ ਦੀ ਸ਼ਰਾਬ ਡਕਾਰ ਜਾਦੇ ਹਨ ਅਤੇ ਕੋਈ ਵੀ ਕਿਤਾਬ ਖਰੀਦਣ ਤੋਂ ਕੰਨੀ ਕਤਰਾਉਂਦੇ ਹਨ। ਉਹ ਪੰਜਾਬੀ ਜਿਹੜੇ ਦੁਨੀਆ ਵਿੱਚ ਗਿਆਨ ਵੰਡਣ ਲਈ ਮਸ਼ਹੂਰ ਸਨ, ਜਿਥੇ ਵੇਦਾਂ, ਗ੍ਰੰਥਾਂ ਦੀ ਸਿਰਜਨਾ ਹੋਈ, ਗੁਰੂ ਗ੍ਰੰਥ ਸਾਹਿਬ ਜੀ ਪ੍ਰਕਾਸ਼ਮਾਨ ਹੋਏ, ਜਿਥੇ ਦਾ ਸਾਹਿਤ ਅਮੀਰੀ ਨਾਲ ਭਰਿਆ ਪਿਆ ਹੈ, ਉਹ ਆਖ਼ਰ ਪੜ੍ਹਾਈ, ਗਿਆਨ ਤੋਂ ਬੇਮੁੱਖ ਕਿਉਂ ਹੋ ਗਏ? ਕੀ ਉਹਨਾ ਨੂੰ ਮੁੜ ਉਸ ਧਾਰਾ 'ਚ  ਲਿਆਉਣ ਲਈ ਕਦਮ  ਆਪਣੇ ਆਪ ਨੂੰ ਨਿਵੇਕਲੀ ਸਿਆਸੀ ਪਾਰਟੀ ਅਖਵਾਉਣ ਵਾਲੀ "ਆਪ" ਵਲੋਂ ਨਹੀਂ ਪੁੱਟੇ ਜਾਣੇ ਚਾਹੀਦੇ ਸਨ?

ਆਓ ਪੰਜਾਬ ਦੇ ਬਜ਼ਟ ਉਤੇ ਇੱਕ ਝਾਤੀ ਮਾਰ ਲੈਂਦੇ ਹਾਂ:-

ਸਾਲ 2022-23 ਤੱਕ ਪੰਜਾਬ ਸਿਰ 2,84,780 ਕਰੋੜ ਦਾ ਕਰਜ਼ਾ ਹੈ। 2017-18 ਵਿੱਚ ਇਹ ਕਰਜ਼ਾ 1,95,152 ਕਰੋੜ ਸੀ। ਇਸ ਕਰਜ਼ੇ ਉਤੇ ਪੰਜਾਬ ਹੁਣ ਤੱਕ 89,713 ਕਰੋੜ ਰੁਪਏ ਦਾ ਵਿਆਜ਼ ਤਾਰ ਚੁੱਕਾ ਹੈ। ਅੱਗੋਂ ਵੀ 22,000 ਕਰੋੜ ਸਲਾਨਾ ਤੋਂ ਉਪਰ ਕਰਜ਼ ਦਾ ਵਿਆਜ਼ ਤਾਰਦਾ ਰਹੇਗਾ।

ਰਿਜ਼ਰਵ ਬੈਂਕ ਆਫ਼ ਇੰਡੀਆ ਦੀ ਇੱਕ ਰਿਪੋਰਟ ਮੁਤਾਬਕ ਪੰਜਾਬ ਮੁਲਕ ਦੇ ਉਹਨਾ 10 ਸੂਬਿਆਂ ਵਿਚੋਂ ਪਹਿਲੇ ਨੰਬਰ 'ਤੇ ਹੈ, ਜਿਸਦੇ ਵਿੱਤੀ ਹਾਲਾਤ ਸਭ ਤੋਂ ਵੱਧ ਨਾਜ਼ੁਕ ਹਨ। ਨਵੀਆਂ ਰਿਆਇਤਾਂ ਦੇਣ ਦੇ ਰਾਹ ਪਈ ਹੋਈ  "ਆਪ" ਕੀ ਇਹ ਕਰਜ਼ਾ ਆਪਣੇ ਵਿੱਤੀ ਸਾਧਨਾਂ 'ਚ ਵਾਧਾ ਕਰਕੇ ਖ਼ਤਮ ਕਰ ਸਕੇਗੀ ਜਾਂ ਘਟਾ ਸਕੇਗੀ। "ਆਪ" ਸਰਕਾਰ ਨੇ ਪਿਛਲੇ 100 ਦਿਨਾਂ ਦੌਰਾਨ 8000 ਕਰੋੜ ਦਾ ਕਰਜ਼ਾ ਲਿਆ ਹੈ। ਬਾਵਜੂਦ ਇਸ ਗਲ ਦੇ ਕਿ ਉਸ ਵਲੋਂ ਇੱਕ  ਵਾਈਟ ਪੇਪਰ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਪਿਛਲੀਆਂ ਸਰਕਾਰਾਂ ਨੂੰ ਵੱਧ ਕਰਜ਼ਾ ਲੈਣ ਦੇ ਦੋਸ਼ੀ ਕਰਾਰ ਦਿੱਤਾ ਹੈ ਅਤੇ ਕਿਹਾ ਹੈ ਕਿ ਲੋੜੋਂ ਵੱਧ ਰਿਆਇਤਾਂ ਦੇਣ ਅਤੇ ਫਜ਼ੂਲ ਖ਼ਰਚੀ ਨਾਲ ਪੰਜਾਬ ਦੇ ਵਿੱਤੀ ਹਾਲਾਤ ਖਰਾਬ ਹੋਏ ਹਨ। ਕੀ 'ਆਪ' ਵੀ ਰਵਾਇਤੀ ਪਾਰਟੀਆਂ ਦੇ ਰਾਹ ਤਾਂ ਨਹੀਂ ਤੁਰ ਪਈ?

'ਆਪ' ਵਲੋਂ ਗਰੰਟੀ ਪੂਰੀ ਕਰਨ ਲਈ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਪਹਿਲੀ ਜੁਲਾਈ 2022 ਤੋਂ ਲਾਗੂ ਕਰ ਦਿੱਤੀ ਗਈ ਹੈ। ਇਸ ਰਿਆਇਤ ਵਾਸਤੇ ਖ਼ਰਚਾ ਕਿੰਨਾ ਹੋਏਗਾ? ਖ਼ਰਚੇ ਲਈ ਸਾਧਨ ਕਿਥੋਂ ਜੁਟਾਏ ਜਾਣਗੇ? ਕੀ ਕਰਜ਼ਾ ਹੋਰ ਨਹੀਂ ਵਧੇਗਾ? ਇਸ ਸਕੀਮ ਤੇ 1800 ਕਰੋੜ ਖ਼ਰਚੇ ਦਾ ਅੰਦਾਜ਼ਾ ਹੈ। ਪੰਜਾਬ ਵਿੱਚ 73.39 ਲੱਖ ਘਰੇਲੂ ਖਪਤਕਾਰ ਇਸ ਸਕੀਮ ਦਾ ਲਾਭ ਲੈਣਗੇ।

ਬਜ਼ਟ ਤੋਂ ਜਾਪਦਾ ਹੈ ਕਿ ਸਰਕਾਰ "ਆਪ" ਨੇ ਜੋ ਚੋਣ ਵਾਇਦੇ ਕੀਤੇ ਸਨ ਕਿ ਉਚੇ ਮਿਆਰ ਦੀ ਵਿਦਿਆ ਦੇਵਾਂਗੇ। ਉੱਚੇ ਮਿਆਰ ਦੀਆਂ ਸਿਹਤ ਸਹੂਲਤਾਂ ਦੇਵਾਂਗੇ, ਹਰ ਪਰਿਵਾਰ ਨੂੰ 300 ਯੂਨਿਟ ਬਿਜਲੀ ਮੁਫ਼ਤ ਦੇਵਾਂਗੇ। ਸ਼ਹੀਦ ਫੌਜੀਆਂ ਦੀਆਂ ਵਿਧਵਾਵਾਂ ਦਾ ਮੁਆਵਜ਼ਾ ਵਧਾਵਾਂਗੇ ਅਤੇ ਹਰ ਉਸ ਔਰਤ ਜਿਸਦੀ ਉਮਰ 18 ਸਾਲ ਤੋਂ ਵੱਧ ਹੈ ਉਸਨੂੰ 1000 ਰੁਪਏ  ਮਹੀਨਾ ਦੇਵਾਂਗੇ। ਬਜ਼ਟ ਵਿੱਚ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ 1000 ਰੁਪਏ ਮਹੀਨਾ ਦੇਣ ਦਾ ਵਾਇਦਾ ਛੱਡਕੇ ਬਾਕੀਆਂ ਲਈ ਬਜ਼ਟ ਵਿੱਚ ਪ੍ਰਾਵਾਧਾਨ ਕਰ ਦਿੱਤਾ ਗਿਆ ਹੈ।

ਬਜ਼ਟ ਵਿੱਚ 117 ਮੁਹੱਲਾ ਕਲਿਨਿਕ ਖੋਲ੍ਹੇ ਜਾਣ ਦੀ ਗੱਲ ਕੀਤੀ ਗਈ ਹੈ। ਪੰਜਾਬ ਵਿੱਚ 12,673 ਪਿੰਡ ਅਤੇ 237 ਸ਼ਹਿਰ ਹਨ। ਹੋਰ ਪਿੰਡਾਂ, ਸਹਿਰਾਂ 'ਚ ਮੁਹੱਲਾ ਕਲਿਨਿਕ ਕਿਵੇਂ ਤੇ ਕਦੋਂ ਖੁਲ੍ਹਣਗੇ? ਇਹ 117 ਮੁਹੱਲਾ ਕਲਿਨਿਕ ਵੀ ਸੁਵਿਧਾ ਸੈਂਟਰ ਜੋ ਪਿੰਡਾਂ ਤੇ ਸ਼ਹਿਰਾਂ 'ਚ ਸਥਿਤ ਹਨ ਅਤੇ ਸਰਕਾਰ ਵਲੋਂ ਬੰਦ ਕਰ ਦਿੱਤੇ ਗਏ ਹਨ, ਦੀਆਂ ਇਮਾਰਤਾਂ 'ਚ ਖੋਲ੍ਹੇ ਜਾਣਗੇ, ਜਦਕਿ ਜ਼ਰੂਰਤ ਉਹਨਾ ਸੁਵਿਧਾ ਸੈਂਟਰਾਂ ਨੂੰ ਸਾਰਥਕ ਢੰਗ ਨਾਲ ਚਲਾਉਣ ਦੀ ਸੀ, ਕਿਉਂਕਿ ਪੇਂਡੂ ਲੋਕ ਖ਼ਾਸ ਕਰਕੇ ਸੁਵਿਧਾ ਕੇਂਦਰਾਂ ਦੀਆਂ ਸਹੂਲਤਾਂ ਤੋਂ ਸੱਖਣੇ ਹੋ ਗਏ ਹਨ ਅਤੇ ਜ਼ਰੂਰੀ ਕੰਮ ਕਰਵਾਉਣ ਲਈ ਸ਼ਹਿਰਾਂ 'ਚ ਮਾਰੇ-ਮਾਰੇ ਫਿਰ ਰਹੇ ਹਨ।

ਬਜ਼ਟ ਵਿੱਚ 25,454 ਵਿਅਕਤੀਆਂ ਦੀ ਭਰਤੀ ਅਤੇ ਠੇਕੇ ਉਪਰ ਕੰਮ ਕਰਦੇ 36000 ਕਿਰਤੀਆਂ ਨੂੰ ਪੱਕਾ ਕਰਨ ਲਈ ਪੈਸੇ ਦਾ ਪ੍ਰਵਾਧਾਨ ਹੈ, ਜਦਕਿ ਖੇਤੀ ਖੇਤਰ ਲਈ 11,560 ਕਰੋੜ ਰੱਖੇ ਹਨ, ਜਿਨ੍ਹਾਂ 'ਚ ਟਿਊਬਵੈੱਲਾਂ ਨੂੰ ਮੁਫ਼ਤ ਬਿਜਲੀ ਲਈ  6,947 ਕਰੋੜ, 450 ਕਰੋੜ ਝੋਨੇ ਦੀ ਸਿੱਧੀ ਬਿਜਾਈ ਲਈ ਰੱਖੇ ਗਏ ਹਨ।

ਬਜ਼ਟ 2022-23 ਵਿੱਚ ਕੁਲ ਆਮਦਨ 96,378 ਕਰੋੜ ਵਿਖਾਈ ਗਈ ਹੈ। ਜਦਕਿ ਖ਼ਰਚ 1,55,860 ਕਰੋੜ ਦੱਸਿਆ ਗਿਆ ਹੈ। ਇਹ ਘਾਟਾ ਕਿਥੋਂ ਪੂਰਾ ਹੋਏਗਾ? ਜਦਕਿ 2022-23 ਵਿੱਚ ਜੀ ਐਸ ਟੀ ਦਾ ਲਗਭਗ 14 ਜਾਂ 15 ਹਜ਼ਾਰ ਕਰੋੜ ਹੁਣ ਸਰਕਾਰ ਨੂੰ ਕੇਂਦਰ ਵਲੋਂ ਨਹੀਂ ਮਿਲੇਗਾ ਅਰਥਾਤ ਆਮਦਨ ਹੋਰ ਘਟੇਗੀ। ਸਰਕਾਰ ਨੇ ਇਸ ਵਰ੍ਹੇ ਬਜ਼ਟ ਵਿੱਚ ਕੋਈ ਟੈਕਸ ਨਹੀਂ ਲਗਾਇਆ ਤਾਂ ਫਿਰ ਆਮਦਨ ਕਿਥੋਂ ਹੋਏਗੀ? ਰੇਤਾ,ਬਜ਼ਰੀ ਦੀ ਵੇਚ ਤੋਂ ਆਮਦਨ ਲਈ ਕਾਰਪੋਰੇਸ਼ਨ ਬਨਾਉਣ ਦੀ ਗੱਲ ਖੂਹ ਖਾਤੇ ਪਾ ਦਿੱਤੀ ਗਈ ਹੈ। ਐਕਸਾਈਜ਼ ਤੋਂ ਵੱਧ ਆਮਦਨ ਦੇ ਨਵੀਂ ਨੀਤੀ 'ਚ ਕੋਈ ਅਸਾਰ ਨਹੀਂ। ਹਾਂ, ਸ਼ਰਾਬ ਸਸਤੀ ਜ਼ਰੂਰ ਕਰ ਦਿੱਤੀ ਗਈ ਹੈ।

ਪਾਣੀਆਂ ਦਾ ਮੁੱਦਾ ਵਿਸ਼ੇਸ਼ ਧਿਆਨ ਮੰਗਦਾ ਹੈ। ਪੰਜਾਬ ਦੇ ਧਰਤੀ ਹੇਠਲੇ ਪਾਣੀ ਦੀ ਦੁਰਵਰਤੋਂ ਕਾਰਨ ਪਾਣੀ ਦਾ ਪੱਧਰ ਘੱਟ ਗਿਆ ਹੈ। ਸਿੱਟੇ ਵਜੋਂ ਖੇਤੀ ਮਹਿੰਗੀ ਹੋ ਗਈ ਹੈ। ਕਿਸਾਨ ਖੁਦਕੁਸ਼ੀਆਂ ਦੇ ਰਾਹ ਤੁਰੇ ਹੋਏ ਹਨ। ਛੋਟੀ ਕਿਸਾਨੀ ਖੇਤੀ ਤੋਂ ਬਾਹਰ ਹੋ ਰਹੀ ਹੈ, ਇਹ ਇੱਕ ਵੱਡੀ ਸਮੱਸਿਆ ਹੈ। ਜਿਹੜੇ ਲੋਕ ਖੇਤੀ ਛੱਡ ਰਹੇ ਹਨ, ਉਹਨਾ ਲਈ ਰੁਜ਼ਗਾਰ ਕਿਥੇ ਹੈ? ਉਂਜ ਵੀ ਹਰ ਕਿਸਾਨ ਪਰਿਵਾਰ ਔਸਤਨ 10 ਲੱਖ ਰੁਪਏ ਅਤੇ ਮਜ਼ਦੂਰ 80 ਹਜ਼ਾਰ ਰੁਪਏ ਦੇ ਕਰਜ਼ੇ ਹੇਠ ਹੈ। ਉਹਨਾ ਦੀ ਆਰਥਿਕ ਹਾਲਤ ਐਨੀ ਮਾੜੀ ਹੈ ਕਿ ਉਹ ਆਪਣਾ ਕਰਜ਼ਾ ਤਾਂ ਕੀ ਉਸਦਾ ਵਿਆਜ਼ ਲਾਹੁਣ ਤੋਂ ਵੀ ਆਤੁਰ ਹਨ। ਹੈਰਾਨੀ ਦੀ ਗੱਲ ਹੈ ਕਿ ਇਹਨਾ ਕਿਸਾਨਾਂ, ਮਜ਼ਦੂਰਾਂ  ਜੋ ਪੰਜਾਬ ਦੀ ਰੀੜ੍ਹ ਦੀ ਹੱਡੀ ਹਨ, ਲਈ ਕਰਜ਼ੇ 'ਚੋਂ ਨਿਕਲਣ ਦਾ ਪ੍ਰਵਾਧਾਨ ਹੀ ਨਹੀਂ ਕੀਤਾ ਗਿਆ। ਆਰਥਿਕ ਮਾਹਰ ਡਾ: ਸੁਖਪਾਲ ਸਿੰਘ ਕਹਿੰਦੇ ਹਨ ਕਿ ਖੇਤੀ ਸੈਕਟਰ ਨੂੰ 11560 ਕਰੋੜ ਰੁਪਏ ਦੀ ਰਾਸ਼ੀ (7.4%) ਅਲਾਟ ਕੀਤੀ ਗਈ ਹੈ। ਉਹਨਾ ਦਾ ਕਹਿਣਾ ਹੈ ਕਿ ਇਸ ਨਿਗੁਣੀ ਰਾਸ਼ੀ ਨਾਲ ਖੇਤੀ ਸੈਕਟਰ ਦੀਆਂ ਸਮੱਸਿਆਵਾਂ ਹੱਲ ਹੋਣ ਵਾਲੀਆਂ ਨਹੀਂ। ਉਹਨਾ ਇਹ ਵੀ ਕਿਹਾ ਕਿ ਮੁਲਕ ਵਿੱਚ ਹਰੀ ਕ੍ਰਾਂਤੀ ਲਿਆਉਣ ਲਈ ਖੇਤੀ ਉਪਰ ਬਜ਼ਟ ਦਾ 24 ਪ੍ਰਤੀਸ਼ਤ ਤੱਕ ਖ਼ਰਚ ਕੀਤਾ ਜਾਂਦਾ ਰਿਹਾ ਹੈ ਅਤੇ ਪੰਜਾਬ ਨੇ ਹਰੀ ਕ੍ਰਾਂਤੀ 'ਚ ਵਿਸ਼ੇਸ਼ ਯੋਗਦਾਨ ਦਿੱਤਾ। ਪਰ ਅੱਜ ਖੇਤੀ ਸੁਧਾਰ ਲਈ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਦੂਰ ਕਰਨ ਲਈ ਵੱਡੇ ਕਦਮ ਨਾ ਚੁੱਕਣਾ, ਹੈਰਾਨੀਜਨਕ ਹੈ।

ਪੰਜਾਬ ਦੇ ਵਿਕਾਸ ਦੀ ਰੀੜ੍ਹ ਦੀ ਹੱਡੀ ਖੇਤੀ ਸੈਕਟਰ ਹੈ। ਚਾਹੀਦਾ ਤਾਂ ਇਹ ਸੀ ਕਿ ਸਾਡਾ ਬਜ਼ਟ ਖੇਤੀ ਖੋਜ ਅਤੇ ਵਿਕਾਸ ਕੇਂਦਰਤ ਹੁੰਦਾ, ਪਰ ਜਾਪਦਾ ਹੈ 'ਆਪ' ਸਰਕਾਰ ਨੇ ਗੋਗਲੂਆਂ ਤੋਂ ਮਿੱਟੀ ਝਾੜ ਦਿੱਤੀ ਹੈ ਤੇ ਕਿਸਾਨਾਂ ਪੱਲੇ ਕੁਝ ਨਹੀਂ ਪਾਇਆ।

ਪੰਜਾਬ ਦੇ ਕੁਲ ਬਜ਼ਟ ਵਿਚੋਂ 61.56 ਫ਼ੀਸਦੀ ਤਨਖਾਹਾਂ, ਪੈਨਸ਼ਨਾਂ ਆਦਿ ਲਈ ਰੱਖਿਆ ਗਿਆ ਹੈ, ਜਿਸ ਵਿੱਚ 6ਵਾਂ ਪੇ-ਕਮਿਸ਼ਨ ਦੇ ਬਜਾਏ ਦੇਣਾ ਵੀ ਸ਼ਾਮਲ ਹੈ। ਸਬਸਿਡੀਆਂ ਅਤੇ ਰਿਆਇਤਾਂ ਲਈ 15,845 ਕਰੋੜ ਰੱਖੇ ਹਨ, ਜਿਹਨਾ ਵਿੱਚ 2503 ਕਰੋੜ ਇੰਡਸਟਰੀਅਲ  ਖੱਪਤਕਾਰਾਂ ਲਈ ਬਿਜਲੀ ਸਬਸਿਡੀ ਸ਼ਾਮਲ ਹੈ।

ਪੰਜਾਬ ਬਜ਼ਟ ਦਾ ਇਕ ਉਜਾਗਰ ਪੱਖ ਸਿੱਖਿਆ ਖੇਤਰ ਉਤੇ 9 ਫ਼ੀਸਦੀ ਖ਼ਰਚ ਕਰਨਾ ਹੈ, ਜਿਸ ਨਾਲ ਦਿੱਲੀ ਪੈਟਰਨ ਤੇ ਨਵੇਂ ਸਕੂਲ ਖੋਲ੍ਹਣਾ ਸ਼ਾਮਲ ਹੈ। ਇਸ ਅਧੀਨ "ਸਕੂਲ ਆਫ ਐਮੀਨੈਂਸ" ਖੋਲ੍ਹੇ ਜਾਣਗੇ। ਟੀਚਰਾਂ ਦੀ ਸਿਖਲਾਈ ਲਈ ਵਖਰਾ ਬਜ਼ਟ ਰੱਖਿਆ ਗਿਆ ਹੈ। ਦਿੱਲੀ ਪੈਟਰਨ ਲਾਗੂ ਕਰਨ ਲਈ ਦਿੱਲੀ ਸਰਕਾਰ ਨਾਲ ਸਮਝੌਤੇ ਕਰ ਲਏ ਗਏ ਹਨ। ਇਸ ਸਾਲ 100 ਸਕੂਲ ਅਪਗਰੇਡ ਕਰਨ ਦੀ ਵੀ ਯੋਜਨਾ  ਹੈ। ਇੱਕ ਸੌ ਕਰੋੜ ਸਕੂਲਾਂ ਦੀਆਂ ਛੱਤਾਂ ਉਤੇ ਸੋਲਰ ਸਿਸਟਮ ਲਗਾਉਣ ਲਈ ਰਾਖਵੇਂ ਹਨ। ਸਿਰਫ਼ ਦਿੱਲੀ ਸਿੱਖਿਆ ਪੈਟਰਨ ਨੂੰ ਪੰਜਾਬ 'ਚ ਲਾਗੂ ਕਰਨਾ ਕੁਝ ਸਵਾਲ ਉਠਾਉਂਦਾ ਹੈ। ਕਿਉਂਕਿ ਪੰਜਾਬ ਦੇ ਸਕੂਲਾਂ ਦੀਆਂ ਸਥਿਤੀਆਂ, ਦਿੱਲੀ ਤੋਂ ਵੱਖਰੀਆਂ ਹਨ। ਅੱਖਾਂ ਮੀਟ ਕਿਸੇ ਸੂਬੇ ਦੀ ਨਕਲ ਨਾਲ ਵੱਡਾ ਧਨ ਤਾਂ ਖਰਾਬ ਕਰੇਗਾ ਹੀ, ਹੋਰ ਸਮੱਸਿਆਵਾਂ ਵੀ ਪੈਦਾ ਕਰੇਗੀ।

ਹੈਰਾਨੀ ਦੀ ਗੱਲ ਇਹ ਵੀ ਹੈ ਕਿ ਰਾਜਸਥਾਨ ਨੂੰ ਜਾਂਦੀ ਨਹਿਰ ਪੱਕੀ ਕਰਨ ਲਈ ਕਰੋੜਾਂ ਰੁਪਏ ਬਜ਼ਟ ਵਿੱਚ ਰੱਖੇ ਗਏ ਹਨ, ਜਦਕਿ ਰਾਜਸਥਾਨ ਨੂੰ ਦਹਾਕਿਆਂ ਤੋਂ ਪਾਣੀ ਮੁਫ਼ਤ ਜਾਂਦਾ ਹੈ। ਚਾਹੀਦਾ ਤਾਂ ਹੈ ਸੀ ਕਿ ਪੰਜਾਬ ਅਸੰਬਲੀ 'ਚ ਰਾਜਸਥਾਨ ਤੋਂ ਮੁਆਵਜ਼ਾ ਲੈਣ ਲਈ ਮਤਾ ਪਾਸ ਕੀਤਾ ਜਾਂਦਾ, ਪੰਜਾਬ ਸਿਰ ਚੜ੍ਹਿਆ ਵੱਡਾ ਕਰਜ਼ਾ ਖ਼ਤਮ ਹੋਣ ਦੀ ਸੰਭਾਵਨਾ ਵੱਧ ਜਾਂਦੀ।

ਬਿਨ੍ਹਾਂ ਸ਼ੱਕ ਇਸ ਬਜ਼ਟ ਸੈਸ਼ਨ ਵਿੱਚ ਵਿਧਾਨ ਸਭਾ ਵਲੋਂ "ਅਗਨੀਪੱਥ" ਯੋਜਨਾ ਤੇ ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਵਿਰੁੱਧ ਮਤਾ ਪਾਸ ਕੀਤਾ ਗਿਆ। ਪਰ ਕੀ ਪੰਜਾਬ ਯੂਨੀਵਰਿਸਟੀ, ਪੰਜਾਬ ਤੋਂ ਖੋਹੇ ਜਾਣ ਲਈ ਸਿਰਫ਼ ਮਤਾ ਪਾਸ ਕਰਨਾ ਹੀ ਕਾਫੀ ਰਹੇਗਾ। ਅਸਲ ਵਿੱਚ ਤਾਂ ਕੇਂਦਰ ਸਰਕਾਰ ਦੀਆਂ ਚੰਡੀਗੜ੍ਹ ਤੇ ਇਸ ਦੇ ਅਦਾਰਿਆਂ ਨੂੰ ਖੋਹਣ ਦੀਆਂ ਸਾਜ਼ਿਸ਼ਾਂ ਵਿਰੁੱਧ ਸਰਬ ਪਾਰਟੀ ਯਤਨਾਂ ਦੀ ਲੋੜ ਹੋਏਗੀ, ਉਵੇਂ ਹੀ ਜਿਵੇਂ ਪਾਣੀਆਂ ਦੇ ਮੁੱਦੇ ਉਤੇ ਪੰਜਾਬ ਕਦੇ ਇੱਕ ਮੁੱਠ ਖੜਾ ਦਿੱਸਿਆ ਸੀ, ਪਰ ਕਈ ਪਾਰਟੀਆਂ ਨੇ ਇਹਨਾ ਯਤਨਾਂ ਨੂੰ ਤਾਰਪੀਡੋ ਕੀਤਾ ਸੀ।

ਪੰਜਾਬ ਦੀਆਂ ਵੱਡੀਆਂ ਮੰਗਾਂ ਕਿ ਪੰਜਾਬੀਆ ਨੂੰ ਬਰਗਾੜੀ ;ਚ ਹੋਏ ਬੇਅਦਬੀ ਕਾਂਡ ਅਤੇ ਉਸਤੋਂ ਬਾਅਦ ਪੁਲਿਸ ਦੀ ਗੋਲਾਬਾਰੀ ਦੌਰਾਨ ਮਾਰੇ ਗਏ ਦੋ ਵਿਅਕਤੀਆਂ ਨਾਲ ਸਬੰਧਤ ਸਾਰੇ ਮੁੱਦੇ ਕੀ  ਪੰਜਾਬ ਅਸੰਬਲੀ 'ਚ ਨਹੀਂ ਵਿਚਾਰੇ ਜਾਣੇ ਚਾਹੀਦੇ ਸਨ? ਭਾਵੇਂ  ਇਹ ਮੁੱਦਾ ਬਜ਼ਟ ਨਾਲ ਸਬੰਧਤ ਨਹੀਂ ਹੈ, ਪਰ ਉਸ ਤੋਂ ਵੀ ਅਹਿਮ ਹੈ, ਕਿਉਂਕਿ ਜਦੋਂ ਇਹ ਘਟਨਾਵਾਂ ਵਾਪਰੀਆਂ ਸਨ, ਪੰਜਾਬ 'ਚ ਵਿਆਪਕ ਰੋਸ ਵੇਖਣ ਨੂੰ ਮਿਲਿਆ ਸੀ, ਪੂਰਾ ਪੰਜਾਬ ਸ਼ਾਂਤਮਈ ਢੰਗ ਨਾਲ ਸੜਕਾਂ 'ਤੇ ਆ ਗਿਆ ਸੀ।

ਅਸਲ ਵਿੱਚ ਪੰਜਾਬ ਦੀ 'ਆਪ' ਦਾ ਬਜ਼ਟ ਆਮ ਆਦਮੀ ਦਾ ਬਜ਼ਟ ਨਹੀਂ ਜਾਪਦਾ। ਇਹ ਓਪਰਾ-ਓਪਰਾ ਆਮ ਲੋਕਾਂ ਦੀ ਗੱਲ ਤਾਂ ਕਰਦਾ ਹੈ ਪਰ ਉਹਨਾ ਪੱਲੇ ਕੁਝ ਨਹੀਂ ਪਾਉਂਦਾ। ਨਾ ਹੀ ਇਹ ਬਜ਼ਟ ਉਹਨਾ ਦੀਆਂ ਸਮੱਸਿਆਵਾਂ ਦਾ ਹੱਲ ਕਰਦਾ ਹੈ ਅਤੇ ਨਾ ਹੀ ਕੋਈ ਵਿਸ਼ੇਸ਼ ਰਾਹਤ ਦਿੰਦਾ ਹੈ।

-ਗੁਰਮੀਤ ਸਿੰਘ ਪਲਾਹੀ

-9815802070

ਰਵੀਊ - ਗੁਰਮੀਤ ਸਿੰਘ ਪਲਾਹੀ

ਚੇਤਰ ਦਾ ਵਣਜਾਰਾ ਸੰਗੀਤ ਐਲਬਮ:

ਬੁਚਕੀ ਮੋਢੇ ਚੁੱਕ ਕੇ ਡਾ: ਬਰਜਿੰਦਰ ਸਿੰਘ ਹਮਦਰਦ ਤੁਰਿਆ ਪ੍ਰਪੱਕ ਸੰਗੀਤ ਸੁਰਾਂ ਦੇ ਰਾਹ

ਸੁਰਾਂ ਦਾ ਬਾਦਸ਼ਾਹ ਹੈ ਗਾਇਕ ਡਾ: ਬਰਜਿੰਦਰ ਸਿੰਘ ਹਮਦਰਦ। ਉਹ ਜਿਸ ਕਵੀ/ ਗੀਤਕਾਰ ਨੂੰ ਗਾਉਂਦਾ ਹੈ, ਉਹਦੀ ਰਚਨਾ ਦੇ ਧੁਰ ਅੰਦਰ ਜਾਕੇ, ਉਹਦੀ ਰੂਹ ਨੂੰ ਪਛਾਣਕੇ ਆਪਣੀ ਰੂਹ 'ਚ ਵਸਾ ਲੈਂਦਾ ਹੈ। ਕਈ ਆਂਹਦੇ ਆ ਐਡੀ ਉਮਰੇ ਡਾ: ਹਮਦਰਦ ਨੂੰ ਇਹ ਕੀ ਭਲਾ ਸ਼ੌਕ ਚੜ੍ਹਿਆ ਗਾਉਣ ਦਾ? ਉਹ ਉੱਚੇ ਪਾਏ ਦਾ ਪੱਤਰਕਾਰ ਹੈ, ਪੰਜਾਬੀ ਸਾਹਿਤ ਜਗਤ ਵਿੱਚ ਜਾਣਿਆ ਜਾਂਦਾ ਵੱਡਾ ਲੇਖਕ ਹੈ। ਡਾ: ਹਮਦਰਦ, ਭਾਈ ਵੀਰ ਸਿੰਘ ਦੀਆਂ ਸਤਰਾਂ "ਸੀਨੇ ਖਿੱਚ ਜਿਨ੍ਹਾਂ ਨੇ ਖਾਧੀ ਉਹ ਕਰ ਆਰਾਮ ਨਹੀਂ ਬਹਿੰਦੇ, ਨਿਹੁੰ ਵਾਲੇ ਨੈਣਾਂ ਕੀ ਨੀਂਦਰ ਉਹ ਦਿਨੇ ਰਾਤ ਪਏ ਵਹਿੰਦੇ" ਦੇ ਅਰਥ ਸਮਝਕੇ ਸੀਨੇ ਲਗਾਕੇ, ਉਸ ਸਮੇਂ ਦੇ ਹਾਣ ਦਾ ਬਣਕੇ, ਇਹਨਾ ਸੱਤਰਾਂ ਨੂੰ ਆਪਣੀ ਜ਼ਿੰਦਗੀ ਦਾ ਆਦਰਸ਼ ਬਣਾ ਚੁੱਕੇ ਹਨ।

ਡਾ: ਹਮਦਰਦ ਆਪਣੇ ਬਚਪਨ ਦਾ ਸ਼ੌਕ, ਜਵਾਨੀ 'ਚ ਪੂਰਾ ਨਹੀਂ ਕਰ ਸਕੇ ਰੁਝੇਵਿਆਂ ਕਾਰਨ ਤੇ ਹੁਣ ਉਮਰ ਦੇ 80ਵਿਆਂ 'ਚ ਗਾਇਕ ਡਾ: ਹਮਦਰਦ ਝੰਡਾ ਬੁਲੰਦ ਕਰੀ ਤੁਰੇ ਜਾਂਦੇ ਆ, ਇੱਕ ਤੋਂ ਬਾਅਦ ਇੱਕ ਸੰਗੀਤ ਐਲਬਮ  ਦੇਕੇ ਸੰਗੀਤ ਜਗਤ ਨੂੰ ਉਹ ਵੀ ਪੰਜਾਬੀ ਦੇ ਧੁਰੰਤਰ ਲੇਖਕਾਂ ਦੀਆਂ ਗ਼ਜ਼ਲਾਂ, ਗੀਤਾਂ, ਕਵਿਤਾਵਾਂ ਦੀ ਚੋਣ ਕਰਕੇ। ਮੌਜੂਦਾ ਕੈਸਟ "ਚੇਤਰ ਦਾ ਵਣਜਾਰਾ" ਸੁਨਣ ਵਾਲਿਆਂ ਦੇ ਰੂ-ਬਰੂ ਹੈ।

ਸੰਗੀਤ ਐਲਬਮ "ਚੇਤਰ ਦਾ ਵਣਜਾਰਾ" ਲਈ ਰਚਨਾਵਾਂ ਦੀ ਚੋਣ ਬਹੁਤ ਹੀ ਨਿਰਾਲੀ ਹੈ। ਇਸ 'ਚ ਹਾਸ਼ਮ ਸ਼ਾਹ ਹੈ, ਭਾਈ ਵੀਰ ਸਿੰਘ ਹੈ, ਪ੍ਰੋ: ਮੋਹਨ ਸਿੰਘ ਗੂੰਜਦਾ ਹੈ, ਅੰਮ੍ਰਿਤਾ ਪ੍ਰੀਤਮ ਸੁਣਾਈ ਦਿੰਦੀ ਹੈ, ਡਾ: ਜਗਤਾਰ ਦੀ ਆਭਾ ਦੇ ਦਰਸ਼ਨ ਹੁੰਦੇ ਹਨ,  ਡਾ: ਸਰਬਜੀਤ ਕੌਰ ਸੰਧਾਵਾਲੀਆ ਅਤੇ ਬਲਵਿੰਦਰ ਬਾਲਮ ਵੀ ਹਾਜ਼ਰ ਹਨ।

ਕਈ ਵੇਰ ਮਨ 'ਚ ਆਉਂਦਾ ਹੈ ਕਿ ਪੱਤਰਕਾਰੀ ਦੇ ਭਾਰੀ ਭਰਕਮ ਕੰਮਾਂ ਵਿੱਚ, ਇਹ ਸੂਖ਼ਮ ਸੁਰਾਂ ਵਾਲਾ ਗਾਇਕ ਕਿਵੇਂ ਆਪਣੇ ਮਨ ਨੂੰ ਥਾਂ ਸਿਰ ਰੱਖਕੇ ਉਹਨਾ ਕਵੀਆਂ ਨਾਲ ਸਾਂਝ ਪਾਉਂਦਾ ਹੈ, ਜਿਹੜੇ ਆਪਣੇ ਸਮੇਂ 'ਚ ਵੱਡੀ ਸਾਹਿਤ ਰਚਨਾ ਕਰ ਗਏ। "ਐਸੇ ਯਾਰ ਮਿਲਣ ਸਬੱਬੀ, ਜਿਹੜੇ ਕਦੀ ਨਾ ਮੋੜਨ ਅੱਖੀਂ" ਜਿਹੇ ਬੋਲ ਬੋਲਣ ਵਾਲੇ ਹਾਸ਼ਮ ਸ਼ਾਹ ਨਾਲ ਡਾ: ਹਮਦਰਦ ਦੀ ਆੜੀ ਕਿਵੇਂ ਪੱਕੀ ਹੈ? ਇਸ ਕਰਕੇ ਕਿ ਉਹ ਆਪ ਯਾਰਾਂ ਦਾ ਯਾਰ ਹੈ। ਭਾਈ ਵੀਰ ਸਿੰਘ ਨਾਲ ਡਾ: ਹਮਦਰਦ ਦੀ ਸਾਂਝ " ਇੱਕੋ ਲਗਨ ਲੱਗੀ ਲਈ ਜਾਂਦੀ, ਹੈ ਟੋਰ ਅਨੰਤ ਉਨ੍ਹਾਂ ਦੀ" ਇਹੀ ਕਾਰਨ ਹੈ ਕਿ ਉਹ ਨਿਰੰਤਰ ਤੁਰ ਰਿਹਾ ਹੈ। ਬਚਪਨ  ਤੋਂ ਹੁਣ ਤੱਕ ਉਹਦੀ ਤੋਰ ਤਿੱਖੀ ਰਵਾਨੀ ਵਾਲੀ ਹੈ, ਠੁੱਕ ਤੇ ਮਟਕ ਵਾਲੀ ਹੈ। ਇਸੇ ਮਟਕ ਕਰਕੇ ਹੀ ਉਹਦੇ ਮਨ 'ਚ ਲਗਨ ਹੈ, ਉਹਨਾ ਲੋਕਾਂ ਨਾਲ ਸਾਂਝ ਪਾਉਣ ਦੀ, ਜੋ ਸਾਰੀ ਉਮਰ ਮਟਕ ਨਾਲ ਜੀਊ ਗਏ ਭਾਈ ਵੀਰ ਸਿੰਘ ਵਰਗੇ।

ਪ੍ਰੋ: ਮੋਹਨ ਸਿੰਘ ਦੇ ਬੋਲ "ਪੁੱਛੋ ਨਾ ਇਹ ਕੌਣ ਤੇ ਕਿਥੋਂ ਆਇਆ, ਤੱਕੋ ਨੀ ਇਹਦਾ ਰੂਪ ਭੁਲਾ ਸਭ ਝੇੜੇ" ਵਰਗੀਆਂ ਸਤਰਾਂ ਜੀਵਨ 'ਚ ਅਪਨਾ ਕੇ ਉਹ ਸਭ ਨੂੰ ਗਲੇ ਲਗਾਉਂਦਾ ਹੈ ਤੇ ਗਾਉਂਦਾ  ਗੁਣਗੁਣਾਉਂਦਾ ਹੈ ਪ੍ਰੋ:ਮੋਹਨ ਸਿੰਘ ਦੀ ਤਰ੍ਹਾਂ, "ਨੀ ਅੱਜ ਕੋਈ ਆਇਆ ਅਸਾਡੇ ਵਿਹੜੇ" ਤੇ ਹਰ ਮਿਲਣ ਆਏ ਦਾ ਉਹ ਧੁਰ ਅੰਦਰੋਂ ਸਵਾਗਤ ਕਰਦਾ ਹੈ, ਉਵੇਂ ਹੀ ਜਿਵੇਂ ਕਵੀਆਂ ਦੀਆਂ ਰਚਨਾਵਾਂ ਨੂੰ ਉਹ ਸੀਨੇ ਲਾਉਂਦਾ ਹੈ, ਘੁੱਟਦਾ ਹੈ, ਪਿਆਰ ਕਰਦਾ ਤੇ ਉਸੇ ਨੂੰ ਪਿਆਰੇ ਅੰਦਾਜ਼ 'ਚ ਆਪਣੀ ਗਾਇਕੀ ਰਾਹੀਂ ਪੇਸ਼ ਕਰਦਾ ਹੈ।

ਅੰਮ੍ਰਿਤਾ ਦੀ ਰਚਨਾ, ਜਿਵੇਂ ਗਾਇਕ ਹਮਦਰਦ ਦੀ ਰੂਹ 'ਚ ਸਮਾਈ ਹੋਈ ਹੈ। ਜਿਵੇਂ ਕਵਿਤਾ ਦੀ ਮੋਢੇ ਬੁਚਕੀ ਚੁੱਕਕੇ ਅੰਮ੍ਰਿਤਾ ਅਲਖ ਜਗਾਉਂਦੀ ਰਹੀ ਹੈ, ਉਵੇਂ ਗਾਇਕ ਹਮਦਰਦ ਬੁਚਕੀ ਚੁੱਕਕੇ ਸੰਗੀਤਕ ਸੁਰਾਂ ਦੇ ਅੰਗ-ਸੰਗ ਪਿਆਰ ਕਥੂਰੀ ਵੰਡਦਾ ਦਿਸਦਾ ਹੈ "ਚੇਤਰ ਦਾ ਵਣਜਾਰਾ ਆਇਆ ਬੁਚਕੀ ਮੋਢੇ ਚਾਈ ਵੇ, ਅਸਾਂ ਵਿਹਾਜੀ ਪਿਆਰ ਕਥੂਰੀ ਵੇਂਹਦੀ ਰਹੀ ਲੁਕਾਈ ਵੇ"।

ਕਿਵੇਂ ਭੁੱਲ ਸਕਦਾ ਸੀ ਗਾਇਕ ਡਾ: ਬਰਜਿੰਦਰ ਸਿੰਘ,  ਕਵੀ ਜਗਤਾਰ ਨੂੰ ਜਿਹੜਾ ਲੋਕਾਂ ਦੇ ਅੰਗ-ਸੰਗ ਵਿਚਰਿਆ, ਉਹਨਾ ਦੇ ਦੁੱਖਾਂ, ਤਕਲੀਫਾਂ ਦੇ ਆਪਣੀ ਕਵਿਤਾ 'ਚ ਛੋਪੇ ਪਾਉਂਦਾ ਰਿਹਾ, ਆਪ ਲੋਕਾਂ ਲਈ ਲੜਦਾ-ਭਿੜਦਾ ਰਿਹਾ ਉਹਨਾ ਨੂੰ ਚੇਤਨ ਕਰਨ ਲਈ, "ਹਰ ਮੋੜ ਤੇ ਸਲੀਬਾਂ, ਹਰ ਪੈਰ ਤੇ ਹਨ੍ਹੇਰਾ ਫਿਰ ਵੀ ਅਸੀਂ ਰੁਕੇ ਨਾ, ਸਾਡਾ ਵੀ ਦੇਖ ਜੇਰਾ"। ਇਸੇ ਸੋਚ ਨੂੰ ਸੱਚ ਕਰਦਿਆਂ ਡਾ: ਹਮਦਰਦ ਨੇ ਰਾਹ ਫੜਿਆ ਹੈ, ਡਾ: ਜਗਤਾਰ ਦੀ ਗ਼ਜ਼ਲ ਦੀਆਂ ਇਹਨਾ ਸਤਰਾਂ ਦਾ "ਜੁਗਨੂੰ ਹੈ ਚੀਰ ਜਾਂਦਾ ਜਿਉਂ ਰਾਤ ਦਾ ਹਨ੍ਹੇਰਾ"।  ਅੱਜ ਜਦੋਂ ਪੰਜਾਬੀ ਗਾਇਕੀ ਕਈ ਹਾਲਤਾਂ 'ਚ ਨਿਘਾਰ 'ਤੇ ਹੈ। ਪੰਜਾਬੀ ਸਾਹਿਤ ਜਗਤ ਦੇ ਧਰੁੰਤਰ ਰਚਨਾਕਾਰਾਂ ਨੂੰ ਭੁਲਾਕੇ ਹਲਕੀ-ਫੁਲਕੀ ਗੀਤਕਾਰੀ ਨੂੰ ਗਾਇਕ ਤਰਜੀਹ ਦਿੰਦੇ ਹਨ, ਉਸ ਹਾਲਤ ਵਿੱਚ ਡਾ: ਬਰਜਿੰਦਰ ਸਿੰਘ ਦੀ ਗਾਇਕੀ "ਜੁਗਨੂੰ ਦੀ ਲੋਅ"  ਵਰਗੀ ਹੈ ਜੋ ਹਨ੍ਹੇਰੇ 'ਚ ਫਸੇ ਲੋਕਾਂ ਦੇ ਹਨ੍ਹੇਰੇ ਨੂੰ ਦੂਰ ਕਰਨ  ਵਾਲੀ ਹੈ।

"ਅੱਥਰੂ ਤਾਂ ਬੋਲਣ  ਨਹੀਂ ਜਾਣਦੇ ਦਰਦ ਦੇ ਕਿੱਸੇ ਸੁਣਾਈਏ ਕਿਸ ਤਰ੍ਹਾਂ" ਅਤੇ ਬਲਵਿੰਦਰ ਬਾਲਮ ਦੀਆਂ ਸਤਰਾਂ  "ਛੋਟੀ ਉਮਰੇ ਮੁੰਦਰਾਂ ਪਾਈਆਂ, ਖੈਰ ਲਵੇ ਸ਼ਰਮਾਏ ਜੋਗੀ" ਡਾ: ਬਰਜਿੰਦਰ ਸਿੰਘ ਦੀ ਰੂਹ ਦੇ ਐਨਾ ਨਜ਼ਦੀਕ ਹਨ ਕਿ ਉਸਨੇ ਇਹਨਾ ਰਚਨਾਵਾਂ ਨੂੰ "ਚੇਤਰ ਦਾ ਵਣਜਾਰਾ"  ਸੰਗੀਤ ਐਲਬਮ ਵਿੱਚ ਥਾਂ ਦੇਕੇ ਆਪਣੇ ਮਨ ਦੀਆਂ ਭਾਵਨਾਵਾਂ ਨੂੰ ਜਿਵੇਂ ਵਿਅਕਤ ਕੀਤਾ ਹੈ।

ਡਾ: ਹਮਦਰਦ ਇਸ ਸਮੇਂ ਦਾ ਵੱਡਾ ਅਤੇ ਪ੍ਰੋੜ ਗਾਇਕ ਹੈ। ਪੰਜਾਬੀ ਗਾਇਕੀ 'ਚ ਉਸਦਾ ਇਸ ਸਮੇਂ ਕੋਈ ਸਾਨੀ ਨਹੀਂ। "ਚੇਤਰ ਦਾ ਵਣਜਾਰਾ"  ਸੰਗੀਤ ਐਲਬਮ 'ਚ ਉਸ ਵਲੋਂ ਸ਼ਾਮਲ ਕੀਤੀਆਂ ਰਚਨਾਵਾਂ ਦੀ ਚੋਣ ਅਤੇ ਉਹਨਾ ਨੂੰ ਸੁਰਾਂ 'ਚ ਢਾਲ ਕੇ ਰਵਾਨਗੀ ਨਾਲ ਗਾਉਣਾ ਉਸਦਾ ਵੱਡਾ ਹਾਸਲ ਹੈ। ਇਸ 'ਚ ਦੋ ਰਾਵਾਂ ਨਹੀਂ ਕਿ ਸੰਜੀਦਾ ਪੰਜਾਬੀ ਗਾਇਕੀ ਦੇ ਪ੍ਰੇਮੀ ਉਹਨਾ ਦੀ ਇਸ ਸੰਗੀਤ ਐਲਬਮ ਨੂੰ ਪਸੰਦ ਕਰਨਗੇ। ਇਸ ਸੰਗੀਤ ਐਲਬਮ 'ਚ  ਉਸਦੇ ਬੋਲਾਂ ਨੂੰ  ਸੰਗੀਤ-ਬੱਧ ਕਰਨ ਵਾਲਾ ਗੁਰਦੀਪ ਸਿੰਘ ਹੈ। ਇਹ ਸੰਗੀਤ ਐਲਬਮ ਹਮਦਰਦ ਪ੍ਰੋਡਕਸ਼ਨ ਸਬ ਮਲਟੀਪਲੈਕਸ, ਜੀ ਟੀ ਰੋਡ ਸਾਹਮਣੇ ਟ੍ਰਾਂਸਪੋਰਟ ਨਗਰ ਜਲੰਧਰ ਦੀ ਪ੍ਰੋਡਕਸ਼ਨ ਹੈ। ਇਸ ਦੀ ਸੀ ਡੀ 91-181-5086386, 5010772, E-mail :- hamdardproduction@yahoo.in 'ਤੇ ਉਪਲੱਬਧ ਹੈ।

-ਗੁਰਮੀਤ ਸਿੰਘ ਪਲਾਹੀ

-9815802070

ਦੇਸ਼ ਦੀ ਮੌਜੂਦਾ ਸਥਿਤੀ ਦੇ ਅੰਗ-ਸੰਗ - ਗੁਰਮੀਤ ਸਿੰਘ ਪਲਾਹੀ

ਇੱਕ ਪਾਸੇ ਦੇਸ਼ ਵਿੱਚ ਰਾਸ਼ਟਰਪਤੀ ਚੋਣਾਂ ਦਾ ਡੰਕਾ ਵੱਜ ਰਿਹਾ ਹੈ। ਦਰੋਪਦੀ ਮੁਰਮੂ ਭਾਜਪਾ ਦੀ ਉਮੀਦਵਾਰ ਹੋਏਗੀ ਅਤੇ ਨਤੀਸ਼ ਕੁਮਾਰ ਦੀ ਪਾਰਟੀ ਜਨਤਾ ਦਲ(ਯੂਨਾਈਟਡ) ਉਹਨਾ ਦਾ ਸਾਥ ਦੇਵੇਗੀ। ਵਿਰੋਧੀ ਧਿਰ ਦੇ ਉਮੀਦਵਾਰ ਯਸ਼ਵੰਤ ਸਿਨਹਾ ਹੋਣਗੇ, ਜਿਸ 'ਚ ਕਾਂਗਰਸ ਦੀ ਵੀ ਹਿਮਾਇਤ ਸ਼ਾਮਲ ਹੈ। ਦੂਜੇ ਪਾਸੇ ਮਹਾਰਾਸ਼ਟਰ ਵਿੱਚ ਸਿਆਸੀ ਭੁਚਾਲ  ਲੈ ਆਂਦਾ ਗਿਆ ਹੈ। ਏਕਨਾਥ ਸ਼ਿੰਦੇ ਦੀ ਅਗਵਾਈ 'ਚ ਲਗਭਗ ਤੇਤੀ ਵਿਧਾਇਕਾਂ ਨੂੰ ਭਾਜਪਾ ਸਾਸ਼ਤ ਪ੍ਰਦੇਸ਼ ਅਸਾਮ ਵਿੱਚ ਹੋਟਲਾਂ 'ਚ ਲੈ ਜਾਕੇ ਬੰਦੀ ਬਣਾ ਦਿੱਤਾ ਗਿਆ ਹੈ। ਭਾਵੇਂ ਕਿ ਸ਼ਿਵ ਸੈਨਾ ਦੇ ਬਾਗੀ ਨੇਤਾ ਏਕਨਾਥ ਸ਼ਿੰਦੇ ਨੇ ਕਿਹਾ ਹੈ ਕਿ ਸਾਡਾ ਕਿਸੇ ਰਾਸ਼ਟਰੀ ਪਾਰਟੀ ਨਾਲ ਕੋਈ ਸਬੰਧ ਨਹੀਂ ਹੈ। ਪਰ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਕਿਹਾ ਹੈ ਕਿ ਸਿਵ ਸੈਨਾ ਇਕ ਵਿਚਾਰਧਾਰਾ ਹੈ ਤੇ ਭਾਜਪਾ ਇਸ ਨੂੰ ਖ਼ਤਮ ਕਰਨਾ ਚਾਹੁੰਦੀ ਹੈ।

          ਭਾਜਪਾ ਵਲੋਂ ਪਿਛਲੇ ਕੁਝ ਸਮੇਂ 'ਚ ਹੀ ਕਾਂਗਰਸ ਸਰਕਾਰ ਜਾਂ ਕਾਂਗਰਸ ਹਿਮਾਇਤੀ ਸਰਕਾਰਾਂ ਤੋੜਨ ਦੀ ਕਵਾਇਦ ਜਾਰੀ ਹੈ। ਮੱਧ ਪ੍ਰਦੇਸ਼ ਦੀ ਸਰਕਾਰ 22 ਕਾਂਗਰਸੀ ਵਿਧਾਇਕਾਂ ਨੂੰ ਤੋੜਕੇ ਭਾਜਪਾ ਨੇ ਆਪਣੀ ਸਰਕਾਰ ਬਣਾ ਲਈ ਸੀ। ਇਹ ਇੱਕ ਨਮੂਨਾ ਹੈ। ਛੋਟੇ ਰਾਜਾਂ 'ਚ ਤਾਂ ਵਿਰੋਧੀ ਸਰਕਾਰਾਂ ਨੂੰ ਚੁਟਕੀ 'ਚ ਤੋੜ ਦਿੱਤਾ ਗਿਆ। ਭਾਜਪਾ ਨੇ ਦੇਸ਼ ਨੂੰ ਕਾਂਗਰਸ ਮੁਕਤ ਰਾਸ਼ਟਰ ਬਣਾਉਣ ਦਾ ਐਲਾਨ ਕੀਤਾ ਹੋਇਆ ਹੈ, ਪਰ ਜਾਪਦਾ ਹੈ ਕਿ ਹੁਣ ਦੇਸ਼ ਨੂੰ ਭਾਜਪਾ ਅਪੋਜ਼ੀਸ਼ਨ ਮੁਕਤ ਕਰਨਾ ਚਾਹੁੰਦੀ ਹੈ, ਭਾਵੇਂ ਕਿ ਪੱਛਮੀ ਬੰਗਾਲ 'ਚ ਮਮਤਾ ਬੈਨਰਜੀ ਨੇ ਅਤੇ ਪੰਜਾਬ 'ਚ ਆਮ ਆਦਮੀ ਪਾਰਟੀ ਨੇ ਭਾਜਪਾ ਦੀ ਪੇਸ਼ ਨਹੀਂ ਜਾਣ ਦਿੱਤੀ। ਪੱਛਮੀ ਬੰਗਾਲ 'ਚ ਸੂਬਾ ਸਰਕਾਰ ਨੂੰ ਅਸਥਿਰ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹੈ ਅਤੇ ਪੰਜਾਬ ਦੀ ਮੌਜੂਦਾ "ਆਪ" ਸਰਕਾਰ ਦੇ ਪੈਰ ਭਾਜਪਾ ਟਿੱਕਣ ਨਹੀਂ ਦੇ ਰਹੀ ਅਤੇ ਆਪਣੇ ਅਹਿਲਕਾਰਾਂ, ਅਫ਼ਸਰਾਂ, ਕੇਂਦਰੀ ਏਜੰਸੀਆਂ ਰਾਹੀਂ ਮੌਜੂਦਾ 'ਚ ਨਿੱਤ ਨਵਾਂ ਬਖੇੜਾ ਖੜ੍ਹਾ ਕਰ ਰਹੀ ਹੈ। ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਹੁਸ਼ਿਆਰਪੁਰ, ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਅਤੇ ਨਿੱਤ ਫਿਰੌਤੀਆਂ ਦੀ ਚਰਚਾ ਕੀ ਕੇਂਦਰੀ ਏਜੰਸੀਆਂ ਦੀ ਚਾਲ ਤਾਂ ਨਹੀਂ, ਆਮ ਲੋਕ ਹੁਣ ਇਹੋ ਸਵਾਲ ਕਰਨ ਲੱਗ ਪਏ ਹਨ।

          ਸਿਆਸੀ ਸਥਿਤੀ ਨੇ ਦੇਸ਼ ਵਿੱਚ ਖੋਰੂ ਪਾਇਆ ਹੋਇਆ ਹੈ। ਲੋਕਾਂ ਦੇ ਜ਼ਖਮ ਹਾਲੀ ਕਿਸਾਨ ਅੰਦੋਲਨ ਤੋਂ ਕੁਝ ਰਾਹਤ ਮਿਲਣ ਨਾਲ ਭਰੇ ਨਹੀਂ ਸਨ ਕਿ ਦੇਸ਼ ਦੀ ਫੌਜ 'ਚ ਭਰਤੀ ਲਈ ਅਗਨੀਪੱਥ ਸਕੀਮ ਚਾਲੂ ਕੀਤੀ ਹੈ, ਜਿਸ ਅਨੁਸਾਰ ਅਗਨੀਵੀਰਾਂ ਨੂੰ 4 ਸਾਲਾਂ ਦੇ ਅਰਸੇ ਲਈ ਭਰਤੀ ਕਰਨ ਦਾ ਫ਼ੈਸਲਾ ਕਰ ਲਿਆ, ਜੋ ਸਕੀਮ ਪਹਿਲੀ ਜੁਲਾਈ 2022 ਨੂੰ ਸ਼ੁਰੂ ਹੋਵੇਗੀ। ਹੈਰਾਨੀ ਦੀ ਗੱਲ ਨਹੀਂ ਹੈ ਕਿ ਇਹ ਸਕੀਮ ਬਿਨ੍ਹਾਂ ਮਸ਼ਵਰਾ ਸ਼ੁਰੂ ਕੀਤੀ ਗਈ ਹੈ, ਖੇਤੀ ਕਾਨੂੰਨਾਂ, ਨੋਟ ਬੰਦੀ ਆਦਿ ਵਾਂਗਰ। ਇਸ ਤਹਿਤ ਅਗਲੇ ਸਾਲਾਂ 'ਚ ਦੋ ਕਰੋੜ ਨੌਜਵਾਨ ਭਰਤੀ ਕੀਤੇ ਜਾਣਗੇ ਜਦਕਿ ਇਸ ਸਾਲ 40,000 ਨੌਜਵਾਨਾਂ ਦੀ ਭਰਤੀ ਹੋਏਗੀ। ਦੇਸ਼ ਦੀ ਖ਼ਾਤਰ ਜਾਨਾਂ ਵਾਰਨ ਵਾਲੇ ਇਹਨਾ ਨੌਜਵਾਨਾਂ ਨੂੰ ਨਿਗੁਣੀ ਜਿਹੀ ਮਹੀਨਾਵਾਰ ਤਨਖਾਹ ਤੀਹ ਹਜ਼ਾਰ ਰੁਪਏ ਮਿਲੇਗੀ, ਜਿਸ ਵਿੱਚ 9 ਹਜ਼ਾਰ ਪ੍ਰਤੀ ਮਹੀਨਾ ਕੱਟਕੇ ਉਤਨੇ ਪੈਸੇ ਹੀ ਸਰਕਾਰ ਪਾਏਗੀ ਅਤੇ 4 ਸਾਲ ਪੂਰੇ ਹੋਣ 'ਤੇ ਲਗਭਗ 5 ਲੱਖ ਰੁਪਏ ਦੇਕੇ ਉਹਨਾ ਨੂੰ ਘਰ ਤੋਰ ਦਿੱਤਾ ਜਾਏਗਾ। ਉਹਨਾ ਨੂੰ ਕੋਈ ਪੈਨਸ਼ਨ ਨਹੀਂ ਮਿਲੇਗੀ। ਇਸ ਸਬੰਧੀ ਦੇਸ਼ ਵਿੱਚ ਹਾਹਾਕਾਰ ਮਚੀ ਹੈ। ਦੇਸ਼ ਵਿਆਪੀ ਅੰਦੋਲਨ ਚਲਿਆ ਹੈ, ਸਾੜ ਫੂਕ, ਵਿਰੋਧ ਹੋ ਰਿਹਾ ਹੈ, ਨੌਜਵਾਨਾਂ ਦੇ ਮਨ 'ਚ ਗੁੱਸਾ ਹੈ। ਗੁੱਸਾ ਇਸ ਗੱਲ ਦਾ ਕਿ ਉਹਨਾ ਦਾ ਪੱਕੀ ਭਰਤੀ ਦਾ ਹੱਕ ਮਾਰਿਆ ਜਾ ਰਿਹਾ ਹੈ, ਭਾਵੇਂ ਕਿ ਸਰਕਾਰ ਕਹਿ ਰਹੀ ਹੈ ਕਿ ਅਗਨੀਵੀਰਾਂ ਵਿਚੋਂ 10 ਫ਼ੀਸਦੀ ਦੀ ਫੌਜ ਦੀ ਪੱਕੀ ਭਰਤੀ ਹੋਏਗੀ। ਵਰੁਣ ਗਾਂਧੀ ਭਾਜਪਾ ਐਮ.ਪੀ. ਜੋ ਸਰਕਾਰ ਦੇ ਫੈਸਲਿਆਂ ਤੇ ਸਮੇਂ-ਸਮੇਂ ਕਿੰਤੂ ਕਰਨ ਲਈ ਜਾਣੇ ਜਾਂਦੇ ਹਨ ਉਹਨੇ ਕਿਹਾ  ਹੈ ਕਿ 4 ਸਾਲ ਦੀ ਸੇਵਾ ਕਰਨ ਵਾਲੇ ਅਗਨੀਵੀਰ ਪੈਨਸ਼ਨ ਦੇ ਹੱਕਦਾਰ ਨਹੀਂ ਹਨ ਤਾਂ ਲੋਕ ਪ੍ਰਤੀਨਿਧਾਂ ਨੂੰ ਇਹ ਸਹੂਲਤ ਕਿਉਂ? ਇਹ ਪੈਨਸ਼ਨ ਕਿਉਂ? ਕੌਮੀ ਰਾਖਿਆਂ ਨੂੰ ਪੈਨਸ਼ਨ ਦਾ ਹੱਕ ਨਹੀਂ ਹੈ ਤਾਂ ਮੈਂ ਵੀ ਖ਼ੁਦ ਦੀ  ਪੈਨਸ਼ਨ ਛੱਡਣ ਨੂੰ ਤਿਆਰ ਹਾਂ। ਉਹਨਾ ਨੇ ਸੰਸਦਾਂ/ਵਿਧਾਇਕਾਂ ਨੂੰ ਕਿਹਾ ਕਿ ਕੀ ਅਸੀਂ ਇਹ ਯਕੀਨੀ ਨਹੀਂ ਬਣਾ ਸਕਦੇ ਕਿ ਅਗਨੀਵੀਰਾਂਨੂੰ ਵੀ ਪੈਨਸ਼ਨ ਮਿਲੇ।

          ਹੁਣ ਇਹ ਲੁਕਿਆ ਨਹੀਂ ਰਹਿ ਗਿਆ ਹੈ ਕਿ ਦੇਸ਼ 'ਚ ਕਾਲੇ ਧੰਨ ਦਾ ਬੋਲ ਬਾਲਾ ਹੈ। ਨਿੱਤ ਬੈਂਕਾਂ 'ਚ ਘਪਲੇ ਹੋ ਰਹੇ ਹਨ। ਨਵਾਂ ਬੈਂਕ ਘਪਲਾ ਡੀ.ਐਚ.ਐਫ.ਐਲ. ਦਾ ਹੈ, ਜੋ 34,615 ਕਰੋੜ ਰੁਪਏ ਦਾ ਹੈ। ਮਹਿੰਗਾਈ ਦੇ ਦੈਂਤ ਨੇ ਆਮ ਲੋਕਾਂ ਦਾ ਜੀਊਣਾ ਦੁੱਭਰ ਕੀਤਾ ਹੋਇਆ ਹੈ। ਕੁਰੱਪਸ਼ਨ ਰੁਕ ਹੀ ਨਹੀਂ ਰਹੀ, ਇਸਦਾ ਸਾਹਮਾਣਾ ਆਮ ਵਿਅਕਤੀ ਨੂੰ ਜੀਵਨ ਦੇ ਹਰ ਖੇਤਰ 'ਚ ਕਰਨਾ ਪੈ ਰਿਹਾ ਹੈ। ਆਮ ਆਦਮੀ ਹੋਰ ਗਰੀਬ ਤੇ ਅਮੀਰ ਹੋਰ ਅਮੀਰ ਹੋ ਰਿਹਾ ਹੈ। ਪਰ ਸਿਆਸੀ ਧਿਰਾਂ ਨੂੰ ਇਸ ਗੱਲ ਦਾ ਫ਼ਿਕਰ ਹੀ ਕੋਈ ਨਹੀਂ। ਉਹ ਅਪਣੇ ਮਾਲੀ ਯੁੱਧ 'ਚ ਲੱਗੀਆ ਹੋਈਆਂ ਹਨ।

          ਹੁਣੇ ਜਿਹੇ ਪੰਜਾਬ ਸਮੇਤ ਦੇਸ਼ ਦੇ ਹੋਰ ਪੰਜ ਰਾਜਾਂ ਅਤੇ ਇੱਕ ਕੇਂਦਰੀ ਸ਼ਾਸ਼ਤ ਪ੍ਰਦੇਸ਼ 'ਚ ਖਾਲੀ ਸੀਟਾਂ ਲਈ ਸਾਂਸਦ ਅਤੇ ਵਿਧਾਇਕਾਂ ਦੀਆਂ ਚੋਣਾਂ ਹੋਈਆਂ ਹਨ। ਹੈਰਾਨੀ ਦੀ ਗੱਲ ਹੈ ਕਿ ਪੰਜਾਬ ਦੇ ਪਾਰਲੀਮੈਂਟ ਹਲਕੇ ਸੰਗਰੂਰ 'ਚ 40 ਫੀਸਦੀ ਅਤੇ ਤ੍ਰਿਪੁਰਾ 'ਚ 83.12 ਫ਼ੀਸਦੀ ਵੋਟ ਪੋਲ ਹੋਈ। ਪੰਜਾਬ 'ਚ ਆਮ ਆਦਮੀ ਪਾਰਟੀ ਜਿਸਨੇ ਤਿੰਨ ਮਹੀਨੇ ਪਹਿਲਾਂ ਹੀ 117 ਵਿਧਾਨ ਸਭਾ ਚੋਣਾਂ 'ਚ 92 ਸੀਟਾਂ ਜਿੱਤੀਆਂ, ਉਸੇ ਪੰਜਾਬ ਦੇ ਲੋਕਾਂ 'ਚ ਚੋਣਾਂ ਪ੍ਰਤੀ ਉਤਸ਼ਾਹ ਬੇਹੱਦ ਘੱਟ ਗਿਆ। ਲੋਕਾਂ 'ਚ ਸਰਕਾਰ ਲਈ ਰੋਸ ਹੈ? ਸਿੱਧੂ ਮੂਸੇਵਾਲਾ ਦਾ ਕਤਲ ਨੇ ਨੌਜਵਾਨਾਂ 'ਚ ਸਰਕਾਰ ਪ੍ਰਤੀ ਨਿਰਾਸ਼ਾ ਪੈਦਾ ਕੀਤੀ ਹੈ? ਉਹ 'ਆਮ ਵਰਕਰ' ਜਿਹੜੇ ਵੱਡੀ ਗਿਣਤੀ 'ਚ ਵਿਧਾਨ ਸਭਾ ਚੋਣਾਂ 'ਚ ਵੋਟਾਂ ਭੁਗਤਾਉਂਦੇ ਰਹੇ ਸਨ, ਉਹ ਚੁੱਪ ਕਰ ਗਏ, ਹੱਥ ਤੇ ਹੱਥ ਧਰਕੇ ਬੈਠੇ ਰਹੇ। ਕੀ ਇਹ ਉਹਨਾ ਦੀ ਆਪਣੀ ਸਰਕਾਰ ਪ੍ਰਤੀ ਜਾਂ ਪਾਰਟੀ ਦੇ ਉੱਚ ਪਾਰਟੀ ਨੇਤਾਵਾਂ ਦੀ ਕਾਰਗੁਜ਼ਾਰੀ ਪ੍ਰਤੀ ਰੋਸ ਹੈ? ਜਿਸ ਕਿਸਮ ਦਾ ਮਾਹੌਲ ਪੰਜਾਬ 'ਚ ਵੇਖਣ ਨੂੰ ਮਿਲ ਰਿਹਾ ਹੈ, ਉਹ ਲੰਮਾ ਸਮਾਂ ਪਹਿਲਾਂ ਵੇਖਣ ਨੂੰ ਮਿਲਿਆ ਸੀ। ਪਤਾ ਨਹੀਂ ਕਿਉਂ ਸਰਕਾਰਾਂ ਸਮਝ ਹੀ ਨਹੀਂ ਰਹੀਆਂ ਕਿ ਪੰਜਾਬ ਦੇ ਲੋਕ ਜਜ਼ਬਾਤੀ ਹਨ, ਵਲਵਲਿਆਂ ਨਾਲ ਭਰੇ ਹਨ। ਉਹ ਜਜ਼ਬਾਤ ਵਿੱਚ ਇੱਕ ਪਾਸੜ ਹੋ ਤੁਰਦੇ ਹਨ। ਜਾਪਦਾ ਹੈ ਨਿਰਾਸ਼ਤਾ ਨੇ ਮੁੜ ਉਹਨਾ ਦੇ ਮਨ 'ਚ ਥਾਂ ਕਰ ਲਈ ਹੈ, ਉਸੇ ਮਨ 'ਚ ਜਿਸ ਮਨ 'ਚ 100 ਦਿਨ ਪਹਿਲਾਂ ਵੱਡਾ ਜਜ਼ਬਾ ਸੀ, ਵੱਡਾ ਜੋਸ਼ ਸੀ। ਇਹ ਮੌਜੂਦਾ ਸੂਬਾ ਹਕੂਮਤ ਲਈ ਖਤਰੇ ਦੀ ਘੰਟੀ ਵੀ ਸਾਬਤ ਹੋ ਸਕਦਾ ਹੈ।

          ਦੇਸ਼ 'ਚ ਹਿਮਾਚਲ ਅਤੇ ਗੁਜਰਾਤ ਜਿਥੇ ਭਾਜਪਾ ਰਾਜ ਹੈ ਨਵੰਬਰ-ਦਸੰਬਰ 2022 'ਚ ਚੋਣਾਂ ਹੋਣੀਆਂ ਹਨ, ਹੁਣੇ ਤੋਂ ਹੀ ਚੋਣ ਮੁਹਿੰਮ ਪਾਰਟੀਆਂ ਵਲੋਂ ਜ਼ੋਰਾਂ ਉਤੇ ਹੈ। ਗੁਜਰਾਤ 'ਚ 2022 'ਚ ਚੋਣਾਂ ਹੋਣਗੀਆਂ। ਭਾਜਪਾ ਵਲੋਂ ਨੇਤਾਵਾਂ ਦੀ ਖਰੀਦੋ-ਫਰੋਖਤ ਜਾਰੀ ਹੈ। ਹੁਣੇ ਜਿਹੇ ਪਾਟੀਦਾਰ ਨੇਤਾ ਹਾਰਦਿਕ ਪਟੇਲ ਨੂੰ ਭਾਜਪਾ 'ਚ ਸ਼ਾਮਲ ਕੀਤਾ ਗਿਆ ਹੈ। ਦੇਸ਼ ਦੇ ਵੱਖੋ-ਵੱਖਰੇ ਭਾਗਾਂ ਖ਼ਾਸ ਕਰਕੇ ਪੰਜਾਬ 'ਚ ਕਾਂਗਰਸ ਦਾ ਸਫਾਇਆ ਕਰਨ ਲਈ ਭਾਜਪਾ ਵਲੋਂ ਕਾਂਗਰਸ ਦੇ ਵੱਡੇ ਨੇਤਾ ਭਾਜਪਾ 'ਚ ਸ਼ਾਮਲ ਕੀਤੇ ਜਾ ਰਹੇ ਹਨ। ਸਵਾਲ ਹੈ ਕਿ ਜਿਹੜੇ ਨੇਤਾ ਭਾਜਪਾ ਦੇ ਕੱਟੜ ਵਿਰੋਧੀ ਸਨ, ਉਹ ਭਾਜਪਾ 'ਚ ਕਿਉਂ ਸ਼ਾਮਲ ਹੋ ਰਹੇ ਹਨ? ਕੀ ਈ.ਡੀ. ਅਤੇ ਸੀ.ਬੀ.ਆਈ. ਜਾਂਚ ਦਾ ਡਰ ਉਹਨਾ ਨੂੰ ਸਤਾ ਰਿਹਾ ਹੈ? ਕੀ ਉਹ ਭਾਜਪਾ 'ਚ ਸਾਮਲ ਹੋ ਕੇ ਆਪਣੇ ਪਿਛਲੇ ਗੁਨਾਹ ਬਖਸ਼ਾ ਰਹੇ ਹਨ ਅਤੇ ਭਾਜਪਾ ਆਪਣੇ ਸਵਾਰਥ ਲਈ ਆਪਣੀ ਬੁੱਕਲ 'ਚ ਸਮੋਨ ਰਹੀ ਹੈ। ਦੇਸ਼ ਦੀ ਇਹ ਕਿਹੋ ਜਿਹੀ ਸਥਿਤੀ ਹੈ ਕਿ ਅਸੂਲਾਂ ਤੋਂ,  ਲੋਕ ਹਿਤੈਸ਼ੀ ਨੀਤੀਆਂ ਤੋਂ ਭੱਜਕੇ ਨੇਤਾ ਅਤੇ ਸਿਆਸੀ ਪਾਰਟੀਆਂ ਆਪਣੇ ਹਿੱਤ ਸਾਧ ਰਹੀਆਂ ਹਨ ਅਤੇ ਉਹਨਾ ਨੂੰ ਲੋਕਾਂ ਦੀਆਂ ਸਮੱਸਿਆਵਾਂ ਦੀ ਰਤਾ ਵੀ ਫ਼ਿਕਰ ਨਹੀਂ ਹੈ।

          ਕੀ ਉਹਨਾ ਨੂੰ ਇਸ ਗੱਲ ਦਾ ਫ਼ਿਕਰ ਹੈ ਕਿ ਬੇਰੁਜ਼ਗਾਰੀ ਵੱਧ ਰਹੀ ਹੈ? ਕੀ ਉਹ ਜਾਣੂ ਹਨ ਕਿ ਭੁੱਖਮਰੀ 'ਚ ਵਾਧਾ ਹੋ ਰਿਹਾ ਹੈ? ਕੀ ਉਹਨਾ ਦੇ ਧਿਆਨ 'ਚ ਹੈ ਕਿ ਦੇਸ਼ 'ਚ ਵੱਡੇ ਘਪਲੇ ਹੋ ਰਹੇ ਹਨ। ਕੀ ਉਹਨਾ ਨੂੰ ਇਹਸਾਸ ਨਹੀਂ ਹੈ ਕਿ ਮਹਿੰਗਾਈ ਦਾ ਦੈਂਤ ਦੇਸ਼ ਨੂੰ ਖਾ ਰਿਹਾ ਹੈ। ਜੇਕਰ ਉਹ ਜਾਣੂ ਹਨ, ਉਹਨਾ ਦੇ ਧਿਆਨ 'ਚ ਹੈ ਅਤੇ ਉਹਨੂੰ ਫ਼ਿਕਰ ਹੈ ਤਾਂ ਉਹ ਦੇਸ਼ ਦੇ ਲੋਕਾਂ ਨੂੰ ਜਾਗਰੂਕ ਕਰਕੇ ਸਰਕਾਰ ਨੂੰ ਕੁਝ ਕਰਨ ਲਈ ਮਜ਼ਬੂਤ ਕਿਉਂ ਨਹੀਂ ਕਰਦੇ? ਜੇਕਰ ਉਹ ਚੁੱਪੀ ਧਾਰੀ ਬੈਠੇ ਹਨ ਤਾਂ ਕੀ ਉਹ ਦੇਸ਼ ਧਰੋਹੀ ਨਹੀਂ ਹਨ?

          ਲੋਕਾਂ ਨੂੰ ਨੋਟਬੰਦੀ ਨੇ ਭੰਨਿਆ, ਨੇਤਾ ਚੁੱਪ ਰਹੇ। ਲੋਕਾਂ ਨੂੰ ਸਰਕਾਰ ਨੇ ਲੋਕ ਵਿਰੋਧੀ ਖੇਤੀ ਕਾਨੂੰਨ ਦੇ ਰਸਤੇ ਪਾਇਆ, ਨੇਤਾ ਚੁੱਪ ਰਹੇ। ਕੋਵਿਡ-19 ਨੇ ਲੋਕਾਂ ਨੂੰ ਝੰਬਿਆ। ਵੱਡੇ ਵਪਾਰੀਆਂ ਲੁੱਟਿਆ ਆਪਣੇ ਖਜ਼ਾਨੇ ਭਰੇ, ਨੇਤਾ ਲੋਕ ਚੁੱਪ ਕੀਤੇ ਰਹੇ। ਆਖ਼ਰ ਇਹ ਚੁੱਪ ਕਦੋਂ ਤੱਕ ਰਹੇਗੀ। ਕਦੋਂ ਤੱਕ ਲੋਕ ਨੇਤਾਵਾਂ ਦੀਆਂ ਖੁਦਗਰਜ਼ੀਆਂ ਨੂੰ ਸਹਿਣ ਕਰਨਗੇ? ਭਾਵੇਂ ਸਵਾਲ ਵੱਡਾ ਹੈ ਪਰ ਲੋਕ ਇਸਦਾ ਹੱਲ ਵੀ ਕਰ ਲੈਣਗੇ।

          ਦੇਸ਼ 'ਚ ਮਨੁੱਖੀ ਅਧਿਕਾਰਾਂ ਦਾ ਹਨਨ ਹੋ ਰਿਹਾ ਹੈ, ਵਿਸ਼ਵ ਭਰ 'ਚ ਬਦਨਾਮੀ ਹੋ ਰਹੀ ਹੈ। ਦੇਸ਼ ਦਾ ਕਿਸਾਨ ਘਾਟੇ ਦੀ ਖੇਤੀ ਕਰਨ ਲਈ ਮਜ਼ਬੂਰ ਹੈ। ਦੇਸ਼ ਦੇ ਸਾਧਨਾਂ ਦੀ ਲੁੱਟ ਹੋ ਰਹੀ ਹੈ। ਸਰਕਾਰ ਲੋਕ ਭਲਾਈ ਛੱਡਕੇ ਨਿੱਜੀਕਰਨ ਨੂੰ ਤਰਜੀਹ ਦੇ ਰਹੀ ਹੈ ਅਤੇ ਸੰਵਿਧਾਨ 'ਚ ਦਰਜ਼ ਮੁਢਲੇ ਫਰਜ਼ਾਂ  ਨੂੰ ਲਾਗੂ ਕਰਨ ਤੋਂ ਮੁਕਤੀ ਪਾ ਰਹੀ ਹੈ। ਸਿੱਖਿਆ ਅਤੇ ਸਿਹਤ ਸਹੂਲਤਾਂ ਲੋਕਾਂ ਨੂੰ ਦੇਣ ਤੋਂ ਮੁਨਕਰ ਹੋ ਰਹੀ ਹੈ।

ਦੇਸ਼ ਦੀ ਮੌਜੂਦਾ ਸਥਿਤੀ ਦੇ ਅੰਗ-ਸੰਗ ਰਹਿੰਦਿਆਂ, ਸੋਚਣਾ ਬਣਦਾ ਹੈ ਕਿ ਦੇਸ਼ ਦੀ ਆਜ਼ਾਦੀ ਦੇ 75 ਵਰ੍ਹਿਆਂ ਬਾਅਦ, ਕੀ ਨਾਹਰਿਆਂ ਅਤੇ ਡੰਗ-ਟਪਾਊ ਯੋਜਨਾਵਾਂ ਨਾਲ ਲੋਕਾਂ ਦਾ ਕੁਝ ਸੌਰ ਸਕਦਾ ਹੈ?

-ਗੁਰਮੀਤ ਸਿੰਘ ਪਲਾਹੀ

-9815802070

ਇੱਕ ਕਹਾਣੀ/ ਪੰਜ ਮਿੰਨੀ ਕਹਾਣੀਆਂ - ਗੁਰਮੀਤ ਸਿੰਘ ਪਲਾਹੀ

(1) ਸਮਝੋਤਾ

ਪਿੰਡ ‘ਚ ਚੋਣਾਂ ਆ ਗਈਆਂ।ਸਰਪੈਂਚੀ ਲਈ ਪਿੰਡ ਦੇ ਦੋ ਚੌਧਰੀ ਆਤਾ ਸਿਹੁੰ ਤੇ ਮਾਘਾ ਸਿਹੁੰ ਮੈਦਾਨ ‘ਚ ਨਿੱਤਰੇ।ਦੋਵੇਂ ਚੰਗੇ ਸਰਦੇ-ਪੁੱਜਦੇ ਘਰਾਂ ਦੇ ਮਾਲਕ ਸਨ।ਦੋਹਾਂ ਦਾ ਪਿੰਡ ‘ਚ ਪਹਿਲਾਂ ਹੀ ਚੰਗਾ ਰੋਹਬ ਦਾਅਬ ਸੀ। ਫੱਤਾ,ਤੇਲੂ,ਬਿਸ਼ਨਾ,ਫੀਲਾ,ਮੱਘਰ ਸਿਹੁੰ ਇਕ ਧੜੇ ਨਾਲ ਅਤੇ ਰਾਹੂ,ਮੇਲੂ,ਹੁਕਮਾ,ਚੰਨਣ ਦੂਜੇ ਧੜੇ ਨਾਲ ਹੋ ਤੁਰੇ।ਪੰਦਰਾਂ ਵੀਹ ਦਿਨ ਪਿੰਡ ‘ਚ ਗਹਿਮਾ-ਗਹਿਮੀ ਰਹੀ।ਕਦੇ ਇਕ ਪਾਰਟੀ ਵਾਲੇ ਅਤੇ ਕਦੇ ਦੂਜੀ ਪਾਰਟੀ ਵਾਲੇ ਵੋਟਾਂ ਲਈ ਘਰੋ-ਘਰੀ ਕਹਿਣ ਤੁਰੇ ਫਿਰਦੇ। ਲੋਕਾਂ ਨੂੰ ਨਵੇਂ-ਨਵੇਂ ਲਾਲਚ ਦੇਕੇ ਵੋਟਾਂ ਪੱਕੀਆਂ ਕਰਦੇ ਰਹੇ।ਚੋਣਾਂ ਦੇ ਇਨਾਂ ਦਿਨਾਂ ‘ਚ ਸ਼ਰਾਬਾਂ ਉੱਡ ਰਹੀਆਂ ਸਨ।ਜਿਨਾਂ ਕਦੇ ਵਰ੍ਹੇ ਛਿਮਾਹੀ ਹੀ ਸੁਆਦ ਚੱਖਿਆ ਸੀ,ਉਹਨੂੰ ਵੀ ਰੋਜ਼ ਅਧੀਆ ਪਊਆ ਥਿਆ ਜਾਂਦਾ ਤੇ ਮੁਫ਼ਤ ਦੀ ਤਾਂ ਕਾਜ਼ੀ ਨੇ ਵੀ ਨਹੀਂ ਸੀ ਛੱਡੀ,ਆਖ ਉਹ ਸੁਆਦ ਲੈ ਪੀ ਜਾਂਦਾ।ਇਨ੍ਹਾਂ ਦਿਨਾਂ 'ਚ ਪਿੰਡ ਦੀਆਂ ਡੇੜ੍ਹੀਆਂ,ਚੋਕਾਂ,ਬੋਹੜਾਂ,ਪਿਪਲਾਂ ਥੱਲੇ ਲੋਕਾਂ ਦਾ ਚੰਗਾ ਝੁਰਮੁਟ ਬੱਝ ਜਾਂਦਾ। ਨਿੱਤ ਨਵੀਆਂ ਅਫਵਾਹਾਂ ਇਕ-ਦੂਜੇ ਵਿਰੁੱਧ ਫੈਲਦੀਆਂ ਰਹਿੰਦੀਆਂ।ਇਕ ਦੂਜੇ ਧੜੇ ਵਿਰੁਧ ਨਿੱਤ ਨਵੇਂ ਦੂਸ਼ਨ ਸੁਨਣ ਨੂੰ ਮਿਲਦੇ।

ਘੁੱਗ ਵਸਦਾ ਚੁੱਪਚਾਪ ਪਿੰਡ, ਦੋ ਹਿੱਸਿਆਂ ’ਚ ਵੰਡਿਆਂ ਗਿਆ।ਕੋਈ ਚੌਧਰੀ ਆਤਾ ਸਿਹੁੰ ਦੀਆਂ ਸ਼ਿਫਤਾਂ ਕਰਦਾ ਤੇ ਦੂਜਾ ਮਾਘਾ ਸਿਹੁੰ ਚੌਧਰੀ ਦੇ ਸੋਹਲੇ ਗਾਉਂਦਾ।ਇਕ-ਦੂਜੇ ਧੜੇ ਦੇ ਲੋਕ,ਇਕ ਦੂਜੇ ਵੱਲ ਕਹਿਰ ਭਰੀਆਂ ਨਜ਼ਰਾਂ ਨਾਲ ਵੇਖਦੇ।ਪਿਛਲੀਆਂ ਦੁਸ਼ਮਣੀਆਂ,ਲੜਾਈਆਂ ਤੇ ਖੈਹਾਂ ਦੀ ਯਾਦ ਚੋਣਾਂ ਨੇ ਮੁੜ ਤਾਜ਼ੀ ਕਰ ਦਿੱਤੀ। ਰਤਾ ਭਰ ਗੱਲ ਕਿਸੇ ਨੂੰ ਦੂਜੇ ਧੜੇ ਦੀ ਪਤਾ ਲਗਦੀ ਉਹ ਝੱਟ ਦੇਣੀ ਆਪਣੀ ਵਫਾਦਾਰੀ ਦਿਖਾੳਣ ਲਈ ਆਪਣੇ ਚੌਧਰੀ ਨੂੰ ਜਾ ਦਸਦੇ। ਦੋਹਾਂ ਚੌਧਰੀਆਂ ਦੀ ਚੌਧਰ ਦੀ ਭੁੱਖ ਨੇ ਲੋਕਾਂ ਦੇ ਮਨਾਂ ਚ ਇਕ-ਦੂਜੇ ਪ੍ਰਤੀ ਨਫ਼ਰਤ ਦੀ ਅੱਗ ਭਰ ਦਿੱਤੀ।

ਮਸਾਂ-ਮਸਾਂ ਕਰਕੇ ਚੋਣਾਂ ਦਾ ਦਿਨ ਆਇਆ। ਚੋਣਾਂ ਵਾਲੇ ਦਿਨ ਤੋਂ ਪਹਿਲੀ ਰਾਤੇ ਅੰਦਰ ਖਾਤੇ ਦੋਹਾਂ ਚੌਧਰੀਆਂ ਦਾ ਆਪਸ ’ਚ ਕੋਈ ਸਮਝੌਤਾ ਹੋ ਗਿਆ। ਲੋਕਾਂ ਨੂੰ ਇਸ ਦਾ ਕੋਈ ਇਲਮ ਨਹੀਂ ਸੀ। ਦੋਹਾਂ ਗਰੁਪਾਂ ਨੇ ਜਾਨ ਦੀ ਬਾਜ਼ੀ ਲਾ ਕੇ ਚੋਣਾਂ ਲੜੀਆਂ। ਪਿੰਡ ਦੇ ਬੁੱਢੇ,ਠੇਰੇ,ਬੀਮਾਰ,ਫੱਟੜ ਤੱਕ ਦੀ ਵੋਟ ਵੀ ਭੁਗਤਾ ਦਿੱਤੀ ਗਈੇ। ਨਤੀਜਾ ਨਿਕਲਿਆ। ਆਤਾ ਸਿਹੁੰ ਦੀ ਪਾਰਟੀ ਦੇ ਜ਼ਿਆਦਾ ਪੰਚ ਚੁਣੇ ਗਏ ਸਨ। ਉਨ੍ਹਾਂ ਆਤਾ ਸਿਹੁੰ ਨੂੰ ਸਰਪੰਚ ਚੁਣ ਲਿਆ। ਉਹਦੇ ਧੜੇ ਦੇ ਲੋਕਾਂ ਉਸ ਰਾਤ ਬੱਕਰੇ ਬੁਲਾਏ,ਸ਼ਰਾਬਾਂ ਪੀਤੀਆਂ ਤੇ ਹੁੱਲੜ ਮਚਾਇਆ। ਮਾਘਾ ਸਿਹੁੰ ਦੇ ਬੰਦੇ ਅਣਖ ‘ਚ ਆ ਗਏ।ਦੋਹਾਂ ਧੜਿਆਂ ਦੀ ਬੱਝਵੀਂ ਲੜਾਈ ਹੋਈ, ਟਕੂਏ, ਬਰਛੇ ਚਲੇ। ਚੰਗੀ ਵੱਢ ਟੁੱਕ ਹੋਈ। ਲੜਨ ਵਾਲਿਆਂ 'ਚ ਨਾ ਚੌਧਰੀ ਆਤਾ ਸਿਹੁੰ ਸੀ, ਨਾ ਮਾਘਾ ਸਿਹੁੰ ਅਤੇ ਨਾ ਹੀ ਉਹਨਾਂ ਦਾ ਟੱਬਰ-ਟੀਹਰ। ਉਹ ਦੋਵੇਂ ਚੌਧਰੀ ਆਤਾ ਸਿਹੁੰ ਦੀ ਹਵੇਲੀ ਬੈਠੇ ਪੀ ਰਹੇ ਸਨ। ਦੋਹਾਂ ਧੜਿਆਂ ਦੇ ਲੋਕਾਂ ਨੇ ਉਮਰ ਭਰ ਦੇ ਵੈਰ ਸਹੇੜ ਲਏ ਸਨ। ਗਰੀਬ ਲੋਕਾਂ ਦਾ ਪਿੰਡ ’ਚ ਜੀਊਣਾ ਦੁਭਰ ਹੋ ਗਿਆ ਸੀ।ਉਨਾਂ ਨੂੰ ਬੋਲ-ਕਬੋਲ ਬੋਲੇ ਜਾਂਦੇ। ਉਹ ਚੁੱਪ-ਚਾਪ ਆਪਣੀਆਂ ਘੜੀਆਂ ਲੰਘਾਈ ਜਾਂਦੇ। ਇਕ ਦਿਨ ਤੁਰੇ ਜਾਂਦੇ ਬਖਸ਼ਾ ਸਿਹੁ ਨੇ ਸੀਬੂ ਨੂੰ ਬੋਲੀ ਮਾਰੀ, ਇਹਨੇ ਸਾਨੂੰ ਨੀ ਪਾਈ ਵੋਟ,ਇਹਨੇ ਦੂਜੇ ਧੜੇ ਨੂੰ ਪਾਈ ਆ, ਸਾਰੀ ਉਮਰ ਘਾਹ ਪੱਠਾ ਸਾਡੇ ਖੇਤਾਂ ਚੋਂ ਖੋਤਦਾ ਰਿਹਾ ਆ। ਤੇ ਜਦੋਂ ਸੀਬੂ ਨੇ ਅਗਿਓਂ ਕੁਝ ਬੋਲਣਾ ਚਾਹਿਆ ਤਾਂ ਓਹਦੇ ਕੜਕਵੇਂ ਬੋਲ ‘ਕੋਈ ਨੀ ਪੁੱਤ ਬਣਾਊਂ ਬੰਦਾਂ ਤੈਨੂੰ ਕਿਸੇ ਵੇਲੇ, ਨਿਕਲੀ ਹੁਣ ਸਾਡੇ ਖੇਤਾਂ ਵੱਲ ਨੂੰ ਜੰਗਲ ਪਾਣੀ ਵੀ। ਹੱਡ ਸੇਕੂੰ ਤੇਰੇ ਚੰਗੀ ਤਰ੍ਹਾਂ। ਇਹ ਬੋਲ ਉਹਦੇ ਕੰਨਾਂ ‘ਚ ਕਈ ਦਿਨ ਗੂੰਜਦੇ ਰਹੇ। ਉਹ ਬੇਬਸੀ ਕਾਰਨ ਕੁਝ ਵੀ ਨਹੀਂ ਸੀ ਬੋਲ ਸਕਿਆ ।

ਪਿੰਡ ਦੇ ਚੜ੍ਹਦੇ ਪਾਸਿਓਂ ਹੱਡਾ-ਰੇੜੀ ਚੋਂ ਡੱਬੂ ਕੁੱਤੇ ਦੇ ਭੋਕਣ ਦੀ ਆਵਾਜ਼ ਸੁਣ ਕੇ ਪਲਾਂ ਚ ਹੀ ਕਾਲੂ,ਰੰਮੀ ਅਤੇ ਡੱਬੂ ਤੇ ਹੋਰ ਕੁਤੀੜ ਹੱਡਾ-ਰੇੜੀ ’ਚ ਇਕੱਠੀ ਹੋ ਗਈ ਅਤੇ ਫਿਰ ਘੂੰ-ਘੂੰ, ਬਊਂ ਬਊਂ ਕਰਦਿਆਂ ਮਾਸ ਚੁੰਡਣ ਲਈ ਚਾਰ ਕੁੱਤੇ ਇੱਕ ਪਾਸੇ ਹੋ ਲੜਨ ਲੱਗ ਪਏ।ਇੰਜ ਲੱਗਦਾ ਸੀ ਉਹ ਇਕ-ਦੂਜੇ ਨੂੰ ਮਾਰ ਸੁੱਟਣਗੇ। ਅਚਾਨਕ ਉਨਾਂ ਦੀ ਨਜ਼ਰ ਹੱਡਾ ਰੇੜੀ ਚ ਆਏ ਨਵੇਂ ਸ਼ਿਕਾਰ ਤੇ ਪਈ, ਜਿਨਾਂ ਨੂੰ ਗਿਰਝਾਂ ਚੂੰਡ ਰਹੀਆਂ ਸਨ। ਉਨਾਂ ਇਕ ਦੂਜੇ ਵੱਲ ਵੇਖਿਆ। ਫਿਰ ਅੱਖੋ- ਅੱਖੀਂ ਜਿਵੇਂ ਕੋਈ ਸਮਝੌਤਾ ਕਰ ਲਿਆ ਹੋਵੇ, ਉਹ ਗਿਰਝਾਂ ਨੂੰ ਦੂਰ ਭਜਾ ਸ਼ਿਕਾਰ ਤੇ ਟੁੱਟ ਪਏ।ਉਹ ਪੂਰਾ ਰੱਜ ਕਰਕੇ ਵਾਪਿਸ ਪਿੰਡ ਪਰਤ ਆਏ। ਉਨਾਂ ਨੂੰ ਹੁਣ ਆਪਸ ‘ਚ ਕੋਈ ਗਿਲਾ ਸ਼ਿਕਵਾ ਨਹੀ ਸੀ।ਸੀਬੂ ਜਿਹੜਾ ਇਹ ਸਭ ਕੁੱਝ ਵੇਖ ਰਿਹਾ ਸੀ ਦੇ ਮਨ ਚ ਬਖਸ਼ਾ ਸਿਹੁੰ ਦੇ ਬੋਲ ਤੇ ਪਿਛਲੇ ਦਿਨੀਂ ਆਪਣੇ ਪਿੰਡ ਚ ਵਾਪਰੀਆਂ ਘਟਨਾਵਾਂ ਚੱਕਰ ਕੱਟ ਗਈਆਂ। ਉਸ ਸੋਚਿਆ ਇਕ ਦੂਜੇ ਨੂੰ ਜਾਨੋਂ ਮਾਰਨ ਵਾਲੇ ਕੁੱਤੇ ਆਪਸ ਚ ਮਾਲ ਦੀ ਬੋਟੀ ਤੇ ਸਮਝੌਤਾ ਕਰੀ ਬੈਠੇ ਸਨ ਅਤੇ ਪਿੰਡ ਦੇ ਦੋਵੇਂ ਚੌਧਰੀ ਵੀ। ਪਰ ਲੋਕ ਕਦੋਂ ਮਿਲ ਬੈਠਣਗੇ ਦਾ ਉਸ ਦੀ ਸੋਚ ਕੋਈ ਉੱਤਰ ਨਹੀਂ ਸੀ ਦੇ ਸਕੀ।

 

(2.) ਈਮਾਨਦਾਰ

ਮਾਸਟਰ ਧੀਰ ਨੇ ਬੱਚਿਆਂ ਨੂੰ ਸੱਚ ਬੋਲਣ, ਹੇਰਾਫੇਰੀ ਨਾ ਕਰਨ ਅਤੇ ਈਮਾਨਦਾਰ ਬਣ ਕੇ ਰਹਿਣ ਦੀ ਨਸੀਅਤ ਕੀਤੀ। ਅੱਠਾਂ ਸਾਲਾਂ ਦੇ ਪੰਮੀ ਨੇ ਆਪਣੇ ਮਾਸਟਰ ਦੀਆਂ ਗਲਾਂ ਧਿਆਨ ਨਾਲ ਸੁਣੀਆਂ ਅਤੇ ਸਦਾ ਸੱਚ ਬੋਲਣ ਤੇ ਈਮਾਨਦਾਰ ਬਣ ਕੇ ਰਹਿਣ ਦਾ ਪ੍ਰਣ ਕਰ ਲਿਆ।

ਉਸੇ ਦਿਨ ਮਾਸਟਰ ਧੀਰ ਨੇ ਪੰਮੀ ਨੂੰ ਡਾਕਖਾਨੇ ਤੋਂ ਲਫਾਫੇ ਲਿਆਉਣ ਲਈ ਪੰਜਾਹ ਪੈਸੇ ਦਿੱਤੇ। ਉਹ ਪੋਸਟ ਮਾਸਟਰ ਕੋਲ ਗਿਆ। ਉਸ ਨੇ ਗਲਤੀ ਨਾਲ ਪੰਜਾਹ ਪੈਸਿਆਂ ਨੂੰ ਰੁਪਿਆ ਸਮਝ ਕੇ ਦੋ ਲਫਾਫੇ ਤੇ ਪੰਜਾਹ ਪੈਸੇ ਮੋੜ ਦਿੱਤੇ। ਪੰਮੀ ਨੇ ਸੋਚਿਆ ਸ਼ਾਇਦ ਮਾਸਟਰ ਹੁਰਾਂ ਰੁਪਿਆ ਦਿੱਤਾ ਸੀ। ਉਹ ਭੁਲੇਖਾ ਕੱਢ ਕੇ ਪੈਸੇ ਪੋਸਟ ਮਾਸਟਰ ਨੂੰ ਮੋੜ ਜਾਏਗਾ। ਲਫਾਫੇ ਮਾਸਟਰ ਜੀ ਨੂੰ ਫੜਾਉਂਦਿਆਂ ਉਸ ਪੁੱਛਿਆ, 'ਮਾਸਟਰ ਜੀ, ਤੁਸਾਂ ਮੈਨੂੰ ਕਿੰਨੇ ਪੈਸੇ ਦਿੱਤੇ ਸਨ'?

'ਪੰਜਾਹ ਪੈਸੇ', ਮਾਸਟਰ ਨੇ ਕਿਹਾ।

'ਪਰ ਉਸ ਤਾਂ ਪੰਜਾਹ ਪੈਸੇ ਲਫਾਫਿਆਂ ਦੇ ਨਾਲ ਹੀ ਮੋੜ ਦਿੱਤੇ ਹਨ।' ਪੰਮੀ ਨੇ ਦੱਸਿਆ ਅਤੇ ਅਠਿਆਨੀ ਮਾਸਟਰ ਜੀ ਨੂੰ ਫੜਾਉਣੀ ਚਾਹੀ।

'ਚੱਲ, ਇਹ ਪੈਸੇ ਲੈ ਜਾਹ ਅਤੇ ਦੁਕਾਨੋਂ ਲੂਣ ਵਾਲੀ ਦਾਲ ਲੈ ਆ, ਦੋ ਮਿੰਟ ਮੂੰਹ ਹੀ ਕਰਾਰਾ ਕਰ ਲੈਨੇ ਆਂ'। ਇਹ ਸੁਣ ਕੇ ਪੰਮੀ ਮਾਸਟਰ ਧੀਰ ਦੀ ਈਮਾਨਦਾਰੀ ਤੇ ਹੈਰਾਨ ਰਹਿ ਗਿਆ।

 

(3). ਮੁਸਕਾਨ ਦੀ ਰਿਸ਼ਵਤ

ਤੀਹ ਮੀਲ ਦਾ ਪੈਂਡਾ ਮਾਰ ਮਾਸਟਰ ਕੀਰਤੀ ਸਲਾਨਾ ਤਰੱਕੀ ਲਵਾਉਣ ਲਈ ਸਿੱਖਿਆ ਦਫ਼ਤਰ ਗਿਆ।ਉਸ ਬਾਬੂ ਰਾਕੇਸ਼ ਨੂੰ ਤਰੱਕੀ ਲਾਉਣ ਲਈ ਆਖਿਆ।

'ਅੱਜ ਨਹੀਂ ਵਿਹਲ, ਕੱਲ ਨੂੰ ਆਉਣਾ'। ਬਾਬੂ ਨੇ ਬਿਨਾਂ ਮੂੰਹ ਉਤਾਂਹ ਚੁਕਿਆਂ ਬੁੜ ਬੁੜ ਕੀਤੀ।

 ‘ਬਾਬੂ ਜੀ, ਸਿੰਗਲ ਟੀਚਰ ਸਕੂਲ ਆ, ਬੱਚਿਆਂ ਦਾ ਬਹੁਤ ਨੁਕਸਾਨ ਹੁੰਦਾ ਇਸ ਤਰ੍ਹਾਂ ਸਕੂਲ ਛੱਡ ਕੇ ਆਇਆਂ।’ ਮਾਸਟਰ ਕੀਰਤੀ ਨੇ ਕਿਹਾ। ‘ਫਿਰ ਮੈਂ ਕੀ ਕਰਾਂ?’ ਬਾਬੂ ਨੇ ਮੱਥੇ ਤੇ ਤੀਊੜੀਆਂ ਪਾ, ਮੂੰਹ ਤੇ ਗੁੱਸੇ ਦੇ ਭਾਵ ਲਿਆਉਂਦਿਆਂ ਕਿਹਾ। ਮਾਸਟਰ ਕੀਰਤੀ ਨੇ ਜਦੋਂ ਬਹੁਤੇ ਤਰਲੇ ਕੀਤੇ, ਬਾਬੂ ਨੇ ਉਹਨੂੰ ਦੁਪਹਿਰੋਂ ਬਾਅਦ ਆਉਣ ਲਈ ਕਹਿ ਦਿਤਾ।

ਉਦੋਂ ਹੀ ਇਕ ਟੀਚਰਸ ਨੇ ਬਾਬੂ ਰਾਕੇਸ਼ ਅੱਗੇ ਲਿਆ ਕੇ ਸਲਾਨਾਂ ਤਰੱਕੀ ਲਾਉਣ ਲਈ ਸਰਵਿਸ ਬੁੱਕ ਰੱਖੀ। ਉਸ ਉਪਰ ਵਲ ਤੱਕਿਆ। ਮਿਸ ਸੋਨੀਆਂ ਮੁਸਕਰਾਉਂਦੀ ਉਹਨੂੰ ਕਹਿ ਰਹੀ ਸੀ, ‘ਆਹ ਮੇਰੀ ਤਰੱਕੀ ਤਾਂ ਲਾ ਦਿੳ।’ ‘ਬੈਠੋ, ਬੈਠੋ, ਹੁਣੇ ਲਾ ਦੇਨਾਂ।’ ਆਖ ਬਾਬੂ ਹੱਥਲਾ ਕੰਮ ਛੱਡ ਮਿਸ ਸੋਨੀਆਂ ਦੇ ਬੁਲ੍ਹਾਂ ਤੇ ਆਈ ਮੁਸਕਰਾਹਟ ਦਾ ਸੁਆਦ ਮਾਣਦਾ, ਉਹਦਾ ਕੰਮ ਕਰਨ ਲੱਗ ਪਿਆ।

ਦੂਰ ਖੜਾ ਮਾਸਟਰ ਕੀਰਤੀ ਇਸ ਨਵੀਂ ਕਿਸਮ ਦੀ ਮੁਸਕਰਾਹਟ ਦੀ ਰਿਸ਼ਵਤ ਤੇ ਹੈਰਾਨ ਰਹਿ ਗਿਆ।

 

(4). ਤਬਦੀਲੀ

"ਐਹੋ ਜਿਹੀ ਔਲਾਦ ਖੁਣੋਂ ਕੀ ਥੁੜਿਆ ਹੋਇਆ ਸੀ ? ਸਵੇਰ ਦਾ ਗਿਆ ਹੁਣ ਤਕ ਨਹੀਂ ਮੁੜਿਆ। ਤੂੰ ਹੀ ਗੰਦੀ ਔਲਾਦ ਨੂੰ ਭੂਏ ਚਾੜਿਆ ਹੋਇਐ ? ਕੰਮ ਦਾ ਡੱਕਾ ਦੌਹਰਾ ਨਹੀਂ ਕਰਦਾ ਪੇ ਦਾ ਪੁਤ, ਸਾਰਾ ਦਿਨ" ਬਾਪੂ ਨੇ ਮਾਂ  ਨੂੰ ਕਿਹਾ। ਬਾਪੂ ਦਾ ਪਾਰਾ ਚੜ੍ਹਿਆ ਹੋਇਆ ਸੀ । ਉਹ ਕਦੇ ਮੰਜੇ 'ਤੇ ਬੈਠ ਜਾਂਦਾ, ਕਦੇ ਘਰ 'ਚ ਇਧਰ ਉਧਰ ਫਿਰਨ ਲਗ ਪੈਂਦਾ । ਉਹਨੂੰ ਅੱਚਵੀ ਜਿਹੀ ਲਗੀ ਹੋਈ ਸੀ।

ਛੋਟਾ ਬਿੱਲੂ ਘਰ ਪਰਤਿਆ । ਉਸ ਰਜ ਕੇ ਸ਼ਰਾਬ ਪੀਤੀ ਹੋਈ ਸੀ । ਆਉਂਦਾ ਹੀ ਉਹ ਬਾਪੂ ਕੋਲ ਗਿਆ ,ਝੋਲੇ 'ਚੋਂ ਅਧੀਆ ਕੱਢ ਉਸ ਬਾਪੂ ਨੂੰ ਫੜਾਇਆ ਅਤੇ ਆਪ ਰੋਟੀ ਖਾਣ ਆ ਲਗਾ । ਮਾਂ ਜਿਹੜੀ ਬਾਪੂ  ਦੀ ਸੁਣ ਹੁਣ ਤਕ ਚੁੱਪ ਬੈਠੀ ਸੀ, ਹਰਖਕੇ ਬੋਲੀ, "ਬਿੱਲੂ ਤੈਨੂੰ ਸ਼ਰਮ ਨਹੀਂ ਆਉਂਦੀ ਕੁੱਤਿਆਂ ਵਾਂਗ ਫਿਰਦੇ ਨੂੰ। ਸਾਰੀ ਦਿਹਾੜੀ ਤੂੰ ਸ਼ਰਾਬ ਪੀਂਦਾ  ਰਹਿੰਦਾਂ । ਤੂੰ ਸਾਨੂੰ ਕਦੇ ਸੁੱਖ ਦਾ ਸਾਹ ਵੀ ਲੈਣ ਦੇਵੇਂਗਾ ਕਿ ਨਹੀਂ । ਬਿੱਲੂ ਸੁਣ ਚੁੱਪ ਰਿਹਾ ਤਦੇ ਬਾਪੂ ਬੋਲਿਆ, " ਐਂਵੇਂ ਨਾ ਮੁੰਡਿਆਂ ਨੂੰ ਝਿੜਕਿਆ ਕਰ ਬਿੱਲੂ ਦੀ ਮਾਂ ਜਵਾਨ ਪੁੱਤ ਬਰਾਬਰ ਦੇ ਹੋ ਗਏ ਆ ਹੁਣ'।

ਮਾਂ ਇਸ ਥੋੜੇ ਚਿਰਾਂ ਚ ਆਈ ਇਸ ਤਬਦੀਲੀ ਤੇ ਹੈਰਾਨ ਸੀ।

 

(5)ਕੰਮਪਿਊੁਟਰ

ਉਹ ਸਵੇਰੇ ਉੱਠਦੀ, ਖਾਣਾ ਤਿਆਰ ਕਰਦੀ, ਸੁੱਤੇ ਪਏ ਬੱਚਿਆਂ ਨੂੰ ਉਠਾਉਂਦੀ ਅਤੇ ਕੰਮ ਕਰਨ ਤੁਰ ਜਾਂਦੀ। ਉਹ ਸਾਰਾ ਦਿਨ ਕੰਮ ਕਰਦੀ, ਵਾਪਿਸ ਘਰ ਆ, ਮੁੜ ਕੰਮ 'ਤੇ ਆ ਲਗਦੀ। ਉਹਦਾ ਪਤੀ ਆਉਂਦਾ, ਉਹ ਉਹਦੀ ਵੀ ਸੇਵਾ ਕਰਦੀ ਅਤੇ ਅੱਕ ਥੱਕ ਕੇ ਸੋਂ ਜਾਂਦੀ। ਵਲੈਤ ਆਈ ਕੁੜੀ ਰੀਨਾ ਦਾ ਇਹ ਕਈ ਵਰ੍ਹਿਆਂ ਦਾ ਨਿੱਤ ਕਰਮ ਸੀ। ਕਦੇ ਕਦਾਈ ਉਹਦਾ ਜੀਅ ਕਰਦਾ ਉਹ ਪਤੀ ਨਾਲ ਘੁੰਮੇ, ਫਿਰੇ,ਵਲੈਤ ਦੀਆਂ ਸੈਰਾਂ ਕਰੇ। ਪਰ ਲਾਲਚੀ ਪਤੀ ਤਾਂ ਪੌਂਡਾਂ ਦੇ ਚੱਕਰ ’ਚ ਜਿਵੇਂ ਉਹਨੂੰ ਵਿਸਾਰ ਹੀ ਚੁੱਕਾ ਸੀ।

ਉਹ ਦੇ ਸਟੋਰ ’ਚ ਰੰਗ-ਬਿਰੰਗੇ ਗਾਹਕ ਆਉਂਦੇ, ਤਰ੍ਹਾਂ-ਤਰ੍ਹਾਂ ਦੇ ਲੋਕ। ਉਹ ਸੋਚਦੀ, ‘ਕਿੰਨੇ ਚੰਗੇ ਹਨ ਇਹ ਲੋਕ, ਆਪਣੀ ਜ਼ਿੰਦਗੀ ਇਨਜੁਆਏ ਕਰਦੇ ਹਨ ਅਤੇ ਮੈਂ ਤਾਂ ਮਸ਼ੀਨ ਨਾਲ ਮਸ਼ੀਨ ਹੋ ਬੈਠੀ ਹਾਂ। ਟੂ ਪਲੱਸ ਟੂ ਫੋਰ, ਸਲਿੱਪ ਮਸ਼ੀਨ ਤੋਂ ਬਾਹਰ, ਉਹਦੇ ਹੱਥਾਂ ਚ ਹੁੰਦੀ, ਉਹ ਗਾਹਕ ਨੂੰ ਸਲਿੱਪ ਦਿੰਦੀ। ਅਗਲੇ ਗਾਹਕ ਨੂੰ ਭੁਗਤਾਉਣ ਲਈ ਉਹਦਾ ਸਮਾਨ ਅਤੇ ਉਸ ਉਤੇ ਲਗਿਆ ਮੁੱਲ ਮਸ਼ੀਨ ਨਾਲ ਦੱਬਦੀ, ਸਲਿੱਪ ਕੱਢਦੀ ਅਗਲੇ ਗਾਹਕ ਨੂੰ ਆਖਦੀ, ‘ਕੈਨ ਆਈ ਹੈਲਪ ਯੂ, ਪਲੀਜ਼’ ਇੰਜ ਕਰਦਿਆਂ ਉਹਨੂੰ ਜਾਪਿਆ, ਉਹ ਵੀ ਕੰਮਪਿਊਟਰ ਹੀ ਬਣ ਗਈ।

 

 

(6). ਓ. ਕੇ.
 

‘ਹੈਲੋ ਗੁਰਦੀਪ ! ਮੈਂ ਸਤਨਾਮ ਬੋਲ ਰਿਹਾਂ’

'ਹੈਲੋ ! ਕੀ ਹਾਲ ਆ ਗੁਰਦੀਪ ? ਕਦੋਂ ਆਇਆ ਇੰਡੀਆ ਤੋਂ ?’

ਬੱਸ ਕੱਲ੍ਹ ਹੀ ਆਇਆ  ਮੈਂ । ਸਾਊਥਾਲ ਰਹਿ ਰਿਹਾ ਹਾਂ।

ਤੂੰ ਕਦੋਂ ਮਿਲੇਂਗਾ ਮੈਨੂੰ ?

‘ਯਾਰ ! ਦੋ ਕੁ ਦਿਨ ਕੰਮ ਐ,  ਮੈਂ ਤੈਨੂੰ ਵਿਹਲ ਕੱਢ ਕੇ ਮਿਲਾਂਗਾ।’

‘ੳ. ਕੇ.’ ਆਖ ਉਸ ਫੋਨ ਰੱਖ ਦਿੱਤਾ।

ਸਤਨਾਮ ਕਈ ਦਿਨ ਆਪਣੇ ਦੋਸਤ ਨੂੰ ਉਡੀਕਦਾ ਰਿਹਾ।ਅੱਕ ਕੇ ਉਸ ਇਕ ਦਿਨ ਫਿਰ ਟੈਲੀਫੋਨ ਕੀਤਾ ।

‘ਹੈਲੋ ! ਯਾਰ ਤੇਰਾ ਜੀਅ ਨਹੀਂ ਕਰਦਾ ਮਿਲਣ ਨੂੰ ?’

ਜੀਆ ਤਾ ਬਹੁਤ ਕਰਦਾ ਯਾਰ ।

ਮੈਂ ਡਿਊਟੀ 'ਤੇ ਜਾ ਰਿਹਾ ਹਾਂ । ਤੂੰ ਇਥੇ ਕਿੰਨਾ ਕੁ ਚਿਰ ਏਂ ?’

‘ਬੱਸ ਦੋ ਕੁ ਹਫਤੇ ਹੋਰ ।’

‘ਤਾਂ ਫਿਰ ਯਾਰ, ਆਪਾਂ ਇੰਡੀਆ ਹੀ ਮਿਲਾਂਗੇ , ਓ.ਕੇ. ।

‘ਓ.ਕੇ.’ ਆਖ ਉਸ ਨਿਰਾਸ਼ ਹੋ ਕੇ ਫੋਨ ਰੱਖ ਦਿੱਤਾ ।

 

 

-ਗੁਰਮੀਤ ਸਿੰਘ ਪਲਾਹੀ

218, ਗੁਰੂ ਹਰਿਗੋਬਿੰਦ ਨਗਰ, ਫਗਵਾੜਾ

-9815802070

ਸ਼ਬਦੀ ਬਾਣ, ਨਫ਼ਰਤੀ ਕੰਧਾਂ - ਗੁਰਮੀਤ ਸਿੰਘ ਪਲਾਹੀ

ਸ਼ਬਦ ਦੇ ਤਿੱਖੇ ਬਾਣ, ਦੇਸ਼ ਵਿੱਚ ਨਫ਼ਰਤੀ ਅੱਗ ਫੈਲਾਉਣ ਅਤੇ ਬੁਲਡੋਜ਼ਰ ਤੰਤਰ ਦੀ ਨੀਤੀ ਨੂੰ ਹਵਾ ਦੇ ਰਹੇ ਹਨ। ਕੀ ਭਾਰਤੀ ਲੋਕਤੰਤਰ ਲਈ ਇਹ ਸਥਿਤੀ ਸੁਖਾਵੀਂ ਹੈ? ਕੀ ਇਹ ਦੇਸ਼ ਦੇ ਟੋਟੇ-ਟੋਟੇ ਕਰਨ ਦਾ ਸਾਧਨ ਤਾਂ ਨਹੀਂ ਬਣੇਗੀ? ਜੇਕਰ ਇਹ ਨੀਤ ਅਤੇ ਨੀਤੀ ਸਿਰਫ਼ 2024 ਦੀਆਂ ਲੋਕ ਸਭਾ ਚੋਣਾਂ 'ਚ ਹਾਕਮ ਧਿਰ ਵਲੋਂ ਜਿੱਤ ਪਰਾਪਤ ਕਰਨ ਵਾਲਾ ਇੱਕ ਸੰਦ ਬਣਾਇਆ ਜਾ ਰਿਹਾ ਹੈ ਤਾਂ ਹੋਰ ਵੀ ਮੰਦਭਾਗਾ ਹੈ।

ਪਿਛਲੇ ਹਫ਼ਤੇ ਭਾਰਤ ਦੁਨੀਆ ਭਰ 'ਚ ਜਿਨ੍ਹਾਂ ਬਦਨਾਮ ਹੋਇਆ ਹੈ, ਸ਼ਾਇਦ ਹੀ ਕਦੇ ਹੋਇਆ ਹੋਵੇ। ਦੁਨੀਆ ਦੇ ਤਕਰੀਬਨ ਹਰ  ਇਸਲਾਮੀ ਦੇਸ਼ ਨੇ ਸਪਸ਼ਟ ਕੀਤਾ ਹੈ ਕਿ ਕਿਸੇ ਹਾਲਤ ਵਿੱਚ ਵੀ ਇਸਲਾਮ ਦੇ ਪਗੰਬਰ ਰਸੂਲ ਦੀ ਬੇਇੱਜਤੀ ਸਹਿਣ ਨਹੀਂ ਕੀਤੀ ਜਾ ਸਕਦੀ।

ਬੀਤੇ ਦਿਨ ਭਾਜਪਾ ਨੇਤਾ ਨੂਰਪੁਰ ਸ਼ਰਮਾ ਅਤੇ ਨਵੀਨ ਕੁਮਾਰ ਵਲੋਂ ਕਥਿਤ ਟਿੱਪਣੀਆਂ ਕੀਤੀਆਂ ਗਈਆਂ ਸਨ, ਜਿਸ ਕਾਰਨ ਦੇਸ਼ ਦੇ ਕਈ ਹਿੱਸਿਆਂ 'ਚ ਹਿੰਸਾ ਭੜਕ ਗਈ ਸੀ। ਸ਼ੁੱਕਰਵਾਰ ਦੀ ਨਵਾਜ਼ ਤੋਂ ਬਾਅਦ ਪੈਗੰਬਰ ਮੁਹੰਮਦ ਬਾਰੇ ਟਿਪੱਣੀ  ਖਿਲਾਫ ਪ੍ਰਦਰਸ਼ਨਾਂ ਦੌਰਾਨ ਹਿੰਸਾ ਹੋ ਗਈ ਸੀ। ਯੂਪੀ ਦੇ 8 ਜਿਲਿਆਂ 'ਚ 13 ਕੇਸ ਦਰਜ ਕਰਕੇ 304 ਵਿਅਕਤੀ ਹਿਰਾਸਤ ਵਿੱਚ ਲਏ ਗਏ ਸਨ। ਸਿੱਧੀ ਕਾਰਵਾਈ ਪੁਲਿਸ ਅਤੇ ਪ੍ਰਸ਼ਾਸਨ ਵਲੋਂ ਕੀਤੀ ਗਈ।  ਹਿੰਸਾ  ਦੇ ਕਥਿਤ ਸਾਜ਼ਿਸ਼ ਘਾੜੇ ਮੁਹੰਮਦ ਜਾਵੇਦ ਉਰਫ ਜਾਵੇਦ ਪੰਪ ਦੇ ਦੋ ਮੰਜ਼ਲਾ ਘਰ ਨੂੰ ਬੁਲਡੋਜ਼ਰ ਨਾਲ ਢਾਅ ਦਿੱਤਾ ਗਿਆ।

ਪੈਗੰਬਰ ਹਜ਼ਰਤ ਮੁਹਮੰਦ 'ਤੇ ਟਿਪੱਣੀ ਦੀ ਖ਼ਾਸ ਤੌਰ 'ਤੇ ਮੁਸਲਿਮ ਦੇਸ਼ਾਂ 'ਚ ਪ੍ਰਤੀਕਿਰਿਆ ਵੇਖਣ ਨੂੰ ਮਿਲੀ। ਕਤਰ. ਕੁਵੈਤ, ਬਹਿਰੀਨ, ਸਾਊਦੀ ਅਰਬ, ਸੰਯੁਕਤ ਅਰਬ ਇਮਰਾਤ ਆਦਿ ਖਾੜੀ ਦੇਸ਼ਾਂ ਅਤੇ ਇੰਡੋਨੇਸ਼ੀਆ, ਮਾਲਦੀਵ ਵਲੋਂ ਭਾਰਤ ਸਰਕਾਰ ਕੋਲ ਇਸ ਬਾਰੇ ਵਿਰੋਧ ਦਰਜ਼ ਕਰਵਾਇਆ ਗਿਆ ਹੈ। ਪਾਕਿਸਤਾਨ ਨੇ ਵੀ ਇਸ ਟਿਪੱਣੀ ਦਾ ਵਿਰੋਧੀ ਕੀਤਾ ਹੈ। ਕਤਰ ਜਿਥੇ 30 ਲੱਖ ਭਾਰਤੀ ਵਸਦੇ ਹਨ, ਉਥੋਂ ਦੀ ਸਰਕਾਰ ਨੇ ਇਹਨਾ ਬਿਆਨਾਂ ਤੇ ਸਖ਼ਤ ਟਿਪੱਣੀ ਕੀਤੀ ਹੈ। ਹਰ ਇਸਲਾਮੀ ਦੇਸ਼ 'ਚ ਭਾਰਤ ਦੀ ਵੱਡੀ ਬਦਨਾਮੀ ਹੋਈ ਹੈ। ਜਿਹਨਾ ਮੁਸਲਿਮ ਮੁਲਕਾਂ 'ਚ ਵੱਡੀ ਗਿਣਤੀ ਭਾਰਤੀ ਵਸਦੇ ਹਨ, ਉਥੋਂ ਅੱਧੇ ਤੋਂ  ਜ਼ਿਆਦਾ ਵਿਦੇਸ਼ੀ ਮੁਦਰਾ ਮਿਲਦੀ ਹੈ। ਜੇਕਰ ਨਫ਼ਰਤ ਦਾ ਇਹ ਕਾਰਖਾਨਾ ਬੰਦ ਨਹੀਂ ਹੁੰਦਾ , ਤਾਂ ਭਾਰਤ ਨਾਲ ਇਹਨਾ ਦੇਸ਼ਾਂ ਦੇ ਸਬੰਧ ਸੁਖਾਵੇ ਨਹੀਂ ਰਹਿਣਗੇ ਅਤੇ ਕਾਰੋਬਾਰ 'ਚ ਵੀ ਭਾਰਤ ਨੂੰ ਵੱਡਾ ਨੁਕਸਾਨ ਉਠਾਉਣਾ ਪਵੇਗਾ।

ਮੋਦੀ ਸਰਕਾਰ ਨੇ "ਨੀਊ ਇੰਡੀਆ" ਬਨਾਉਣ ਦਾ ਬੀੜਾ ਚੁੱਕਿਆ ਹੈ। ਇਸ ਨੀਊ ਇੰਡੀਆ ਦੀ ਨੀਂਹ ਕਿਹੜੀ ਹੈ? ਘੱਟ ਗਿਣਤੀਆਂ ਉਤੇ ਸ਼ਬਦ "ਸਭ ਕਾ  ਵਿਕਾਸ, ਸਭ ਕਾ ਸਾਥ" ਜਿਹੇ ਨਾਹਰੇ ਛੱਡ ਕੇ ਫ਼ਿਰਕੂਵਾਦ ਨੂੰ ਵਧਾਇਆ ਜਾ ਰਿਹਾ ਹੈ। ਮੁਸਲਿਮ ਭਾਈਚਾਰੇ ਉਤੇ ਕੀਤੇ ਜਾਂਦੇ ਹਮਲੇ ਇਸਦੀ ਉਦਾਹਰਨ ਹਨ। ਇਸ ਕੰਮ 'ਚ ਕਈ ਹਿੰਦੂ ਸੰਤ ਸ਼ਾਮਿਲ ਹਨ, ਕੇਂਦਰੀ ਮੰਤਰੀ ਸ਼ਾਮਿਲ ਹਨ, ਕਈ ਟੀਵੀ ਪੱਤਰਕਾਰ  ਇਹਨਾ ਦੇ ਪ੍ਰਮੁੱਖ ਪ੍ਰਵਕਤਾ ਬਣੇ ਹੋਏ ਹਨ, ਜੋ ਮਨੁੱਖਤਾ ਦੇ ਭਲੇ ਦੀ ਗੱਲ ਤੱਜ ਕੇ ਹਿੰਦੀ, ਹਿੰਦੂ, ਹਿੰਦੂਤਵ ਨੂੰ ਮੁੱਖ ਮੁੱਦਾ ਬਣਾਕੇ ਪ੍ਰਚਾਰ ਕਰ ਰਹੇ ਹਨ।

ਉਦਾਹਰਨ ਵਜੋਂ ਜਦੋਂ ਕੋਵਿਡ-19 ਫੈਲਿਆ, ਉਸਦਾ ਦੋਸ਼ ਮੌਲਵੀਆਂ ਉਤੇ ਪਾ ਦਿੱਤਾ ਗਿਆ, ਜੋ ਦਿੱਲੀ 'ਚ ਇੱਕ ਵਾਰਸ਼ਿਕ ਇਸਲਾਮੀ ਸੰਮਲੇਨ 'ਚ ਆਏ ਸਨ। ਅਮਰੀਕੀ ਰਾਸ਼ਟਰਪਤੀ ਦੇ ਦੌਰੇ ਅਤੇ ਚੋਣ ਦੰਗਲ 'ਚ ਕੀਤੀਆਂ ਵੱਡੀਆਂ ਰੈਲੀਆਂ ਉਹ ਭੁੱਲ ਹੀ ਗਏ। ਨਾਗਰਿਕਤਾ ਕਾਨੂੰਨ ਵਿੱਚ ਸੋਧ ਦੇ ਖਿਲਾਫ਼ ਜਦੋਂ ਮੁਸਲਮਾਨ ਸੜਕਾਂ ਤੇ ਆਕੇ ਵਿਰੋਧ ਕਰਨ ਲੱਗੇ, ਤਾਂ ਉਹਨਾ ਉਤੇ ਗਦਾਰੀ ਦਾ ਇਲਜ਼ਾਮ ਲਗਾ ਦਿੱਤਾ ਗਿਆ। ਇਹ ਇਲਜਾਮ ਕਿਸੇ ਹੋਰ ਨੇ ਨਹੀਂ ਕੇਂਦਰੀ ਗ੍ਰਹਿ ਮੰਤਰੀ ਨੇ ਲਗਾਏ।

ਸ਼ਾਇਦ ਤੁਹਾਨੂੰ 2012 'ਚ ਗੁਜਰਾਤ  ਚੋਣ ਰੈਲੀ ਵਿੱਚ ਨਰਿੰਦਰ ਮੋਦੀ ਦੇ ਬੋਲੇ ਸ਼ਬਦ ਯਾਦ ਹੋਣਗੇ, "ਜੇਕਰ ਅਸੀਂ ਪੰਜ ਕਰੋੜ ਗੁਜਰਾਤੀਆਂ ਦਾ ਸਵੈ-ਮਾਨ ਅਤੇ ਮਨੋਬਲ ਵਧਾ ਦੇਈਏ ਤਾਂ ਅਲੀ, ਪਲੀ ਅਤੇ ਜਮਾਲੀ ਦੀਆ ਯੋਜਨਾਵਾਂ ਕੁਝ ਵੀ ਨੁਕਸਾਨ ਨਹੀਂ ਪਹੁੰਚਾ ਸਕਦੀਆਂ। ਕੌਣ ਹਨ ਇਹ ਅਲੀ, ਮਲੀ, ਜਮਾਲੀ ਜਿਹੜੇ ਯੋਜਨਾਵਾਂ ਬਨਾਉਣ ਲਈ ਮਜ਼ਬੂਰ ਕਰ ਦਿੱਤੇ ਗਏ ਹਨ ਅਤੇ ਇਹ ਯੋਜਨਾਵਾਂ ਕਿਹੜੀਆਂ ਹਨ?

ਤਿੱਖੇ ਸ਼ਬਦੀ ਬਾਣ ਦੇਸ਼ ਲਈ ਨੁਕਸਾਨਦੇਹ ਹਨ, ਇਹ ਜਾਣਦਿਆਂ ਹੋਇਆਂ ਵੀ ਦੇਸ਼ ਦੇ ਗ੍ਰਹਿ ਮੰਤਰੀ ਬਿਆਨ ਦਿੰਦੇ ਹਨ, ਅਪ੍ਰੈਲ 2019 ਨੂੰ,  "ਅਸੀਂ ਪੂਰੇ ਦੇਸ਼ ਵਿੱਚ ਐਨ.ਆਰ.ਸੀ. ਲਾਗੂ ਕਰਨਾ ਲਾਜ਼ਮੀ ਬਣਾਵਾਂਗੇ। ਬੋਧੀ, ਹਿੰਦੂ, ਸਿੱਖਾਂ ਨੂੰ ਛੱਡਕੇ ਅਸੀਂ ਦੇਸ਼ ਦੇ ਹਰ ਇੱਕ ਘੁਸਪੈਂਠੀਏ ਨੂੰ ਬਾਹਰ ਕਰ ਦਿਆਂਗੇ। ਜਿਹੜੇ ਦੇਸ਼ ਦੇ ਅਨਾਜ਼ ਨੂੰ ਦੀਮਕ ਵਾਂਗਰ ਖਾ ਰਹੇ  ਹਨ, ਜੋ ਗਰੀਬਾਂ ਦੇ ਢਿੱਡ 'ਚ ਪੈਣਾ ਚਾਹੀਦਾ ਹੈ"। ਬੁਲਡੋਜ਼ਰ ਬਾਬਾ ਯੂਪੀ ਮੁੱਖ ਮੰਤਰੀ ਅਦਿੱਤਿਆਨਾਥ ਵੀ ਬਿਆਨਬਾਜੀ ਅਤੇ ਕਾਰਵਾਈ 'ਚ ਕਿਸੇ ਤੋਂ ਪਿੱਛੇ ਨਹੀਂ, "ਮੁਕਾਬਲਾ ਬਹੁਤ ਅੱਗੇ ਵੱਧ ਚੁੱਕਾ ਹੈ। ਲੜਾਈ ਹੁਣ 80 ਬਨਾਮ 20 ਦੀ ਹੈ। ਸਿੱਧਾ ਅਰਥ ਇਹ ਹੈ ਕਿ 20 ਫ਼ੀਸਦੀ ਦੁਸ਼ਮਣ ਹਨ।

ਨਫ਼ਰਤੀ ਬੀਜ ਇਸ ਸਬੰਧ 'ਚ ਇਹੋ ਜਿਹੇ ਬੀਜੇ ਜਾ ਚੁੱਕੇ ਹਨ ਕਿ ਦੇਸ਼ ਦੀ ਹਾਕਮ ਧਿਰ ਭਾਜਪਾ ਦੀ ਨੁਮਾਇੰਦੀ ਕਰਨ ਵਾਲੇ ਤਿੰਨ ਸੌ ਪਝੱਤਰ(375) ਸਾਂਸਦਾਂ ਵਿਚੋਂ ਕੋਈ ਵੀ ਇਸ ਮਹੀਨੇ ਦੇ ਅੰਤ ਤੱਕ ਮੁਸਲਿਮ ਨਹੀਂ ਹੈ। ਉੱਤਰ ਪ੍ਰਦੇਸ਼ ਦੀਆਂ 430 ਅਤੇ ਗੁਜਰਾਤ ਦੀਆਂ 182 ਸੀਟਾਂ ਵਾਲੀ ਵਿਧਾਨ ਸਭਾ ਵਿੱਚ ਇੱਕ ਵੀ ਮੁਸਲਿਮ ਉਮੀਦਵਾਰ ਨੂੰ ਚੋਣਾਂ 'ਚ ਨਹੀਂ ਉਤਾਰਿਆ ਗਿਆ। ਦੇਸ਼ 'ਚ ਗਿਆਰਾਂ ਰਾਜਾਂ 'ਚ ਭਾਜਪਾ ਮੁੱਖ ਮੰਤਰੀ ਹਨ, ਪਰ ਇਥੇ ਇਹਨਾ ਰਾਜਾਂ 'ਚ ਸਿਰਫ਼ ਇੱਕ ਮੁਸਲਿਮ ਮੰਤਰੀ ਹੈ।

ਹਾਲਾਤ  ਜਦੋਂ ਇਹੋ ਜਿਹੇ ਬਣਾ ਦਿੱਤੇ ਜਾਣ ਕਿ ਨਫ਼ਰਤ ਦੀਆਂ ਕੰਧਾਂ ਉਸਰ ਜਾਣ। ਕੁਝ ਲੋਕਾਂ ਨੂੰ ਇਸ ਫ਼ਿਰਕੂ ਫਿਤਰਤੀ ਮਾਹੌਲ 'ਚ ਸਾਹ ਲੈਣਾ ਵੀ ਔਖਾ ਹੋ ਜਾਏ ਤਾਂ ਫਿਰ ਦੇਸ਼ ਦੁਨੀਆ ਦੇ ਸੂਝਵਾਨ ਲੋਕਾਂ ਦੀ ਦ੍ਰਿਸ਼ਟੀ 'ਚ ਭੈੜਾ ਅਕਸ ਤਾਂ ਬਣਾਏਗੀ ਹੀ ਅਤੇ ਦੇਸ਼ ਆਪਣੇ ਆਪ ਵਿੱਚ ਦੁਨੀਆ ਦਾ ਬਿਹਤਰੀਨ ਲੋਕਤੰਤਰ  ਹੋਣ ਦਾ ਦਾਅਵਾ ਖੁਹਾ ਹੀ ਬੈਠੇਗਾ। ਧਰਮ ਨਿਰਪੱਖ ਦੇਸ਼ ਹੋਣ ਦਾ ਨਾਮਣਾ ਖੱਟਣ ਵਾਲਾ ਭਾਰਤ, ਪਿਛਲੇ ਸਮੇਂ 'ਚ ਨਿਵਾਣਾ ਵੱਲ ਜਾ ਰਿਹਾ ਹੈ। ਮਨੁੱਖੀ ਅਧਿਕਾਰਾਂ 'ਚ ਇਸ ਦਾ ਨਾਂ ਨੀਵਾਂ ਹੋ ਰਿਹਾ ਹੈ। ਦੇਸ਼ 'ਚ ਗਰੀਬਾਂ ਦੀ ਗਿਣਤੀ ਵੱਧ ਰਹੀ ਹੈ। ਸਾਧਨਾ ਦੀ ਕਮੀ ਹੋ ਰਹੀ ਹੈ। ਇਹੋ ਜਿਹੀ ਸਥਿਤੀ ਉਸ ਦੇਸ਼ ਲਈ ਸੁਖਾਵੀਂ ਕਿਵੇਂ ਰਹੇਗੀ, ਜਿਹੜਾ ਜਗਤ ਗੁਰੂ ਬਣਨ ਦਾ ਸੁਪਨਾ ਮਨ ਵਿੱਚ ਪਾਲੀ ਬੈਠਾ ਹੈ।

ਹਾਕਮ ਧਿਰ ਵਲੋਂ ਸ਼ਬਦੀ ਸੰਦਾਂ ਦੀ ਵਰਤੋਂ ਕਰਦਿਆਂ ਕਿਸਾਨ ਅੰਦੋਲਨ ਸਮੇਂ ਅੰਦੋਲਨਕਾਰੀਆਂ ਨੂੰ ਪ੍ਰਜੀਵੀ ਆਖਿਆ ਗਿਆ। ਖਾਲਿਸਤਾਨੀਆਂ ਆਖਿਆ ਗਿਆ। ਭਾਜਪਾ ਨੇਤਾਵਾਂ ਵਲੋਂ ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਤਾਲਿਬਾਨ, ਅਪਰਾਧੀ ਤੱਕ ਗਰਦਾਨਿਆਂ ਗਿਆ।

ਅੰਗਰੇਜ਼ੀ ਦੀ ਬਹੁ-ਚਰਚਿਤ ਅਖ਼ਬਾਰ "ਦੀ ਵਾਇਰ" ਨੇ ਬੁਲਡੋਜ਼ਰ  ਬਾਬਾ ਮੁੱਖ ਮੰਤਰੀ ਅਦਿਤਿਆਨਾਥ ਦੇ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਦਿੱਤੇ 34 ਬਿਆਨਾਂ ਦੀ ਸਮੀਖਿਆ ਕੀਤੀ। ਸਾਰੇ ਦੇ ਸਾਰੇ ਬਿਆਨ ਮੁਸਲਿਮ ਵਿਰੋਧੀ ਸਨ। ਨਫ਼ਰਤੀ ਅੱਗ ਫੈਲਾਉਣ ਵਾਲਾ ਯੂਪੀ ਵਿਧਾਇਕ ਮਾਇਨਕੇਸ਼ਵਰ ਸਿੰਘ ਦਾ ਬਿਆਨ ਪੜੋ," ਜੇਕਰ ਹਿੰਦੂ ਉਠ ਪਏ, ਅਸੀਂ ਉਹਨਾ ਦੀਆਂ ਦਾੜ੍ਹੀਆਂ, ਪੁੱਟ ਦੇਵਾਂਗੇ ਅਤੇ ਉਤੇ ਚੋਟੀਆਂ ਬਣਾ ਦਿਆਂਗੇ।"

ਬਿਨ੍ਹਾਂ ਸ਼ੱਕ ਭਾਰਤ ਵਿੱਚ ਫ਼ਿਰਕੂ ਨਫ਼ਰਤ ਨਵੀਂ ਨਹੀਂ ਹੈ। ਪਰ ਭਾਰਤੀ ਲੋਕਤੰਤਰ ਵਿੱਚ ਮੌਜੂਦਾ ਸਮੇਂ 'ਚ, ਜੋ ਨਿਘਾਰ ਵੇਖਣ ਨੂੰ ਮਿਲ ਰਿਹਾ ਹੈ, ਉਹ ਵੱਖਰਾ ਹੈ। ਪਰ ਪੁਰਾਣੇ ਸਮੇਂ ਨੂੰ ਯਾਦ ਕਰਕੇ, ਨਫ਼ਰਤੀ ਅੱਗ ਫੈਲਾਉਣਾ ਕਿਸੇ ਵੀ ਤਰ੍ਹਾਂ ਜਾਇਜ਼ ਕਿਵੇਂ ਮੰਨਿਆ ਜਾ ਸਕਦਾ ਹੈ? ਮਸਜਿਦਾਂ ਥੱਲੇ ਮੰਦਰਾਂ ਨੂੰ ਲੱਭਣਾ, ਇਤਿਹਾਸਕ ਯਾਦਗਾਰਾਂ ਦੀ ਉਸਾਰੀ ਤੇ ਪ੍ਰਸ਼ਨ ਚਿੰਨ ਲਗਾਉਣੇ, ਸ਼ਹਿਰਾਂ, ਗਿਰਾਵਾਂ ਦੇ ਨਾਮ ਬਦਲਣੇ ਲੋਕਤੰਤਰਿਕ  ਧਰਮ ਨਿਰਪੱਖ ਦੇਸ਼ ਵਲੋਂ ਅਪਨਾਏ ਸੰਵਿਧਾਨ ਦੇ ਮੂਲ ਤੱਤਾਂ ਦੀ ਉਲੰਘਣਾ ਦੇ ਤੁੱਲ ਹੈ। ਇਸ ਕਿਸਮ ਦਾ ਵਰਤਾਰਾ ਦੇਸ਼ ਵਿੱਚ ਹਫ਼ੜਾ-ਤਫੜੀ ਦਾ ਮਾਹੌਲ ਪੈਦਾ ਕਰੇਗਾ।

ਅਸਲ 'ਚ ਦੇਸ਼ ਦਾ ਹਾਕਮ ਦੇਸ਼ ਦੇ ਆਮ ਲੋਕਾਂ ਦੀਆਂ ਮੁਢਲੀਆਂ ਲੋੜਾਂ, ਸਮੱਸਿਆਵਾਂ ਤੋਂ ਆਮ ਲੋਕਾਂ ਦਾ ਧਿਆਨ ਪਾਸੇ ਹਟਾਕੇ, ਫ਼ਿਰਕੂ ਵੰਡ ਨਾਲ ਫ਼ਿਰਕੂ ਤੇੜਾਂ ਪਾਉਂਦਾ ਹੈ ਅਤੇ ਆਪਣੀ ਗੱਦੀ ਪੱਕੀ ਕਰਨ ਦਾ ਰਸਤਾ ਪੱਧਰਾ ਕਰਦਾ ਹੈ। ਕਾਂਗਰਸ ਨੇ ਵੀ ਆਪਣੇ ਰਾਜ -ਭਾਗ 'ਚ ਇਹੋ ਕੀਤਾ ਅਤੇ ਅੱਜ ਭਾਜਪਾ ਨੇ ਤਾਂ ਪਿਛਲੇ 8 ਸਾਲ ਦੇ ਰਾਜ-ਕਾਲ 'ਚ ਇਸ ਵਿਰਤੀ ਨੂੰ ਖੁਲ੍ਹੇ ਆਮ ਹਵਾ ਦਿੱਤੀ ਹੈ ਅਤੇ ਆਪਣੇ ਪੱਖ 'ਚ ਵਰਤਿਆ ਹੈ।

ਭਾਰਤ ਦੀਆਂ ਲਗਭਗ ਸਾਰੀਆਂ ਅੰਗਰੇਜ਼ੀ ਅਖ਼ਬਾਰਾਂ ਜਿਹਨਾ ਵਿੱਚ 'ਦੀ ਟੈਲੀਗ੍ਰਾਫ', 'ਦੀ ਇੰਡੀਆ ਐਕਸਪ੍ਰੇਸ', 'ਦੀ ਹਿੰਦੂ ਟਾਈਮਜ਼ ਆਫ ਇੰਡੀਆ', 'ਦੀ ਟੈਕਨ ਹੈਰਾਲਡ', 'ਦੀ ਵਾਇਰ', 'ਦੀ ਟ੍ਰਿਬੀਊਨ' ਆਦਿ ਸ਼ਾਮਲ ਹਨ, ਨੇ ਭਾਰਤ 'ਚ ਮਨੁੱਖੀ ਅਧਿਕਾਰਾਂ ਦੇ ਹਨਨ ਸਬੰਧੀ ਇਹਨਾ ਦਿਨਾਂ 'ਚ ਸੰਪਾਦਕੀ ਛਾਪੇ ਹਨ ਅਤੇ ਫ਼ਿਰਕੂ ਨਫ਼ਰਤ ਸ਼ਬਦੀ ਹਮਲਿਆਂ ਦਾ ਵਰਨਣ ਕਰਦਿਆਂ ਇਸਨੂੰ ਮੰਦਭਾਗਾ ਕਰਾਰ ਦਿੱਤਾ ਹੈ। ਉਹਨਾ ਨੇ ਇਸ ਗੱਲ ਤੇ ਵੀ ਚਿੰਤਾ ਕੀਤੀ ਹੈ ਕਿ ਮੌਜੂਦਾ ਸਰਕਾਰ ਉਹਨਾ ਲੋਕਾਂ ਨੂੰ ਸਿਆਸੀ ਸ਼ਹਿ ਦੇ ਰਹੀ ਹੈ, ਜਿਹੜੇ ਨਫ਼ਰਤੀ ਫ਼ਿਰਕੂ ਪਾੜਾ ਵਧਾ ਰਹੇ ਹਨ।

ਭਾਰਤੀ ਸੰਸਕ੍ਰਿਤੀ ਦੀ ਪਛਾਣ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿੱਚ ਭਾਜਪਾ ਦੀ ਵਿਦਿਆਰਥੀ ਜੱਥੇਬੰਦੀ ਏ.ਬੀ.ਵੀ.ਪੀ. ਵਲੋਂ ਹਿੰਦੂ ਤਿਉਹਾਰ ਰਾਮ ਨੌਮੀ ਦੇ ਮੌਕੇ ਹੋਸਟਲ ਵਿੱਚ ਗੈਰ-ਸ਼ਾਕਾਹਾਰੀ ਭੋਜਨ ਪਕਾਉਣ ਵਿਰੁੱਧ ਰੋਸ ਕੀਤਾ ਅਤੇ ਫਿਰ ਪੁਲਿਸ ਦੇ ਇਸ ਸਬੰਧੀ ਦਖ਼ਲ ਨੇ ਤਾਂ ਕਈ ਸਵਾਲ ਖੜੇ ਕਰ ਦਿੱਤੇ ਹਨ। ਇਹੋ ਜਿਹੀਆਂ ਸਿੱਖਿਆ ਸੰਸਥਾਵਾਂ ਵਿੱਚ ਫ਼ਿਰਕੂ, ਸੰਪਰਦਾਇਕ ਵੰਡ ਦਾ ਪ੍ਰਚਾਰ ਬਹੁਤ ਹੀ ਦੁੱਖਦਾਈ ਹੈ।

-ਗੁਰਮੀਤ ਸਿੰਘ ਪਲਾਹੀ

-9815802070

ਪੰਜਾਬੀ ਗਾਇਕੀ, ਉੱਠਦੇ ਸਵਾਲ - ਗੁਰਮੀਤ ਸਿੰਘ ਪਲਾਹੀ

ਪੰਜਾਬੀ ਦੇ ਗੀਤਕਾਰਾਂ, ਗਾਇਕਾਂ ਨੇ ਦੁਨੀਆ ਭਰ ‘ਚ ਆਪਣੀ ਪੈਂਠ ਬਣਾਈ ਹੈ। ਚੰਗੇ ਗੀਤਕਾਰਾਂ ਨੇ ਮਾਨਸਿਕ ਸਕੂਨ ਦੇਣ ਵਾਲੇ ਗੀਤ ਲਿਖਕੇ ਪੰਜਾਬੀ ਸਭਿਆਚਾਰ, ਪੰਜਾਬੀ ਬੋਲੀ ਦੀ ਅਮੀਰੀ ‘ਚ ਵਿਸ਼ਾਲ ਵਾਧਾ ਕੀਤਾ ਹੈ। ਗੀਤਕਾਰਾਂ, ਗਾਇਕਾਂ ਦੀ ਜੁਗਲਬੰਦੀ ਪਿਛਲੇ ਦਹਾਕਿਆਂ ‘ਚ, ਸਮੇਂ ਦੀ ਤੋਰ ਨਾਲ ਤੁਰਦੀ, ਨਵੇਂ ਦਿਸਹੱਦੇ ਸਿਰਜਦੀ ਰਹੀ ਹੈ।
ਮਰਦ,ਔਰਤ ਗਾਇਕਾਂ ਜਿੱਥੇ ਪੰਜਾਬੀ ਦੇ ਲੋਕ ਗੀਤ ਗਾਏ, ਉੱਥੇ ਲੋਕ ਗੀਤਾਂ ਵਰਗੇ ਲਿਖੇ ਗੀਤਾਂ ਨੂੰ ਵੀ ਗਾਇਕਾਂ ਨੇ ਲੋਕ-ਕਚਿਹਰੀ ‘ਚ ਪੇਸ਼ ਕੀਤਾ ਹੈ, ਸਿੱਟੇ ਵਜੋਂ ਗਾਇਕੀ ’ਚ ਸੂਫ਼ੀ ਰੰਗ ਵੇਖਣ ਨੂੰ ਮਿਲਿਆ। ਗ਼ਜ਼ਲ ਗਾਇਕੀ ਨੇ ਵੀ ਆਪਣਾ ਥਾਂ ਪੰਜਾਬੀ ਪਿਆਰਿਆਂ ‘ਚ ਬਣਾਈ ਅਤੇ ਸਾਫ਼-ਸੁਥਰੀ ਗਾਇਕੀ ਨਾਲ ਦੇਸ਼-ਪ੍ਰਦੇਸ਼ ‘ਚ ਚੰਗੀ ਭੱਲ ਖੱਟੀ। ਹੰਸ ਰਾਜ ਹੰਸ, ਗੁਰਦਾਸ ਮਾਨ, ਹਰਭਜਨ ਮਾਨ, ਕੰਵਰ ਗਰੇਵਾਲ, ਸਤਿੰਦਰ ਸਰਤਾਜ, ਮਲਕੀਤ ਸਿੰਘ, ਕੁਲਦੀਪ ਮਾਣਕ, ਸੁਰਿੰਦਰ ਕੌਰ, ਸੁਰਜੀਤ ਬਿੰਦਰੱਖੀਆ, ਜਮਲਾ ਜੱਟ, ਦਲੇਰ ਮਹਿੰਦੀ, ਸੁਰਿੰਦਰ ਸ਼ਿੰਦਾ, ਜਗਮੋਹਨ ਕੌਰ, ਸਤਵਿੰਦਰ ਬਿੱਟੀ, ਦਲਜੀਤ ਦੋਸਾਂਝ, ਡਾ.ਬਰਜਿੰਦਰ ਸਿੰਘ ਹਮਦਰਦ, ਐਮੀ ਵਿਰਕ, ਨੂਰਾਂ ਭੈਣਾਂ ਆਦਿ ਨੇ ਗਾਇਕੀ ਦੇ ਖੇਤਰ ਵਿੱਚ ਵੱਡੀਆਂ ਮੱਲਾਂ ਮਾਰੀਆਂ ਹਨ ਪਰ ਇਸਦੇ ਨਾਲ-ਨਾਲ ਕੁਝ ਗੀਤਕਾਰਾਂ-ਗਾਇਕਾਂ ਨੇ ਪੰਜਾਬ ਦੀ ਜੁਆਨੀ ਨੂੰ ਕੁਰਾਹੇ ਪਾਉਣ ਵਾਲੇ ਗੀਤ ਲਿਖੇ ਅਤੇ ਪੰਜਾਬੀ ਸੱਭਿਆਚਾਰ ਦੀ ਇੱਕ ਬੇਢੰਗੀ ਦਿੱਖ ਵਿਸ਼ਵ ਸਾਹਮਣੇ ਪੇਸ਼ ਕੀਤੀ।
ਲੱਚਰਤਾ ਅਤੇ ਹਿੰਸਾ ਨੂੰ ਉਤਸ਼ਾਹਿਤ ਕਰਨ ਵਾਲੇ ਗੀਤਾਂ ਨੇ ਪੰਜਾਬੀ ਨੌਜਵਾਨਾਂ ਚ ਇੱਕ ਵਿਸ਼ੇਸ਼ ਕਿਸਮ ਦਾ ਰੰਗ ਭਰਿਆ,ਜੋ ਬੇਰੰਗਾ ਹੋ ਨਿਬੜਿਆ। ਹਥਿਆਰ ਅਤੇ ਘਟੀਆ ਕਿਸਮ ਦੀ ਗਾਇਕੀ ਨੇ ਗੈਂਗਸਟਰਾਂ ਨੂੰ ਉਤਸ਼ਾਹਿਤ ਕੀਤਾ। ਪੰਜਾਬੀ ਵਿਰਸੇ ਅਤੇ ਸਭਿਆਚਾਰ ਦਾ ਘਾਣ ਕੀਤਾ। ਨਸ਼ਿਆਂ ਵੱਲ ਜਾਣ ਲਈ ਨੌਜਵਾਨਾਂ ਨੂੰ ਪ੍ਰੇਰਿਤ ਕੀਤਾ।  ਕੁਝ ਹੱਥੀਂ ਨਾ ਕਰਕੇ ਮੁਫ਼ਤ ਦੀ ਕਮਾਈ ਲੁੱਟ-ਖਸੁੱਟ ਨੂੰ ਪ੍ਰਮੋਟ ਕੀਤਾ ਅਤੇ ਪੰਜਾਬੀ ਕਦਰਾਂ-ਕੀਮਤਾਂ ਉੱਤੇ ਡੂੰਘੀ ਸੱਟ ਮਾਰੀ। ਨਿੱਘਰੀ ਸੋਚ, ਇਸ ਕਿਸਮ ਦੀ ਗਾਇਕੀ,ਅਸੱਭਿਅਕ ਗੀਤਾਂ ਨੂੰ ਲਿਖਣ-ਗਾਉਣ ਚ ਮਾਣ ਮਹਿਸੂਸ ਕਰਦੀ ਹੈ, ਜਿਸ ਪ੍ਰਤੀ ਪੰਜਾਬੀ ਚਿੰਤਕ, ਪੰਜਾਬੀ ਨੂੰ ਪਿਆਰ ਕਰਨ ਵਾਲੇ ਲੋਕ ਡੂੰਘੀ ਚਿੰਤਾ 'ਚ ਹਨ।
 ਘਟੀਆ ਕਿਸਮ ਦੀ ਇਸ ਗਾਇਕੀ ਨੇ ਚਾਰ ਪੈਸਿਆਂ ਦੀ ਖ਼ਾਤਰ ਪੰਜਾਬੀਆਂ ਦੇ ਮੱਥੇ ਉੱਤੇ ਉਹੋ ਜਿਹਾ ਕਲੰਕ ਲਗਾਇਆ ਹੋਇਆ ਹੈ,ਜਿਹੋ ਜਿਹਾ ਕਲੰਕ ਪੰਜਾਬੀਆਂ ਦੇ  ਮੱਥੇ ਉਤੇ “ ਧੀਆਂ ਨੂੰ ਕੁੱਖਾਂ ‘ਚ ਮਾਰਨ" ਕਾਰਨ ਲੱਗਿਆ ਅਤੇ ਫਿਰ ਨਸ਼ਿਆਂ ਅਤੇ ਚਿੱਟੇ ਦੀ ਵਰਤੋਂ ਕਾਰਨ ਪੰਜਾਬ ਦੇ ਮੱਥੇ ਉਤੇ ਕਲੰਕ ਲੱਗ ਗਿਆ ਜਾਂ ਲਗਾ ਦਿੱਤਾ ਗਿਆ। ਇਸ ਕਿਸਮ ਦੀ ਗਾਇਕੀ ਤੋਂ ਪੰਜਾਬ ਦੇ ਹਰ ਵਰਗ ਦੇ ਲੋਕ ਔਖੇ ਹਨ। ਸ਼ਰਮਿੰਦਗੀ ਮਹਿਸੂਸ ਕਰਦੇ ਹਨ। ਜਿਵੇਂ ਇੰਟਰਨੈਟ ਅਤੇ ਮੋਬਾਇਲ ਨੇ ਮਨੁੱਖ ਦਾ ਦਿਮਾਗ ਮੌਜੂਦਾ ਸਮੇਂ ‘ਚ  ਗ੍ਰਸਿਆ ਹੋਇਆ ਹੈ, ਪੰਜਾਬ ਦੇ ਬਹੁ ਗਿਣਤੀ ਨੌਜਵਾਨ ਹਿੰਸਾ ਗੀਤਾਂ, ਲੱਚਰ ਗੀਤਾਂ ਦੀ ਮਾਰ ਹੇਠ ਆਏ ਦਿਸਦੇ ਹਨ, ਜੋ ਕਿ ਪੰਜਾਬ ਦੇ ਭਵਿੱਖ ਲਈ ਚੰਗਾ ਸ਼ਗਨ ਨਹੀਂ ਹੈ।
ਪੰਜਾਬ ਦੀ ਉਹ ਰੰਗਲੀ ਧਰਤੀ, ਜਿਥੇ ਧਾਰਮਿਕ ਗ੍ਰੰਥ ਲਿਖੇ ਗਏ, ਜਿਥੇ ਸੂਫ਼ੀ ਸਾਹਿੱਤ ਦਾ ਨਿਵੇਕਲਾ ਰੰਗ ਵਿਖਰਿਆ, ਜਿਥੇ ਪ੍ਰੋ. ਪੂਰਨ ਸਿੰਘ, ਭਾਈ ਵੀਰ ਸਿੰਘ, ਸ਼ਿਵ ਕੁਮਾਰ ਬਟਾਲਵੀ, ਪਾਸ਼, ਲਾਲ ਸਿੰਘ ਦਿਲ ਦੀ ਕਵਿਤਾ ਨੂੰ ਪੰਜਾਬੀਆਂ ਆਪਣੇ ਹਿਰਦੇ ‘ਚ ਵਸਾਇਆ, ਉਥੇ ਨਸ਼ਿਆਂ, ਹਥਿਆਰਾਂ, ਰਿਸ਼ਤਿਆਂ ਨੂੰ ਗਲਤ ਢੰਗ ਨਾਲ ਪੇਸ਼ ਕਰਨ ਨੂੰ ਕੀ ਜਾਇਜ਼ ਠਹਿਰਾਇਆ ਜਾ ਸਕਦਾ ਹੈ? ਸਾਡੇ ਸਾਂਝੇ ਪਰਿਵਾਰ , ਸਾਡਾ ਸਾਫ਼- ਸੁਥਰਾ ਮਨਮੋਹਣਾ ਸਭਿਆਚਾਰ , ਸਾਡੀ ਮਾਖਿਉਂ ਮਿੱਠੀ ਬੋਲੀ ਪੰਜਾਬੀ, ਸਾਡਾ ਅਮੀਰ ਵਿਰਸਾ ਹੈ। ਇਸ ‘ਚ ਗੰਦ ਮੰਦ ਦੀ ਕੋਈ ਥਾਂ ਨਹੀਂ। ਇਥੇ ਹਿੰਸਕ ਕਾਰਵਾਈਆਂ ਤੇ ਲੱਚਰਪੁਣੇ ਨੂੰ ਕਿਸੇ ਹਾਲਾਤ ਵਿੱਚ ਵੀ ਪ੍ਰਵਾਨ ਨਹੀਂ ਕੀਤਾ ਜਾ ਸਕਦਾ।
      ਪਰ ਅੱਜ ਜਦੋਂ ਸੋਸ਼ਲ ਮੀਡੀਆ ਦਾ ਯੁੱਗ ਹੈ, ਹਰ ਕੋਈ ਆਪੋ-ਆਪਣੇ ਢੰਗ ਨਾਲ ਇਸ ਨੂੰ ਵਰਤ ਰਿਹਾ ਹੈ। ਚੰਗੇ-ਮਾੜੇ ਗੀਤਾਂ ਦੀ ਵੀ ਇਸ 'ਚ ਭਰਮਾਰ ਹੋ ਰਹੀ ਹੈ। ਚਿੰਤਾ ਵਾਲੀ ਗੱਲ ਇਹ ਹੈ ਕਿ ਕੁਝ ਖੱਬੀ ਖਾਨ "ਗਾਇਕ" ਪੰਜਾਬ ਦੇ ਨੌਜਵਾਨ ਲਈ ਵਿਗਾੜ ਦਾ ਕਾਰਨ  ਬਣ ਰਹੇ ਹਨ। ਬਰਛੀਆਂ, ਬੰਦੂਕਾਂ, ਹਥਿਆਰਾਂ ਵਾਲੇ ਹੋਛੇ ਗੀਤ ਅਤੇ ਲੱਚਰ ਗਾਇਕੀ ਨੇ ਕਈ ਹਾਲਾਤਾਂ 'ਚ ਨੌਜਵਾਨਾਂ ਨੂੰ ਗੁੰਮਰਾਹ ਕਰਨ 'ਚ ਕੋਈ ਕਸਰ ਨਹੀਂ ਛੱਡੀ। ਇਹ ਅਸਲ ਮਾਅਨਿਆਂ 'ਚ ਪੰਜਾਬ ਦਾ ਵੱਡਾ ਦੁਖਾਂਤ ਹੋ ਨਿਬੜਿਆ ਹੈ।
ਪ੍ਰਸਿੱਧ ਪੰਜਾਬੀ ਲੇਖਕ, ਗੀਤਕਾਰ ਆਮ ਤੌਰ 'ਤੇ ਸੁਚੱਜੇ ਗਾਇਕਾਂ ਦੇ ਪੱਥ ਪ੍ਰਦਰਸ਼ਕ ਰਹੇ। ਨੂਰਪੁਰੀ ਦੇ ਲਿਖੇ ਗੀਤ ਹਰ ਪੰਜਾਬੀ ਦੀ ਜੁਬਾਨ ਉਤੇ ਹਨ। ਬੁਲ੍ਹੇ ਸ਼ਾਹ ਦੀਆਂ ਕਾਫ਼ੀਆਂ ਗਾਉਣ ਵਾਲੇ ਗਾਇਕਾਂ, ਗਾਇਕਾਵਾਂ ਨੇ ਪੀਰਾਂ, ਫ਼ਕੀਰਾਂ ਦੇ ਸਲਾਨਾ ਮੇਲਿਆ, ਉਰਸਾਂ 'ਚ ਝੰਡਾ ਗੱਡੀ ਰੱਖਿਆ ਹੈ। ਗੀਤਕਾਰਾਂ ਵਲੋਂ ਚੰਗੇ ਗੀਤ ਲਿਖਣੇ ਅਤੇ ਗਾਇਕਾਂ ਵਲੋਂ ਗਾਉਣੇ ਪੰਜਾਬੀ ਸਭਿਆਚਾਰ ਦੀ ਪਰੰਪਰਾ ਰਹੀ ਹੈ।
ਪਰ ਅੱਜ ਪੰਜਾਬੀ ਗੀਤਕਾਰੀ 'ਚ ਆਕਾਵਿਕਤਾ ਹੈ। ਲੱਚਰਤਾ ਵੱਧ ਰਹੀ ਹੈ। ਇਹ ਗੀਤਕਾਰ, ਗਾਇਕ ਸਾਡੀ ਸਿਰਜਨਾਤਮਿਕ ਜੀਵਨ-ਸ਼ੈਲੀ ਵਿੱਚ ਜ਼ਹਿਰ ਘੋਲ ਰਹੇ ਹਨ। ਇਸ ਨਾਲ ਸਾਡੀ ਪੰਜਾਬੀਆਂ ਦੀ ਸੋਚ ਵਿੱਚ ਪਸ਼ੂ ਰਸ ਵੱਧ ਰਿਹਾ ਹੈ। ਸਾਡੀ ਸੋਚ ਨੂੰ ਡਰੱਮੀ ਸ਼ੋਰ ਨੇ ਹਥਿਆ ਲਿਆ ਹੈ। ਸ਼ੋਰੀਲੇ, ਬੜ੍ਹਕਾਂ ਦੇ ਲਲਕਾਰਿਆਂ ਵਿੱਚ ਨਿੱਜੀ ਅਸਫ਼ਲ ਪਿਆਰ ਦੇ ਰੁਦਨ, ਚੀਕ ਹਾਉਕੇ ਗੁਆਚ ਹੀ ਤਾਂ ਗਏ ਹਨ। ਕਦੇ ਸਮਕਾਲ ਵਿੱਚ ਵਾਪਰਦੇ ਜ਼ੁਲਮ, ਰਿਸ਼ਵਤਖੋਰੀ ਰਾਜਨੀਤਕ ਮਕਾਰੀ, ਮਿਹਨਤਕਸ਼ਾਂ ਦੀ ਹੁੰਦੀ ਬੇਕਦਰੀ ਗੀਤਾਂ, ਕਵਿਤਾਵਾਂ ਦਾ ਵਿਸ਼ਾ ਹੋਇਆ ਕਰਦੇ ਸਨ। ਇਹ ਗੀਤ ਮਨੁੱਖ ਦੀ ਭਾਵਕ-ਇੱਛਾ ਦੀ ਪੂਰਤੀ ਦਾ ਸਾਧਨ ਸਨ। ਇਹ ਗੀਤ ਸੁਨਣ ਵਾਲਿਆਂ ਨੂੰ ਸੁਆਦਲੀ ਉਤੇਜਨਾ ਤੱਕ ਸੀਮਤ ਰੱਖਦੇ ਸਨ। ਅਨੰਦਤ ਕਰਦੇ ਸਨ। ਸੰਤ ਰਾਮ ਉਦਾਸੀ ਦੇ ਗੀਤ ਅਤੇ ਗਾਇਕੀ  ਨੇ ਆਪਣੇ ਸਮਿਆਂ 'ਚ ਲੋਕ ਮਨਾਂ 'ਚ ਚੇਤਨਾ ਪੈਦਾ ਕੀਤੀ। ਲੋਕ ਚੇਤਨਾ 'ਚ ਸਭਿਆਚਾਰਕ ਅਤੇ ਸਮਾਜ ਸੁਧਾਰਨ ਪ੍ਰਵਿਰਤੀਆਂ 'ਚ ਵਾਧਾ ਕੀਤਾ।
ਪਰ ਅਫ਼ਸੋਸ ਕਿ ਅੱਜ ਦੀ ਗਾਇਕੀ ਵਿੱਚ ਕਾਮ ਵਾਸ਼ਨੀ ਉਤੇਜਨਾ ਦੀ ਬਹੁਲਤਾ ਹੈ। ਇਹ ਸਭਿਆਚਾਰਕ ਲੱਚਰਤਾ ਮਾਨਵੀ ਕਦਰਾਂ ਕੀਮਤਾਂ ਵਿੱਚ ਅੱਤ ਦਰਜੇ ਦੀ ਗਿਰਾਵਟ ਦਾ ਕਾਰਨ ਬਣ ਰਹੀ ਹੈ। ਘਰੇਲੂ ਜਿਨਸੀ ਰਿਸ਼ਤੇ ਇਸਦੇ ਪ੍ਰਭਾਵ ਨਾਲ ਤਾਰ-ਤਾਰ ਹੋ ਰਹੇ ਹਨ। ਅੱਜ ਦਾ ਨੌਜਵਾਨ ਇਸ ਵਿਨਾਸ਼ਕਾਰੀ ਪ੍ਰਵਿਰਤੀ ਕਾਰਨ ਮੌਕਾ ਪ੍ਰਸਤੀ, ਨਿਰਾਸ਼ਤਾ ਦੀ ਜਿੱਲਣ 'ਚ ਫਸਦਾ ਜਾ ਰਿਹਾ ਹੈ।ਪੰਜਾਬ ਕਦੇ ਵੀ ਇਹੋ ਜਿਹੀ  ਸਭਿਆਚਾਰਕ ਗਰੀਬੀ ਵਿਚੋਂ ਨਹੀਂ ਗੁਜ਼ਰਿਆ, ਜਿਹੋ ਜਿਹੀ ਸਥਿਤੀ 'ਚੋਂ ਅੱਜ ਲੰਘ ਰਿਹਾ ਹੈ। ਪੁਰਾਣੇ ਸਮਿਆਂ 'ਚ ਲਿਖੇ ਹੀਰ-ਰਾਂਝਾ, ਸੱਸੀ-ਪੁਨੂੰ, ਲੈਲਾ-ਮਜਨੂੰ, ਸ਼ੀਰੀ ਫਰਹਾਦ, ਸੋਹਣੀ-ਮਹੀਵਾਲ ਦੇ ਕਿੱਸੇ ਪੰਜਾਬ ਦੇ ਲੋਕਾਂ ਦਾ ਸਰਮਾਇਆ ਹਨ। ਇਹਨਾ ਕਿੱਸਿਆਂ ਨੂੰ ਲੋਕ-ਮਾਨਤਾ ਹਾਸਲ ਸੀ। ਇਹਨਾ ਕਿੱਸਿਆਂ ਵਿੱਚ ਸਮਕਾਲੀ, ਸਮਾਜਿਕ, ਆਰਥਿਕ ਅਤੇ ਸਭਿਆਚਾਰਕ ਜੀਵਨ-ਮੁੱਲਾਂ ਦਾ ਵੀ ਵਿਸਤਰਿਤ ਵਰਨਣ ਮਿਲਦਾ ਹੈ। ਇਹਨਾ ਕਿੱਸਿਆਂ ਨੂੰ ਪੀੜੀ ਦਰ ਪੀੜੀ  ਗਾਇਕਾਂ ਨੇ ਗਾਇਆ ਤੇ ਲੋਕਾਂ 'ਚ ਚੰਗੀ ਭੱਲ ਖੱਟੀ ।
ਇਹ ਚੰਗੀ ਗੱਲ ਹੈ ਕਿ ਪੰਜਾਬ ਸਰਕਾਰ ਵਲੋਂ ਹਿੰਸਾ ਭੜਕਾਊ ਤੇ ਹਥਿਆਰਾਂ ਨੂੰ ਉਤਸ਼ਾਹਿਤ ਕਰਨ ਵਾਲੇ ਗੀਤਾਂ ਨੂੰ ਰੋਕਣ ਲਈ ਪਹਿਲਕਦਮੀ ਕੀਤੀ ਹੈ। ਸਾਫ਼-ਸੁਥਰੀ ਸੋਚ ਵਾਲੇ ਗਾਇਕਾਂ, ਗੀਤਕਾਰਾਂ, ਫ਼ਿਲਮ ਨਿਰਮਾਤਾਵਾਂ ਅੱਗੇ ਗੰਦੀ ਗਾਇਕੀ ਨੂੰ ਰੋਕਣ ਦਾ ਇੱਕ ਵੱਡਾ ਚੈਲੰਜ ਹੈ। ਇਸ ਸਮੇਂ ਲੋੜ ਉਹਨਾ ਕਲਾਕਾਰਾਂ ਦੀ ਹੈ ਜਿਹੜੇ ਉਸਾਰੂ ਬੌਧਿਕ, ਸਮਾਜਿਕ, ਸਭਿਆਚਾਰਕ ਪਰਿਵਾਰਕ ਗੀਤਾਂ ਨੂੰ ਉਭਾਰਨ। ਬੇਸ਼ਕ ਇਹੋ ਜਿਹੇ ਗਾਇਕਾਂ, ਗੀਤਕਾਰਾਂ ਦੀ ਪੰਜਾਬ 'ਚ ਕੋਈ ਕਮੀ ਨਹੀਂ ਹੈ। ਪੰਜਾਬੀ ਸਾਹਿੱਤ ਵਿੱਚ ਸੂਫ਼ੀ ਸਾਹਿੱਤ, ਪੰਜਾਬੀ ਲੋਕ-ਗੀਤਾਂ ਦਾ ਵੱਡਾ ਖ਼ਜ਼ਾਨਾ ਹੈ, ਜੋ ਗਾਇਆਂ ਮੁਕਣ ਵਾਲਾ ਨਹੀਂ ਹੈ। ਇਸ ਤੱਥ ਤੋਂ ਮੁਨਕਰ ਨਹੀਂ ਹੋਇਆ ਜਾ ਸਕਦਾ ਕਿ ਸੰਜੀਦਾ ਪੰਜਾਬੀ ਗਾਇਕਾਂ ਨੇ ਪੰਜਾਬ ਦੇ ਵਿਰਸੇ ਨੂੰ ਸੰਭਾਲਣ ਅਤੇ ਅਗਲੀਆਂ ਪੀੜ੍ਹੀਆ ਤੱਕ ਪਹੁੰਚਾਉਣ ਲਈ ਸ਼ਲਾਘਾ ਯੋਗ ਉੱਦਮ ਕੀਤਾ ਹੈ। ਇਸ ਵਿੱਚ ਵੀ ਕੋਈ ਸ਼ੱਕ ਨਹੀਂ ਕਿ ਪੰਜਾਬੀ ਬੋਲੀ, ਸਾਹਿੱਤ, ਸਭਿਆਚਾਰ ਨੂੰ ਜੀਊਂਦਿਆਂ ਰੱਖਣ ਲਈ ਦੇਸ਼-ਵਿਦੇਸ਼ ਵਿੱਚ ਉਹਨਾ ਨੇ ਭਰਪੂਰ ਯਤਨ ਕੀਤੇ ਹਨ। ਗਾਇਕਾਂ, ਕਵਿਸ਼ਰਾਂ ਦੇ ਅਖਾੜੇ, ਪੰਜਾਬੀਆਂ ਦੇ ਮਨਾਂ 'ਚ ਖ਼ੁਸ਼ੀ, ਹੁਲਾਸ ਭਰਦੇ  ਰਹੇ ਹਨ। ਪੁਰਾਣੇ ਪੰਜਾਬੀ ਗਾਇਕਾਂ ਨੇ ਮਾਰਸ਼ਲ ਪੰਜਾਬੀ ਕੌਮ ਨੂੰ ਜੀਊਂਦਿਆਂ ਰੱਖਣ ਲਈ ਉਹਨਾ 'ਚ ਅੱਣਖ ਭਰਨ ਵਾਲੇ ਗੀਤ ਗਾਏ। ਢਾਡੀ ਪਰੰਪਰਾ ਦਾ ਵੀ ਪੰਜਾਬ ਦੇ ਇਤਿਹਾਸ ਨੂੰ ਜੀਊਂਦਾ ਰੱਖਣ ਲਈ ਵੱਡਾ ਯੋਗਦਾਨ ਹੈ।
ਪੰਜਾਬੀ ਦੇ ਲੇਖਕਾਂ, ਬੁੱਧੀਜੀਵੀਆਂ ਵਲੋਂ ਲਗਾਤਾਰ ਇਹ ਮੰਗ ਉੱਠ ਰਹੀ ਹੈ ਕਿ ਪੰਜਾਬ ਵਿੱਚ 'ਪੰਜਾਬੀ ਭਾਸ਼ਾ ਕਮਿਸ਼ਨ' ਬਣੇ, ਜਿਹੜੇ ਪੰਜਾਬੀ ਭਾਸ਼ਾ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਕੰਮ ਤਾਂ ਕਰੇ ਹੀ, ਇਸਦੇ ਨਾਲ-ਨਾਲ ਲੇਖਕਾਂ, ਪੱਤਰਕਾਰਾਂ, ਕਲਾਕਾਰਾਂ, ਗਾਇਕਾਂ, ਗੀਤਕਾਰਾਂ ਦੇ ਭਲੇ ਅਤੇ ਉਹਨਾ ਦੇ ਅਧਿਕਾਰਾਂ ਦੀ ਰੱਖਿਆ ਕਰੇ ਅਤੇ ਚੰਗੇ ਸਾਹਿੱਤ ਦੀ ਸਿਰਜਨਾ ਲਈ ਪੰਜਾਬ 'ਚ ਚੰਗਾ ਮਾਹੌਲ ਸਿਰਜੇ।
-ਗੁਰਮੀਤ ਸਿੰਘ ਪਲਾਹੀ
-9815802070